resignation of Sukhbir Badal, Serious allegations by SGPC member and former Interim Committee member Baldev Singh Chunghan
ਬਰਾਨਾਲਾ: ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸ਼ਰਮਨਾਕ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵਿਰੁੱਧ ਮੋਰਚਾ ਖੁੱਲ੍ਹ ਗਿਆ ਹੈ। ਪਾਰਟੀ ਅੰਦਰੋਂ ਸੁਖਬੀਰ ਬਾਦਲ ਦੇ ਅਸਤੀਫੇ ਦੀ ਮੰਗ ਹੋਣ ਲੱਗੀ ਹੈ। ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਦੂਜੀ ਵਾਰ ਨਿਮੋਸ਼ੀ ਝੱਲਣੀ ਪਈ ਹੈ। ਇਸ ਵਾਰ ਪਾਰਟੀ ਸਿਰਫ ਤਿੰਨ ਸੀਟਾਂ ਤੱਕ ਸਿਮਟ ਗਈ ਹੈ।
ਇਸ ਲਈ ਐਸਜੀਪੀਸੀ ਮੈਂਬਰ ਤੇ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਵਿਰੁੱਧ ਮੋਰਚਾ ਖੋਲ੍ਹਿਆ ਹੈ। ਜਥੇਦਾਰ ਚੂੰਘਾਂ ਨੇ ਕਿਹਾ ਕਿ ਜਦੋਂ ਤੋਂ ਸੁਖਬੀਰ ਬਾਦਲ ਨੇ ਕਮਾਂਡ ਸੰਭਾਲੀ ਹੈ, ਉਦੋਂ ਤੋਂ ਅਕਾਲੀ ਦਲ ਦੀ ਹਾਲਤ ਮਾੜੀ ਹੋ ਰਹੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਤੌਰ ਉੱਪਰ ਸੁਖਬੀਰ ਬਾਦਲ ਦੀ ਦਿੱਖ 'ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਨੇ ਕਦੇ ਦਾਹੜਾ ਖੋਲ੍ਹ ਕੇ ਨਹੀਂ ਰੱਖਿਆ।
ਉਨ੍ਹਾਂ ਕਿਹਾ ਕਿ ਸਖਬੀਰ ਬਾਦਲ ਨੇ ਅਕਾਲੀ ਦਲ ਨੂੰ ਪੰਥਕ ਪਾਰਟੀ ਤੋਂ ਇੱਕ ਪੰਜਾਬੀ ਪਾਰਟੀ ਵਿੱਚ ਤਬਦੀਲ ਕਰ ਦਿੱਤਾ ਹੈ। ਅਕਾਲੀ ਦਲ ਦੇ ਸਮਾਗਮਾਂ ਵਿੱਚ ਸੁਖਬੀਰ ਬਾਦਲ ਨੇ ਢਾਡੀ ਕਲਚਰ ਖਤਮ ਕਰਕੇ ਨਚਾਰ ਕਲਚਰ ਲਿਆਂਦਾ ਹੈ। ਸ਼੍ਰੋਮਣੀ ਅਕਾਲੀ ਦਲ ਤੇ ਐਸਜੀਪੀਸੀ ਦੀ ਸ਼ੁਰੂਆਤ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਵਿੱਚ ਸੁਧਾਰ ਲਿਆਉਣ ਲਈ ਹੋਈ ਸੀ। ਇਸ ਲਈ ਵੱਡੀਆਂ ਸ਼ਹਾਦਤਾਂ, ਕੁਰਬਾਨੀਆਂ ਤੇ ਮੋਰਚੇ ਲੱਗੇ ਪਰ ਪ੍ਰਕਾਸ਼ ਸਿੰਘ ਬਾਦਲ ਨੇ ਪੁੱਤਰ ਮੋਹ ਵਿੱਚ ਫਸ ਕੇ ਪਾਰਟੀ ਦੀ ਵਾਗਡੋਰ ਸੁਖਬੀਰ ਬਾਦਲ ਨੂੰ ਦੇ ਦਿੱਤੀ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀਆਂ ਗਲਤ ਨੀਤੀਆਂ ਉੱਪਰ ਜਿਸ ਨੇ ਵੀ ਸਵਾਲ ਖੜ੍ਹੇ ਕੀਤੇ, ਉਸ ਨੂੰ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ। ਜਥੇਦਾਰ ਗੁਰਚਰਨ ਸਿੰਘ ਟੌਹੜਾ, ਸੁਖਦੇਵ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਇਸ ਦੀ ਉਦਹਾਰਨ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਇਕੱਠ ਵਿੱਚ ਐਸਜੀਪੀਸੀ ਦੇ ਮੁਲਾਜ਼ਮ ਹੀ ਹਾਜ਼ਰ ਹੁੰਦੇ ਹਨ।
ਜੱਥੇਦਾਰ ਚੂੰਘਾਂ ਨੇ ਕਿਹਾ ਕਿ ਲੰਮਾ ਸਮਾਂ ਅਕਾਲੀ ਦਲ ਵਿੱਚ ਪਾਰਟੀ ਦਾ ਸੱਚਾ ਸਿਪਾਹੀ ਬਣ ਕੇ ਆਪਣੀ ਜ਼ਿੰਮੇਵਾਰੀ ਨਿਭਾਈ। ਉਨ੍ਹਾਂ ਨੇ ਜਥੇਦਾਰ ਅਕਾਲ ਤਖ਼ਤ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਵੀ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਸਿਰਫ ਬਾਦਲ ਪਰਿਵਾਰ ਦੇ ਬਚਾਅ ਵਿੱਚ ਇਹ ਬਿਆਨ ਆਇਆ ਹੈ। ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਦੇ 'ਬਿਆਨ ਕਿ ਬੇਅਦਬੀ ਕਰਵਾਉਣ ਵਾਲਿਆਂ ਦਾ ਕੱਖ ਨਾ ਰਹੇ' ਪੂਰਾ ਹੋਇਆ ਹੈ ਤੇ ਬਾਦਲ ਪਰਿਵਾਰ ਦਾ ਖਾਤਮਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਝੂਠ ਬਾਦਲ ਪਰਿਵਾਰ ਨੂੰ ਲੈ ਕੇ ਡੁੱਬ ਗਏ ਹਨ। ਸੁਖਬੀਰ ਬਾਦਲ ਨੂੰ ਕੋਰ ਕਮੇਟੀ ਤੋਂ ਅਸਤੀਫਾ ਦੇਣਾ ਚਾਹੀਦਾ ਹੈ। ਜਥੇਦਾਰ ਚੂੰਘਾਂ ਨੇ ਕਿਹਾ ਕਿ ਕਿਹਾ ਅਕਾਲੀ ਦਲ ਕਿਸੇ ਦੇ ਪਿਉ ਦਾ ਖ਼ਰੀਦਿਆ ਨਹੀਂ ਹੋਇਆ, ਅਸੀਂ ਅਕਾਲੀ ਦਲ ਦੇ ਸਿਪਾਹੀ ਹਾਂ। ਸੁਖਬੀਰ ਬਾਦਲ ਦੇ ਪਾਸੇ ਹੋਣ ਨਾਲ ਅਕਾਲੀ ਦਲ ਮੁੜ ਖੜ੍ਹਾ ਹੋਵੇਗਾ।
ਉਨ੍ਹਾਂ ਕਿਹਾ ਕਿ ਇਜ਼ਹਾਰ ਆਲਮ ਵਰਗਿਆਂ ਨੂੰ ਟਿਕਟਾਂ ਦਿੱਤੀਆਂ, ਜਿਨ੍ਹਾਂ ਨੇ ਸਿੱਖ ਨੌਜਵਾਨਾਂ ਦੀ ਖੂਨ ਦੀ ਹੋਲੀ ਖੇਡੀ ਸੀ। ਸੁਮੇਧ ਸੈਣੀ ਵਰਗੇ ਸਿੱਖ ਨੌਜਵਾਨਾਂ ਦਾ ਘਾਣ ਕਰਨ ਵਾਲਿਆਂ ਨੂੰ ਡੀਜੀਪੀ ਲਗਾਇਆ ਸੀ।