ਮੁੱਖ ਸਕੱਤਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਦਾ ਜਾਇਜ਼ਾ
Punjab News : ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ
Punjab News : ਪੰਜਾਬ ਵਿੱਚ ਹੜ੍ਹਾਂ ਦੀ ਮਾਰ ਆਏ ਇਲਾਕਿਆਂ ਵਿੱਚ ਮੌਜੂਦਾ ਸਥਿਤੀ ਦੀ ਜਾਇਜ਼ਾ ਲੈਣ ਅਤੇ ਚੱਲ ਰਹੇ ਰਾਹਤ ਕਾਰਜਾਂ ਤੇ ਮੁੜ ਵਸੇਬੇ ਦੇ ਕੰਮਾਂ ਨੂੰ ਜਾਣਨ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਸੋਮਵਾਰ ਨੂੰ ਉਚ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰ ਹਾਜ਼ਰ ਹੋਏ ਅਤੇ ਵੀਡਿਓ ਕਾਨਫਰਸਿੰਗ ਰਾਹੀਂ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਨੇ ਸ਼ਮੂਲੀਅਤ ਕੀਤੀ।
ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਮਾਰੇ ਇਲਾਕਿਆਂ ਵਿੱਚ ਸਥਿਤੀ ਆਮ ਵਾਂਗ ਕਰਨ ਅਤੇ ਪ੍ਰਭਾਵਿਤ ਲੋਕਾਂ ਨੂੰ ਹਰ ਪ੍ਰਕਾਰ ਦੀ ਰਾਹਤ ਦੇਣ ਦੇ ਨਿਰਦੇਸ਼ਾਂ ’ਤੇ ਚੱਲਦਿਆਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਪ੍ਰਭਾਵਿਤ ਲੋਕਾਂ ਦੀ ਜ਼ਿੰਦਗੀ ਮੁੜ ਪੱਟੜੀ ਉਤੇ ਆ ਜਾਵੇ। ਹੜ੍ਹਾਂ ਕਾਰਨ ਮਾਰੇ ਗਏ ਲੋਕਾਂ ਦੇ ਵਾਰਸਾਂ ਨੂੰ ਹਰ ਹੀਲੇ 20 ਜੁਲਾਈ ਤੱਕ ਮੁਆਵਜ਼ਾ ਰਾਸ਼ੀ ਦੇਣੀ ਯਕੀਨੀ ਬਣਾਏ ਜਾਵੇ ਅਤੇ ਨੁਕਸਾਨ ਹੋਏ ਘਰਾਂ ਦਾ ਮੁਆਵਜ਼ਾ ਵੀ ਪੀੜਤਾਂ ਨੂੰ 24 ਜੁਲਾਈ ਤੱਕ ਸੌਂਪਿਆ ਜਾਵੇ।
ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਲੋਕਾਂ ਨੂੰ ਸਾਫ ਪੀਣ ਵਾਲ ਪਾਣੀ ਹਰ ਹੀਲੇ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਜੀ ਵੱਲੋਂ ਆਫ਼ਤਨ ਫੰਡ ਵਿੱਚੋਂ 10 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਪੀਣ ਵਾਲੇ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾਵੇ ਅਤੇ ਇਸ ਸਬੰਧੀ ਸਬੰਧਤ ਅਧਿਕਾਰੀ ਦੋ ਦਿਨਾਂ ਵਿੱਚ ਇਹ ਸਰਟੀਫਿਕੇਟ ਦੇਣ ਕਿ ਕਿਧਰੇ ਵੀ ਪਾਣੀ ਦੀ ਪਾਈਪ ਲਾਈਨ ਵਿੱਚ ਨੁਕਸ ਨਹੀਂ ਹੈ ਅਤੇ ਪੀਣ ਵਾਲਾ ਪਾਣੀ ਪੂਰੀ ਤਰਾਂ ਸਾਫ ਹੈ। ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲੇ ਨੂੰ ਬਖਸ਼ਿਆ ਨਹੀਂ ਜਾਵੇਗਾ। ਲੋਕਾਂ ਦੀ ਸਿਹਤ ਸਭ ਤੋਂ ਪ੍ਰਮੁੱਖ ਹੈ। ਸਿਹਤ ਵਿਭਾਗ ਨੂੰ ਕਲੋਰੀਨ ਦਵਾਈਆਂ ਲਈ 50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਿਹਤ ਵਿਭਾਗ ਵੱਲੋਂ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਪੂਰੀ ਤਿਆਰੀ ਕਰਨ ਲਈ ਕਿਹਾ। ਇਸੇ ਤਰ੍ਹਾਂ ਪਸ਼ੂਧਨ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲਿਆਂ ਨੂੰ 40 ਲੱਖ ਰੁਪਏ ਜਾਰੀ ਕੀਤੇ ਗਏ ਹਨ।
