ਚੰਡੀਗੜ੍ਹ: ਸੜਕੀ ਸੁਰੱਖਿਆ ਦੀ ਮਹੱਤਤਾ ਨੂੰ ਸਮਝਦਿਆਂ ਇਸ ਵਾਰ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਇਕ ਸਪਤਾਹ ਦੀ ਥਾਂ ਇਕ ਮਹੀਨਾ ਚੱਲੇਗੀ। ਇੱਥੇ ਪੰਜਾਬ ਭਵਨ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਤੇ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਸੜਕਾਂ ਨੂੰ ਵਧੇਰੇ ਸੁਰੱਖਿਅਤ ਬਣਾਉਣ ‘ਤੇ ਜ਼ੋਰ ਦਿੱਤਾ।

ਉਨਾਂ ਦੋ ਪਹੀਆ ਵਾਹਨ ਚਾਲਕਾਂ ਨੂੰ ਹੈਲਮਟ ਪਾਉਣ, ਵਾਹਨਾਂ ਨੂੰ ਸਪੀਡ ਲਿਮਿਟ ਵਿਚ ਚਲਾਉਣ ਅਤੇ ਸੜਕੀ ਨਿਯਮਾਂ ਦੀ ਪਾਲਣਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ ‘ਤੇ ਵੀ ਜ਼ੋਰ ਦਿੱਤਾ।ਉਨਾਂ ਇਸ ਗੱਲ ‘ਤੇ ਚਿੰਤਾ ਪ੍ਰਗਟਾਈ ਕਿ ਪੰਜਾਬ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਰਾਸ਼ਟਰੀ ਦਰ ਨਾਲੋਂ ਤਰਕੀਬਨ ਦੁੱਗਣੀ ਹੈ। ਉਨਾਂ ਅਪੀਲ ਕੀਤੀ ਕਿ ਕਾਨੂੰਨ ਨੂੰ ਸਖਤੀ ਨਾਲ ਲਾਗੂ ਕਰਨ ਨਾਲੋਂ ਵਾਹਨ ਚਾਲਕਾਂ ਨੂੰ ਖੁਦ ਸੜਕੀ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਕਿਉਂ ਕਿ ਇਹ ਲੋਕਾਂ ਦੀ ਜ਼ਿੰਦਗੀ ਨਾਲ ਜੁੜਿਆ ਮਸਲਾ ਹੈ।

ਉਨਾਂ ਕਿਹਾ ਕਿ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ ਤੱਕ ਪਹੁੰਚਾਉਣ ਲਈ ਜ਼ਿਲਾ ਪ੍ਰਸ਼ਾਸਨਾਂ ਨੂੰ ਸਮਾਜ ਸੇਵੀ ਸੰਸਥਾਵਾਂ ਦੀ ਮਦਦ ਲੈਣੀ ਚਾਹੀਦੀ ਹੈ। ਇਸ ਨਾਲ ਸੜਕੀ ਹਾਦਸਿਆਂ ਵਿਚ ਵੀ ਕਮੀ ਆਵੇਗੀ ਅਤੇ ਸੜਕਾਂ ‘ਤੇ ਘੁੰਮਦੇ ਆਵਾਰਾ ਪਸ਼ੂ ਵੀ ਸੁਰੱਖਿਅਤ ਹੋਣਗੇ।ਟਰਾਂਸਪੋਰਟ ਮੰਤਰੀ ਨੇ ਸੜਕ ਸੁਰੱਖਿਆ ਜਾਗਰੂਕਤਾ ਨੂੰ ਇੱਕ ਲੋਕ ਲਹਿਰ ਬਣਾਉਣ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਨਿਰਦੇਸ਼ ਵੀ ਜਾਰੀ ਕੀਤੇ।

ਉਨਾਂ ਪੁਲਿਸ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਸਿਹਤ ਵਿਭਾਗ, ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਉੱਚ ਸਿੱਖਿਆ ਵਿਭਾਗ, ਸਕੂਲੀ ਸਿੱਖਿਆ ਵਿਭਾਗ, ਐਸਡੀਐਮਜ਼ ਅਤੇ ਆਰਟੀਏਜ਼ ਆਦਿ ਨੂੰ 17 ਫਰਵਰੀ ਤੱਕ ਚੱਲਣ ਵਾਲੀ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ ਦੌਰਾਨ ਕੀਤੇ ਜਾਣ ਵਾਲੇ ਪ੍ਰਮੁੱਖ ਕੰਮਾਂ ਤੋਂ ਵੀ ਜਾਣੂੰ ਕਰਵਾਇਆ।