ਜਲੰਧਰ: ਚੰਡੀਗੜ੍ਹ: ਰਾਸ਼ਟਰੀ ਸਵੈਮ ਸੇਵਕ ਸੰਘ (ਐਰ.ਐਸ.ਐਸ.) ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਜਗਦੀਸ਼ ਗਗਨੇਜਾ ’ਤੇ ਜਾਨਲੇਵਾ ਹਮਲੇ ਸਬੰਧੀ ਵਿਸ਼ੇਸ਼ ਜਾਂਚ ਟੀਮ ਬਣਾ ਦਿੱਤੀ ਹੈ। ਡੀਜੀਪੀ (ਅਮਨ ਕਾਨੂੰਨ) ਹਰਦੀਪ ਢਿੱਲੋਂ ਤੇ ਏਡੀਜੀਪੀ ਆਈਪੀਐਸ ਸੋਹਤਾ ਦੀ ਅਗਵਾਈ ਵਾਲੀ ਐਸਆਈਟੀ ਨੇ ਅੱਜ ਘਟਨਾ ਸਥਾਨ ਜੋਤੀ ਚੌਕ ਦਾ ਮੁਆਇਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਇਸ ਬਾਰੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।
ਉਧਰ, ਪਤਾ ਲੱਗਾ ਹੈ ਕਿ ਗਗਨੇਜਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਉਨ੍ਹਾਂ ਨੂੰ ਡੀਐਮਸੀ ਹਸਪਤਾਲ ਲੁਧਿਆਣਾ ਵਿੱਚ ਸ਼ਿਫਟ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਤਿੰਨ ਗੋਲੀਆਂ ਲੱਗੀਆਂ ਸਨ। ਡਾਕਟਰਾਂ ਨੇ ਦੋ ਗੋਲੀਆਂ ਕੱਢ ਦਿੱਤੀਆਂ ਹਨ ਪਰ ਇੱਕ ਅਜੇ ਵੀ ਲਿਵਰ ਦੇ ਨੇੜੇ ਹੈ।
ਕਾਬਲੇਗੌਰ ਹੈ ਕਿ ਇਸ ਹਮਲੇ ਨੇ ਪੰਜਾਬ ਸਰਕਾਰ ਦੇ ਨਾਲ-ਨਾਲ ਸੁਰੱਖਿਆ ਏਜੰਸੀਆਂ ਦੀ ਨੀਂਦ ਉਡਾ ਦਿੱਤੀ ਹੈ। ਬੇਸ਼ੱਕ ਪੁਲਿਸ ਨੂੰ ਹਮਲਾਵਾਰਾਂ ਬਾਰੇ ਅਜੇ ਕੁਝ ਵੀ ਪਤਾ ਨਹੀਂ ਲੱਗਾ ਪਰ ਸੁਰੱਖਿਆ ਏਜੰਸੀਆਂ ਇਸ ਨੂੰ ਅੱਤਵਾਦੀ ਕਾਰਵਾਈ ਨਾਲ ਜੋੜ ਕੇ ਵੇਖ ਰਹੀਆਂ ਹਨ। ਪੁਲਿਸ ਕਮਿਸ਼ਨਰ ਅਰਪਿਤ ਸ਼ੁਕਲਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਜਾਂਚ ਲਈ 10 ਟੀਮਾਂ ਬਣਾ ਦਿੱਤੀਆਂ ਹਨ। ਸ਼ਹਿਰ ਦੇ ਵੱਖ-ਵੱਖ ਰੂਟਾਂ 'ਤੇ ਲੱਗੇ ਕੈਮਰਿਆਂ ਦੀ ਸੀ.ਸੀ.ਟੀ.ਵੀ. ਫੁਟੇਜ਼ ਖੰਗਾਲੀ ਜਾ ਰਹੀ ਹੈ। ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਰਾਤ ਹੀ ਵਿਸ਼ੇਸ਼ ਜਾਂਚ ਟੀਮ ਗਠਿਤ ਕਰਨ ਦਾ ਐਲਾਨ ਕਰ ਦਿੱਤਾ ਸੀ।