ਕੈਪਟਨ ਸਰਕਾਰ ਤੋਂ ਕਾਂਗਰਸੀ ਹੀ ਔਖੇ, 'ਨਾ ਕੰਮ ਹੁੰਦੇ ਨਾ ਮਿਲਣ ਦਾ ਸਮਾਂ'
ਏਬੀਪੀ ਸਾਂਝਾ | 15 Jan 2019 05:06 PM (IST)
ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦਾ ਸੱਚ ਸਾਹਮਣੇ ਆਉਣ ਲੱਗਾ ਹੈ। ਕੁਝ ਵਿਧਾਇਕਾਂ ਦੀਆਂ ਬਾਗੀ ਸੁਰਾਂ ਮਗਰੋਂ ਅੱਜ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਪੰਜਗ੍ਰਾਈਆਂ ਤਾਂ ਸ਼੍ਰੋਮਣੀ ਅਕਾਲੀ ਦਲ ਵਿੱਚ ਹੀ ਸ਼ਾਮਲ ਹੋ ਗਏ। ਪੰਜਗ੍ਰਾਈਆਂ ਦੋ ਵਾਰ ਕਾਂਗਰਸ ਦੇ ਵਿਧਾਇਕ ਰਹਿ ਚੁੱਕੇ ਹਨ। ਅਕਾਲੀ ਦਲ ਵਿੱਚ ਸ਼ਾਮਲ ਹੁੰਦਿਆਂ ਪੰਜਗ੍ਰਾਈਆਂ ਨੇ ਕਾਂਗਰਸ ਖਿਲਾਫ਼ ਖੂਬ ਭੜਾਸ ਕੱਢੀ। ਉਨ੍ਹਾਂ ਕਿਹਾ ਕਿ ਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਾ ਹੀ ਸੂਬਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੀ ਗੱਲ ਸੁਣਦੇ ਹਨ। ਉਨ੍ਹਾਂ ਕਿਹਾ ਕਿ ਦੋ ਸਾਲਾਂ 'ਚ ਕੈਪਟਨ ਨਾਲ ਸਿਰਫ਼ ਡੇਢ ਮਿੰਟ ਮੁਲਾਕਾਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਚਾਪਲੂਸਾਂ ਦੀ ਪਾਰਟੀ ਬਣ ਗਈ ਹੈ। ਇਸ ਤੋਂ ਪਹਿਲਾਂ ਵਿਧਾਇਕ ਸੁਰਜੀਤ ਸਿੰਘ ਧੀਮਾਨ, ਕੁਲਬੀਰ ਸਿੰਘ ਜ਼ੀਰਾ ਤੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਏ ਸੀ। ਇਨ੍ਹਾਂ ਲੀਡਰਾਂ ਦਾ ਕਹਿਣਾ ਹੈ ਕਿ ਸਰਕਾਰ ਕੀਤੇ ਵਾਅਦਿਆਂ ਮੁਤਾਬਕ ਕੰਮ ਨਹੀਂ ਕਰ ਰਹੀ। ਸਭ ਤੋਂ ਵੱਡਾ ਸਵਾਲ ਨਸ਼ਿਆਂ ਤੇ ਕਿਸਾਨ ਖੁਦਕੁਸ਼ੀਆਂ ਦਾ ਹੈ। ਪੰਜਾਬ ਵਿੱਚ ਅੱਜ ਵੀ ਨਸ਼ਿਆਂ ਨਾਲ ਨੌਜਵਾਨ ਮਰ ਰਹੇ ਹਨ ਤੇ ਕਿਸਾਨ ਨਿੱਤ ਖੁਦਕੁਸ਼ੀਆਂ ਕਰ ਰਹੇ ਹਨ। ਦਰਅਸਲ ਕਾਂਗਰਸ ਦੇ ਹੇਠਲੇ ਪੱਧਰ ਦੇ ਲੀਡਰਾਂ ਵਿੱਚ ਬੇਗਾਨਗੀ ਦੀ ਭਾਵਨਾ ਹੈ। ਲੀਡਰਾਂ ਤੇ ਵਰਕਰਾਂ ਦਾ ਕਹਿਣਾ ਹੈ ਕਿ ਆਪਣੀ ਸਰਕਾਰ ਹੋਣ ਦੇ ਬਾਵਜੂਦ ਅਫਸਰ ਉਨ੍ਹਾਂ ਦੇ ਕੰਮ ਨਹੀਂ ਕਰ ਰਹੇ। ਲੋਕ ਉਨ੍ਹਾਂ ਕੋਲ ਉਮੀਦਾਂ ਲੈ ਕੇ ਆਉਂਦੇ ਹਨ ਪਰ ਨਿਰਾਸ਼ ਹੋ ਕੇ ਜਾਂਦੇ ਹਨ। ਇਸ ਬਾਰੇ ਨਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਨਾ ਹੀ ਸੂਬਾ ਪ੍ਰਧਾਨ ਸੁਨੀਲ ਜਾਖੜ ਉਨ੍ਹਾਂ ਦੀ ਗੱਲ ਸੁਣਦੇ ਹਨ।