Balwant Singh Rajoana: ਸ਼੍ਰੋਮਣੀ ਕਮੇਟੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਪਟੀਸ਼ਨ  ਵਾਪਸ ਨਹੀਂ ਲਵੇਗੀ। ਰਾਜੋਆਣਾ ਨੂੰ ਭੁੱਖ ਹੜਤਾਲ 'ਤੇ ਬੈਠਣ ਤੋਂ ਰੋਕਣ ਲਈ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਉਨ੍ਹਾਂ ਨੂੰ ਜੇਲ੍ਹ ਵਿੱਚ ਮਿਲੇਗਾ। ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਅਲਟੀਮੇਟਮ ਦਿੱਤਾ ਹੋਇਆ ਹੈ। ਇਸ ਤੋਂ ਪਹਿਲਾਂ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਦੇ ਵਫਦ ਨੂੰ ਬੇਰੰਗ ਮੋੜ ਦਿੱਤਾ ਸੀ। ਇਸ ਲਈ ਇਹ ਮਾਮਲਾ ਗੰਭੀਰ ਹੋ ਗਿਆ ਹੈ।


ਦਰਅਸਲ ਸ਼੍ਰੋਮਣੀ ਕਮੇਟੀ ਨੇ ਪੰਥਕ ਨੁਮਾਇੰਦਿਆਂ ਨਾਲ ਮੀਟਿੰਗ ਤੋਂ ਬਾਅਦ ਅੱਜ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਸਬੰਧੀ ਦਾਇਰ ਪਟੀਸ਼ਨ ਨੂੰ ਵਾਪਸ ਨਾ ਲੈਣ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਰਾਜੋਆਣਾ ਨੂੰ ਅਪੀਲ ਕੀਤੀ ਹੈ ਕਿ ਉਹ 5 ਦਸੰਬਰ ਨੂੰ ਭੁੱਖ ਹੜਤਾਲ ਕਰਨ ਦਾ ਫੈਸਲਾ ਵਾਪਸ ਲੈਣ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ 20 ਦਸੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਦਿੱਲੀ ਵਿੱਚ ਰੋਸ ਪ੍ਰਦਰਸ਼ਨ ਕਰਨ ਅਤੇ ਰਾਸ਼ਟਰਪਤੀ ਨੂੰ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫਾਰਮੇ ਸੌਂਪੇ ਜਾਣਗੇ। 


ਅੱਜ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅੱਜ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ਵਾਪਸ ਲੈਣ ਦਾ ਮਾਮਲਾ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਰਾਜੋਆਣਾ ਵੱਲੋਂ ਇਹ ਪਟੀਸ਼ਨ ਵਾਪਸ ਲੈਣ ਲਈ ਆਖਿਆ ਗਿਆ ਹੈ। ਇਸ ਮਾਮਲੇ ਵਿੱਚ ਬੀਤੇ ਕੱਲ੍ਹ ਪੰਥਕ ਨੁਮਾਇੰਦਿਆਂ ਦੇ ਵੀ ਵਿਚਾਰ ਲਏ ਸਨ ਤੇ ਅੱਜ ਅੰਤਰਿਗ ਕਮੇਟੀ ਵੱਲੋਂ ਇਹਨਾਂ ਵਿਚਾਰਾਂ ਤੇ ਚਰਚਾ ਕੀਤੀ ਗਈ ਹੈ। 


ਉਨ੍ਹਾਂ ਦੱਸਿਆ ਕਿ ਇਸੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫਦ ਰਾਜੋਆਣਾ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ 20 ਦਸੰਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇਕੱਠ ਕੀਤਾ ਜਾਵੇਗਾ ਤੇ ਮਗਰੋਂ ਰੋਸ ਮਾਰਚ ਕਰਦਿਆਂ ਰਾਸ਼ਟਰਪਤੀ ਭਵਨ ਤੱਕ ਜਾਣਗੇ, ਜਿੱਥੇ ਰਾਸ਼ਟਰਪਤੀ ਭਵਨ ਵਿੱਚ 26 ਲੱਖ ਲੋਕਾਂ ਵੱਲੋਂ ਭਰੇ ਗਏ ਪਰਫੋਰਮੇ ਸੌਂਪੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਵਿੱਚ ਸਮੂਹ ਸਿੱਖ ਜਥੇਬੰਦੀਆਂ, ਸਿਆਸੀ ਜਥੇਬੰਦੀਆਂ ਤੇ ਹੋਰ ਧਾਰਮਿਕ ਜਥੇਬੰਦੀਆਂ ਤੋਂ ਇਲਾਵਾ ਵੱਖ-ਵੱਖ ਸੂਬਿਆਂ ਤੋਂ ਸਿੱਖ ਨੁਮਾਇੰਦੇ ਵੀ ਸ਼ਾਮਲ ਹੋਣਗੇ।