ਪੰਜਾਬ ਵਿਧਾਨ ਸਭਾ ਚੋਣਾਂ ਲਈ 'ਆਪ' ਨੇ ਖਿੱਚੀ ਤਿਆਰੀ! ਕੇਜਰੀਵਾਲ ਨੇ ਵਿਧਾਇਕਾਂ ਨਾਲ ਕੀਤੀ ਮੀਟਿੰਗ
ਅਰਵਿੰਦ ਕੇਜਰੀਵਾਲ ਨੇ ਜਿੱਥੇ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰੇ ਕੀਤੇ ਗਏ। ਉਥੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਵਿਸਥਾਰ ਸਹਿਤ ਸੁਝਾਅ ਮੰਗੇ।
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਦੇ ਵਿਧਾਇਕਾਂ ਨਾਲ ਲੰਬੀ ਵਿਚਾਰ ਚਰਚਾ ਕੀਤੀ। ਅੱਜ 'ਆਪ' ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ‘ਆਪ’ ਵਿਧਾਇਕਾਂ ਨਾਲ ਮੁੱਖ ਮੰਤਰੀ ਰਿਹਾਇਸ਼ 'ਤੇ ਬੈਠਕ ਹੋਈ।
ਅਰਵਿੰਦ ਕੇਜਰੀਵਾਲ ਨੇ ਜਿੱਥੇ 2022 ਦੀਆਂ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰੇ ਕੀਤੇ ਗਏ। ਉਥੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਲਈ ਵਿਸਥਾਰ ਸਹਿਤ ਸੁਝਾਅ ਮੰਗੇ। ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ ਖਾਸ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਪਾਰਟੀ ਦੇ ਝੰਡੇ ਅਤੇ ਏਜੰਡੇ ਨੂੰ ਪਾਸੇ ਰੱਖ ਕਿਸਾਨਾਂ ਦੇ ਅੰਦੋਲਨ ਨੂੰ ਹਰ ਪੱਧਰ ਉੱਤੇ ਸਹਿਯੋਗ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਅੱਜ ਦੇਸ਼ ਦਾ ਅੰਨਦਾਤਾ ਆਪਣੀ ਜ਼ਮੀਨ ਅਤੇ ਹੋਂਦ ਦੀ ਲੜਾਈ ਲੜਨ ਲਈ ਮਜ਼ਬੂਰ ਹੈ, ਪ੍ਰੰਤੂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਆਪਣੀ ਜ਼ਿੱਦ ਨਹੀਂ ਛੱਡ ਰਹੀ, ਜੋ ਨਿੰਦਾਜਨਕ ਹੈ। ਉਨ੍ਹਾਂ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ ਅੜੀ ਤਿਆਗ ਕੇ ਖੇਤੀ ਵਿਰੋਧੀ ਇਹ ਕਾਲੇ ਕਨੂੰਨ ਤੁਰੰਤ ਵਾਪਸ ਲੈਣੇ ਚਾਹੀਦੇ ਹਨ ਅਤੇ ਬਿਜਲੀ ਸੋਧ ਬਿਲ-2021 ਸੰਸਦ ਵਿਚ ਪੇਸ਼ ਨਹੀਂ ਕਰਨਾ ਚਾਹੀਦਾ ਹੈ।
ਬੈਠਕ ਦੌਰਾਨ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਦਬਾਅ ਦੀ ਪ੍ਰਵਾਹ ਨਾ ਕਰਦਿਆਂ ਕਿਸਾਨ ਅੰਦੋਲਨ ਨੂੰ ਦਿੱਤੇ ਗਏ ਸਹਿਯੋਗ ਅਤੇ ਪਾਰਲੀਮੈਂਟ ਦੇ ਅੰਦਰ ਅਤੇ ਬਾਹਰ ਭਗਵੰਤ ਮਾਨ ਵੱਲੋਂ ਕਿਸਾਨਾਂ ਦੇ ਹੱਕ ਵਿਚ ਲਗਾਤਾਰ ਬੁਲੰਦ ਕੀਤੀ ਜਾ ਰਹੀ ਆਵਾਜ਼ ਦੀ ਭਰਪੂਰ ਸ਼ਲਾਘਾ ਕੀਤੀ ਗਈ।
ਬੈਠਕ ਵਿੱਚ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਪੰਜਾਬ ਨੂੰ ਮਾਫੀਆ ਰਾਜ ਤੋਂ ਹਮੇਸ਼ਾ ਲਈ ਮੁਕਤ ਕਰਾਉਣ ਲਈ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਵਿਧਾਇਕਾਂ ਅਤੇ ਸਮੁੱਚੀ ਲੀਡਰਸ਼ਿਪ ਨੂੰ ਸਲਾਹ ਦਿੱਤੀ ਕਿ ਉਹ ਆਪਣੀ ਸਕਾਰਾਤਮਕ ਲਕੀਰ ਤੇ ਧਿਆਨ ਕੇਂਦਰਿਤ ਕਰਨ।
ਕੇਜਰੀਵਾਲ ਨੇ ਘਰ-ਘਰ ਪਹੁੰਚ ਕੇ ਲੋਕਾਂ ਨੂੰ ਦੱਸਣ ਕਿ ਆਮ ਆਦਮੀ ਪਾਰਟੀ ਕਿਹੜੀਆਂ ਵਿਕਾਸ ਮੁਖੀ ਨੀਤੀਆਂ ਨਾਲ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਪੰਜਾਬੀਆਂ ਨੂੰ ਸੰਕਟ ਵਿਚੋਂ ਬਾਹਰ ਕੱਢ ਸਕਦੀ ਹੈ ਅਤੇ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਪੰਜਾਬ ਕਿਵੇਂ ਬਣਾ ਸਕਦੀ ਹੈ। ਇਸ ਦੇ ਨਾਲ ਹੀ ਕੇਜਰੀਵਾਲ ਨੇ ਦਿੱਲੀ ਦੇ ਵਿਕਾਸ ਮਾਡਲ ਦੀਆਂ ਕਈ ਮਿਸਾਲਾਂ ਪੰਜਾਬ ਲੀਡਰਸ਼ਿਪ ਅੱਗੇ ਰੱਖੀਆਂ।