ਅਨੁਰਾਗ ਵਰਮਾ ਨੇ ਕਿਹਾ ਕਿ ਜਲ ਸਰੋਤ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜਿੱਥੇ ਕਿਧਰੇ ਵੀ ਦਰਿਆਵਾਂ, ਨਹਿਰਾਂ ਵਿੱਚ ਪਾੜ ਹਨ, ਉਨ੍ਹਾਂ ਨੂੰ ਪੂਰਨ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ। ਉਨ੍ਹਾਂ ਜਲ ਸਰੋਤ, ਲੋਕ ਨਿਰਮਾਣ, ਮੰਡੀਕਰਨ ਬੋਰਡ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਕਾਰਨ ਹੋਏ ਬੁਨਿਆਦੀ ਢਾਂਚੇ ਦੇ ਨੁਕਸਾਨ ਦਾ ਮੁਲਾਂਕਣ ਕਰਕੇ ਰਿਪੋਰਟ ਸੌਂਪੀ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਜੀ ਵੱਲੋਂ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਢਾਂਚੇ ਦੀ ਮੁੜ ਬਹਾਲੀ ਸਮੇਂ ਇਹ ਯਕੀਨੀ ਬਣਾਇਆ ਜਾਵੇ ਕਿ ਆਉਣ ਵਾਲੇ ਸਮੇਂ ਵਿੱਚ ਵੱਧ ਪਾਣੀ ਆਉਣ ਦੀ ਸੂਰਤ ਵਿੱਚ ਕੋਈ ਨੁਕਸਾਨ ਨਾ ਹੋਵੇ ਤਾਂ ਹੜ੍ਹਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾਵੇ।
ਮੀਟਿੰਗ ਵਿੱਚ ਮੁੱਖ ਸਕੱਤਰ ਨੇ ਹੜ੍ਹਾਂ ਪ੍ਰਭਾਵਿਤ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਤੋਂ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾਣ ਵਾਲੀ ਮੱਦਦ ਬਾਰੇ ਵੀ ਪੁੱਛਿਆ। ਕੁੱਲ ਮਿਲਾ ਕੇ ਸਥਿਤੀ ਕੰਟਰੋਲ ਵਿੱਚ ਦੱਸੀ ਗਈ। ਇਹ ਵੀ ਦੱਸਿਆ ਗਿਆ ਕਿ ਸੂਬੇ ਵਿੱਚ ਐਨ.ਡੀ.ਆਰ.ਐਫ. ਦੀਆਂ ਹੁਣ ਸਿਰਫ ਦੋ ਟੀਮਾਂ ਤਾਇਨਾਤ ਹਨ। ਇਕ ਮਾਨਸਾ ਤੇ ਦੂਜੀ ਸੰਗਰੂਰ। ਪ੍ਰਭਾਵਿਤ ਲੋਕਾਂ ਲਈ ਰਾਹਤ ਕੈਂਪਾਂ ਅਤੇ ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕੀਤਾ ਗਿਆ ਹੈ। ਫਸਲਾਂ ਦੇ ਨੁਕਸਾਨ ਦਾ ਵੀ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਤੇ ਵਿਕਾਸ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਪਸ਼ੂ ਪਾਲਣ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਬਿਜਲੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਧ, ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕੀਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸਥਾਨਕ ਸਰਕਾਰਾਂ ਉਮਾ ਸ਼ੰਕਰ ਗੁਪਤਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਬੀਰ ਸਿੰਘ ਗੋਸਲ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਅਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਹਾਜ਼ਰ ਸਨ।