ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਖਿਲਾਫ ਫਾਰਗ ਕੀਤੇ ਮੁਲਾਜ਼ਮਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪਿਛਲੇ ਸਾਲ ਕੱਢੇ ਗਏ ਮੁਲਾਜ਼ਮਾਂ ਨੇ ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਬਾਹਰ ਅਣਮਿੱਥੇ ਸਮੇਂ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।


ਯਾਦ ਰਹੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੇਲੇ ਰੱਖੇ ਗਏ 523 ਮੁਲਾਜ਼ਮਾਂ ਨੂੰ ਗੋਬਿੰਦ ਸਿੰਘ ਲੌਂਗੋਵਾਲ ਦੇ ਕਾਰਜਕਾਲ ’ਚ ਫਾਰਗ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸਬ ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਦੇ ਆਧਾਰ ’ਤੇ ਅੰਤ੍ਰਿੰਗ ਕਮੇਟੀ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਫਾਰਗ ਕਰ ਦਿੱਤਾ ਗਿਆ ਸੀ।

ਇਨ੍ਹਾਂ ਮੁਲਾਜ਼ਮਾਂ ਨੇ ਆਖਿਆ ਕਿ ਸਾਲ ਪਹਿਲਾਂ 500 ਤੋਂ ਵੱਧ ਮੁਲਾਜ਼ਮਾਂ ਨੂੰ ਫਾਰਗ ਕਰ ਦਿੱਤਾ ਸੀ। ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਉਨ੍ਹਾਂ ਕਈ ਵਾਰ ਧਰਨਾ ਦਿੱਤਾ ਹੈ ਤੇ ਹਰ ਵਾਰ ਇਹ ਭਰੋਸਾ ਦੇ ਕੇ ਧਰਨਾ ਖਤਮ ਕਰਵਾ ਦਿੱਤਾ ਗਿਆ ਕਿ ਉਨ੍ਹਾਂ ਦੀ ਨਿਯੁਕਤੀ ਦਾ ਮਾਮਲਾ ਵਿਚਾਰਿਆ ਜਾ ਰਿਹਾ ਹੈ। ਹੁਣ ਤਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲੇ ਸਨ ਤੇ ਉਨ੍ਹਾਂ ਅਦਾਲਤ ਵਿੱਚ ਕੀਤੇ ਕੇਸਾਂ ਬਾਰੇ ਹਲਫੀਆ ਬਿਆਨ ਜਮ੍ਹਾਂ ਕਰਾਉਣ ਲਈ ਆਖਿਆ ਸੀ। 130 ਮੁਲਾਜ਼ਮਾਂ ਵੱਲੋਂ ਹਲਫੀਆ ਬਿਆਨ ਦਿੱਤੇ ਜਾ ਚੁੱਕੇ ਹਨ, ਪਰ ਹੁਣ ਵੀ ਕੋਈ ਕਾਰਵਾਈ ਨਹੀਂ ਹੋਈ ਹੈ।