ਚੰਡੀਗੜ੍ਹ: ਐਸ.ਏ.ਐਸ.ਨਗਰ (ਮੋਹਾਲੀ) ਅਤੇ ਨਿਊ ਚੰਡੀਗੜ੍ਹ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕਰਕੇ ਨਮੂਨੇ ਦੇ ਸ਼ਹਿਰ ਵਜੋਂ ਵਿਕਸਤ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਨੇ ਗਮਾਡਾ ਵੱਲੋਂ ਲਾਗੂ ਕੀਤੇ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਮੌਕੇ 'ਤੇ ਜਾ ਕੇ ਜਾਇਜ਼ਾ ਲਿਆ ਤਾਂ ਜੋ ਜ਼ਮੀਨੀ ਪੱਧਰ ਉਤੇ ਹੋ ਰਹੇ ਵਿਕਾਸ ਬਾਰੇ ਜਾਣਿਆ ਜਾ ਸਕੇ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਵਿਕਾਸ ਕਾਰਜ ਨਿਰਧਾਰਤ ਸਮਾਂ-ਸੀਮਾ ਅੰਦਰ ਮੁਕੰਮਲ ਕੀਤੇ ਜਾਣ ਪਰ ਨਾਲ ਹੀ ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਕੀਤੇ ਜਾ ਰਹੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
 





ਕੈਬਨਿਟ ਮੰਤਰੀ ਨੇ ਏਅਰੋ-ਸਿਟੀ, ਆਈ.ਟੀ. ਸਿਟੀ, ਸੈਕਟਰ 88-89, ਸੈਕਟਰ-78 ਵਿੱਚ ਸਪੋਰਟਸ ਕੰਪਲੈਕਸ, ਪੂਰਬ ਪ੍ਰੀਮੀਅਮ ਅਪਾਰਟਮੈਂਟਸ, ਈਕੋ ਸਿਟੀ 1 ਅਤੇ 2, ਮੈਡੀਸਿਟੀ, ਪਿੰਡ ਸਿੰਹਪੁਰ ਵਿੱਚ 20 ਐਮ.ਜੀ.ਡੀ. ਵਾਟਰ ਟ੍ਰੀਟਮੈਂਟ ਪਲਾਂਟ, ਸੈਕਟਰ-83 ਵਿਖੇ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦਾ ਦੌਰਾ ਕਰਨ ਤੋਂ ਇਲਾਵਾ ਮੋਹਾਲੀ ਵਿਖੇ ਚੱਲ ਰਹੇ ਹੋਰ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਨੇ ਨਿਊ ਚੰਡੀਗੜ੍ਹ ਤੱਕ ਪੀ.ਆਰ.-7 ਸੜਕ ਦੇ ਨਿਰਮਾਣ ਅਤੇ ਹੋਰ ਮਾਸਟਰ ਪਲਾਨ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ।


ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਖ਼ਰੀਦਦਾਰਾਂ ਨੂੰ ਜਾਇਦਾਦਾਂ ਦਾ ਸਮੇਂ ਸਿਰ ਕਬਜ਼ਾ ਸੌਂਪਣਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਣੀ ਚਾਹੀਦੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ  ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਵਿੱਚ ਆਲ੍ਹਾ ਦਰਜੇ ਦੀਆਂ ਸਹੂਲਤਾਂ ਨਾਲ ਲੈਸ ਯੋਜਨਾਬੱਧ ਵਪਾਰਕ ਅਤੇ ਰਿਹਾਇਸ਼ੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।


ਅਮਨ ਅਰੋੜਾ ਨੂੰ ਅਧਿਕਾਰੀਆਂ ਨੇ ਦੱਸਿਆ ਕਿ ਤੇਜ਼ੀ ਨਾਲ ਵਿਕਸਤ ਹੋ ਰਹੇ ਮੋਹਾਲੀ ਦੇ ਵਿਕਾਸ ਦੀ ਭਵਿੱਖੀ ਮੰਗ ਨੂੰ ਧਿਆਨ ਵਿੱਚ ਰੱਖਦੀਆਂ ਗਮਾਡਾ ਵੱਲੋਂ ਸੈਕਟਰ-83 ਵਿੱਚ ਸਥਿਤ ਮੌਜੂਦਾ ਸੀਵਰੇਜ ਟ੍ਰੀਟਮੈਂਟ ਪਲਾਂਟ (ਐਸ.ਟੀ.ਪੀ.) ਦੀ ਸਮਰੱਥਾ ਨੂੰ ਨਵੀਨਤਮ ਐਸ.ਬੀ.ਆਰ. ਤਕਨੀਕ ਨਾਲ 10 ਐਮ.ਜੀ.ਡੀ. ਤੋਂ 15 ਐਮ.ਜੀ.ਡੀ. ਤੱਕ ਕਰਨ ਲਈ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਾਜੈਕਟ ਨੂੰ ਜੂਨ, 2023 ਤੱਕ ਮੁਕੰਮਲ ਕੀਤਾ ਜਾਵੇ ਅਤੇ ਸੋਧੇ ਗਏ ਪਾਣੀ ਦੀ ਵਰਤੋਂ ਫਲੱਸ਼ਿੰਗ ਅਤੇ ਪਲਾਂਟੇਸ਼ਨ ਲਈ ਕੀਤੀ ਜਾਵੇ। 
 
ਗਮਾਡਾ ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਅਥਾਰਟੀ ਨੇ ਮੋਹਾਲੀ ਅਤੇ ਨਿਊ ਚੰਡੀਗੜ੍ਹ ਦੇ ਵਸਨੀਕਾਂ ਨੂੰ ਪੀਣਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਜੌਲੀ ਹੈੱਡਵਰਕਸ ਤੋਂ ਆਉਣ ਵਾਲੇ ਪਾਣੀ ਨੂੰ ਸੋਧਣ ਲਈ ਪਿੰਡ ਸਿੰਹਪੁਰ ਵਿੱਚ 20 ਐਮ.ਜੀ.ਡੀ. ਵਾਟਰ ਟ੍ਰੀਟਮੈਂਟ ਪਲਾਂਟ ਵੀ ਕਾਰਜਸ਼ੀਲ ਕਰ ਦਿੱਤਾ ਹੈ। ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਚੱਲ ਰਹੇ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।