ਮੀਟਿੰਗ ਦੌਰਾਨ ਕੈਬਨਿਟ ਨੇ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਪਸ਼ੂਆਂ ਦੀ ਸੁਰੱਖਿਆ ਸਬੰਧੀ ਬਿੱਲ ਪੇਸ਼ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। 2014 ਤਕ ਕਿਲ੍ਹਾ ਰਾਏਪੁਰ ਦੀਆਂ ਪੇਂਡੂ ਖੇਡਾਂ ਦੌਰਾਨ ਬਲਦਾਂ ਦੀ ਦੌੜ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਹੁੰਦਾ ਸੀ। ਇਸ ਦੇ ਬਾਅਦ ਸੁਪਰੀਮ ਕੋਰਟ ਨੇ ਇਸ ’ਤੇ ਰੋਕ ਲਾ ਦਿੱਤੀ ਸੀ। ਇਸ ਦੇ ਬਾਅਦ ਰਾਜਪਾਲ, ਮੁੱਖ ਮੰਤਰੀ ਤੇ ਪਸ਼ੂ ਪਾਲਣ ਵਿਭਾਗ ਨੇ ਇਸ ਸਬੰਧੀ ਕਈ ਯਤਨ ਕੀਤੇ।
ਪਿਛਲੇ ਸਾਲ ਅਕਤੂਬਰ ਵਿੱਚ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਦੌਰਾਨ ਵੀ ਬਲਦਾਂ ਦੀ ਦੌੜ ਮੁੜ ਤੋਂ ਸ਼ੁਰੂ ਕਰਵਾਉਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ ਸੀ। ਇਸ ਦੌਰਾਨ ਕਾਨੂੰਨੀ ਤੌਰ ’ਤੇ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਮਨਜ਼ੂਰੀ ਦੇਣ ਦਾ ਸਮਰਥਨ ਕੀਤਾ ਗਿਆ ਸੀ। ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਪਸ਼ੂ ਵੀ ਹਿੱਸਾ ਲੈਂਦੇ ਹਨ।