ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ ਹਮਲੇ ਤੇਜ਼ ਕਰ ਦਿੱਤੇ ਹਨ। 'ਆਪ' ਨੇ ਬੁੱਧਵਾਰ ਨੂੰ ਕੈਪਟਨ ਉੱਤੇ ਹਮਲਾ ਬੋਲਦਿਆਂ ਕਿਹਾ ਕਿ ਉਹ ਭ੍ਰਿਸ਼ਟਾਚਾਰ ਦੇ ਇਲਜ਼ਾਮ ਵਿੱਚ ਘਿਰੇ ਮੰਤਰੀ ਨੂੰ ਬਚਾਉਣ ਲਈ ਹੇਠਲੇ ਪੱਧਰ ਉੱਤੇ ਜਾ ਕੇ ਪੰਜਾਬੀਆਂ ਨਾਲ ਧੋਖਾ ਕਰ ਰਹੇ ਹਨ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਸਹਿ ਪ੍ਰਧਾਨ ਅਮਨ ਅਰੋੜਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂਕੇ, ਵਿਧਾਇਕ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਜਗਤਾਰ ਸਿੰਘ ਹਿੱਸੋਵਾਲ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਆਮ ਲੋਕਾਂ ਦੇ ਦਬਾਅ ਤੇ 'ਆਪ' ਦੀ ਭ੍ਰਿਸ਼ਟਾਚਾਰ ਵਿਰੋਧੀ ਜੰਗ ਕਾਰਨ ਹੀ ਮੰਤਰੀ ਰਾਣਾ ਗੁਰਜੀਤ ਦਾ ਅਸਤੀਫ਼ਾ ਆਇਆ ਹੈ।
ਮਾਨ ਨੇ ਕੈਪਟਨ ਅਮਰਿੰਦਰ ਤੋਂ ਪੁੱਛਿਆ ਕਿ ਉਹ ਉਸ ਗੱਲ ਦੀ ਸਫ਼ਾਈ ਦੇਣ ਕੀ ਉਨ੍ਹਾਂ ਨੂੰ ਅਜਿਹਾ ਕਿਹੜਾ ਦਬਾਅ ਰਾਣਾ ਗੁਰਜੀਤ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਰੋਕ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਲੋਕਾਂ ਨੂੰ ਦੱਸਣ ਕਿ ਖ਼ੁਦ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਆਪਣਾ ਅਸਤੀਫ਼ਾ ਦੇਣ ਮਗਰੋਂ ਵੀ ਉਹ ਅਜਿਹੇ ਮੰਤਰੀ ਨੂੰ ਕਿਉਂ ਬਚਾਉਣਾ ਚਾਹੁੰਦੇ ਹਨ। ਮਾਨ ਨੇ ਕਿਹਾ ਕਿ ਸਿਰਫ਼ ਰੇਤ ਘੁਟਾਲਾ ਹੀ ਨਹੀਂ ਬਲਕਿ ਰਾਣਾ ਗੁਰਜੀਤ ਅਣਗਿਣਤ ਅਜਿਹੇ ਕਾਰਜਾਂ ਨੂੰ ਅੰਜਾਮ ਦੇ ਰਹੇ ਹਨ ਜਿਸ ਨਾਲ ਸੂਬੇ ਦੇ ਖ਼ਜ਼ਾਨੇ ਨੂੰ ਭਾਰੀ ਖੋਰਾ ਲੱਗ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਮੰਤਰੀ ਨੂੰ ਸੂਬੇ ਦੇ ਟੈਕਸ ਧਾਰਕਾਂ ਦਾ ਪੈਸਾ ਲੁੱਟਣ ਦੀ ਖੁੱਲ੍ਹ ਦਿੱਤੀ ਹੈ। ਮਾਨ ਨੇ ਕਿਹਾ ਕਿ ਅਜਿਹੇ ਮੰਤਰੀ ਦਾ ਅਸਤੀਫ਼ਾ ਤਾਂ ਉਸੇ ਦਿਨ ਹੀ ਆ ਜਾਣਾ ਚਾਹੀਦਾ ਸੀ, ਜਿਸ ਦਿਨ ਆਮ ਆਦਮੀ ਪਾਰਟੀ ਨੇ ਰੇਤ ਖੱਡਾਂ ਦੇ ਮਾਮਲੇ ਵਿੱਚ ਭ੍ਰਿਸ਼ਟਾਚਾਰ ਨੂੰ ਉਜਾਗਰ ਕੀਤਾ ਸੀ। ਉਨ੍ਹਾਂ ਕਿਹਾ ਕਿ 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕਾਂ ਨੇ ਇਸ ਮਾਮਲੇ ਵਿੱਚ ਉਸਾਰੂ ਭੂਮਿਕਾ ਨਿਭਾਈ ਹੈ ਤੇ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਮੁੱਦੇ ਨੂੰ ਗੰਭੀਰਤਾ ਨਾਲ ਚੁੱਕਿਆ ਹੈ।