Retired IAS officer Vijay Satbir Singh : ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕ ਵਜੋਂ ਇੱਕ ਗੈਰ-ਸਿੱਖ ਵਿਅਕਤੀ ਦੀ ਨਿਯੁਕਤੀ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਦੇ ਵਿਰੋਧ ਮਗਰੋਂ ਮਹਾਰਾਸ਼ਟਰ ਸਰਕਾਰ ਨੇ ਸੇਵਾਮੁਕਤ ਸਿੱਖ ਆਈਏਐਸ ਅਧਿਕਾਰੀ ਡਾ: ਵਿਜੇ ਸਤਬੀਰ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਨਵਾਂ ਪ੍ਰਸ਼ਾਸ਼ਕ ਨਿਯੁਕਤ ਕੀਤਾ ਹੈ। 

 

ਜਾਣਕਾਰੀ ਅਨੁਸਾਰ ਨਵੇਂ ਫੈਸਲੇ ਮੁਤਾਬਿਕ ਸੇਵਾ ਮੁਕਤ ਸਿੱਖ IAS ਅਧਿਕਾਰੀ ਡਾਕਟਰ ਵਿਜੈ ਸਤਬੀਰ ਸਿੰਘ ਨੂੰ ਤਖਤ ਸ੍ਰੀ ਹਜ਼ੂਰ ' ਸਾਹਿਬ ਦਾ ਨਵਾਂ ਪ੍ਰਸ਼ਾਸਕ ਲਗਾਇਆ ਗਿਆ ਹੈ , ਜਦਕਿ ਇਸ ਤੋਂ ਪਹਿਲਾਂ ਸਰਕਾਰ ਨੇ ਗ਼ੈਰ-ਸਿੱਖ ਅਭਿਜੀਤ ਰਾਊਤ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਪ੍ਰਸ਼ਾਸਕ ਲਗਾਇਆ ਸੀ, ਜਿਸ ਦਾ ਸਿੱਖ ਸੰਗਤਾਂ ਨੇ ਜ਼ੋਰਦਾਰ ਵਿਰੋਧ ਕੀਤਾ ਸੀ। 


 

ਜਿਸ ਨੂੰ ਲੈ ਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਮੁੰਬਈ ਵਿੱਚ ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਮਿਲ ਕੇ ਮੰਗ ਕੀਤੀ ਕਿ ਨਾਂਦੇੜ ਸਥਿਤ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਚਲਨਗਰ ਸਾਹਿਬ ਗੁਰਦੁਆਰਾ ਬੋਰਡ ਵਿੱਚ ਸਿੱਖ ਕੌਮ ਦੇ ਕਿਸੇ ਵਿਅਕਤੀ ਨੂੰ ਨਿਯੁਕਤ ਕੀਤਾ ਜਾਵੇ।

ਇਸ ਵਫ਼ਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਖਲੋਂ ਹਾਜ਼ਰ ਸਨ। ਉਨ੍ਹਾਂ ਦੀ ਬੇਨਤੀ ਨੂੰ ਤੁਰੰਤ ਪ੍ਰਵਾਨ ਕਰਦਿਆਂ ਡਾ: ਵਿਜੇ ਸਤਬੀਰ ਸਿੰਘ ਨੂੰ ਬੋਰਡ 'ਤੇ ਨਿਯੁਕਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। 




 

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਸਰਕਾਰ ਨੇ ਪਿਛਲੇ ਦਿਨੀਂ ਨਾਂਦੇੜ ਦੇ ਕਲੈਕਟਰ ਅਭਿਜੀਤ ਰਾਜੇਂਦਰ ਰਾਉਤ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਬੋਰਡ ਦਾ ਪ੍ਰਸ਼ਾਸਕ ਨਿਯੁਕਤ ਕੀਤਾ ਸੀ। ਜਿਸ ਤੋਂ ਬਾਅਦ ਸਿੱਖਾਂ ਨੇ ਇਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਸੀ। ਇਸ ਦੇ ਨਾਲ ਹੀ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਰੋਸ ਪ੍ਰਗਟ ਕੀਤਾ ਸੀ ਕਿ ਉਨ੍ਹਾਂ ਦੀ ਸੰਸਥਾ ਵਿਚ ਇੱਕ ਗੈਰ-ਸਿੱਖ ਅਧਿਕਾਰੀ ਅਭਿਜੀਤ ਰਜਿੰਦਰ ਰਾਊਤ ਨੂੰ ਪ੍ਰਬੰਧਕ ਨਿਯੁਕਤ ਕਰਨਾ ਨਿਯਮਾਂ ਦੇ ਖ਼ਿਲਾਫ਼ ਹੈ ਅਤੇ ਸਿੱਖ ਮਰਿਆਦਾ ਦੇ ਵੀ ਖ਼ਿਲਾਫ਼ ਹੈ। ਜਿਸ ਵਿਅਕਤੀ ਨੂੰ ਸਿੱਖ ਧਰਮ ਬਾਰੇ ਕੋਈ ਗਿਆਨ ਨਹੀਂ ਅਤੇ ਉੱਪਰੋਂ ਕੇਸ ਨਾ ਰੱਖਣ ਕਾਰਨ ਨਿਘਾਰ ਹੈ, ਉਸ ਨੂੰ ਸੰਸਥਾ ਦਾ ਪ੍ਰਬੰਧਕ ਕਿਵੇਂ ਬਣਾਇਆ ਜਾ ਸਕਦਾ ਹੈ।