ਰੌਬਟ ਦੀ ਰਿਪੋਰਟ
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਮਨਜਿੰਦਰ ਸਿਰਸਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਬੇਅਦਬੀ ਦੇ ਦੋਸ਼ੀਆਂ ਲਈ ਉਮਰਕੈਦ ਦੀ ਸਜ਼ਾ ਯਕੀਨੀ ਨਾ ਬਣਾਉਣ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ। ਸਿਰਸਾ ਨੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਨਿਗੂਣੀ ਸਜ਼ਾ ਮਿਲਣ ’ਤੇ ਆਪ ਆਗੂ ਆਪਣੀ ਪਿੱਠ ਥਾਪੜ ਰਹੇ ਹਨ।
ਦੱਸ ਦੇਈਏ ਕਿ ਮੋਗਾ ਦੀ ਅਦਾਲਤ ਨੇ 2015 'ਚ ਪਿੰਡ ਮੱਲਕੇ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਤਿੰਨ ਪੈਰੋਕਾਰਾਂ ਨੂੰ ਤਿੰਨ-ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਹੈ।ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਰਾਹੁਲ ਗਰਗ ਦੀ ਅਦਾਲਤ ਨੇ ਸਿਰਸਾ ਸਥਿਤ ਡੇਰੇ ਦੀ ਸੂਬਾ ਕਮੇਟੀ ਦੇ ਮੈਂਬਰ ਬਾਘਾਪੁਰਾਣਾ ਦੇ ਰਹਿਣ ਵਾਲੇ ਪ੍ਰਿਥਵੀ ਸਿੰਘ ਅਤੇ ਪਿੰਡ ਮੱਲਕੇ ਦੇ ਪੈਰੋਕਾਰ ਮਿੱਠੂ ਸਿੰਘ ਮਾਨ ਅਤੇ ਅਮਰਦੀਪ ਸਿੰਘ ਨੂੰ 5-5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਹੈ।
ਬੀਜੇਪੀ ਲੀਡਰ ਮਨਜਿੰਦਰ ਸਿਰਸਾ ਨੇ ਟਵੀਟ ਕੀਤਾ, "ਘਿਣਾਉਣੀ! ਆਪ ਪੰਜਾਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀ ਨੂੰ ਸਿਰਫ "3 ਸਾਲ" ਦੀ ਸਜ਼ਾ ਦਾ ਜਸ਼ਨ ਮਨਾ ਰਹੀ ਹੈ। ਆਪ ਪੰਜਾਬ ਦਾ ਅਸਲੀ ਚਿਹਰਾ ਬੇਨਕਾਬ; ਇਹ ਬੇਅਦਬੀ ਕਰਨ ਵਾਲੇ ਲੋਕਾਂ ਨਾਲ ਹੱਥ ਮਿਲਾ ਰਿਹਾ ਹੈ। ਇਨਸਾਫ਼ ਲਈ ਲੜ ਰਹੀਆਂ ਸਿੱਖ ਜੱਥੇਬੰਦੀਆਂ ਨੂੰ 'ਆਪ' ਦੇ ਲੁਕਵੇਂ ਏਜੰਡੇ ਦਾ ਵਿਰੋਧ ਕਰਨਾ ਚਾਹੀਦਾ ਹੈ।"
ਜਿਸ ਦੇ ਜਵਾਬ 'ਚ ਆਪ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ, "ਧਾਰਾ 295 ਤਹਿਤ ਵੱਧ ਤੋਂ ਵੱਧ ਸਜ਼ਾ ਤਿੰਨ ਸਾਲ ਹੈ, ਪੰਜਾਬ ਸਰਕਾਰ ਨੇ ਬੇਅਦਬੀ ਦੇ ਮਾਮਲਿਆਂ ਲਈ ਸਜ਼ਾ ਨੂੰ ਉਮਰ ਕੈਦ 'ਚ ਤਬਦੀਲ ਕਰਨ ਲਈ ਧਾਰਾ 295AA ਲਾਗੂ ਕਰਨ ਦਾ ਪ੍ਰਸਤਾਵ ਭੇਜਿਆ ਸੀ। ਕੇਂਦਰ ਸਰਕਾਰ ਨੇ ਕੋਈ ਜਵਾਬ ਜਾਂ ਮਨਜ਼ੂਰੀ ਨਹੀਂ ਦਿੱਤੀ ਹੈ। ਜਾਅਲੀ ਖ਼ਬਰਾਂ ਫੈਲਾਉਣਾ ਬੰਦ ਕਰੋ।"
ਅਦਾਲਤ ਨੇ ਦੋ ਹੋਰ ਮੁਲਜ਼ਮਾਂ ਸਤਨਾਮ ਸਿੰਘ ਵਾਸੀ ਬਾਘਾਪੁਰਾਣਾ ਅਤੇ ਦਵਿੰਦਰ ਸਿੰਘ ਪਿੰਡ ਹਰੀਏ ਵਾਲਾ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ।ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਸਮਾਲਸਰ ਬੇਅਦਬੀ ਮਾਮਲੇ ਵਿੱਚ ਅੱਜ ਤਿੰਨ ਵਿਅਕਤੀਆਂ ਨੂੰ ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਅਖੀਰ ਅੱਜ ਅਕਾਲੀ-ਕਾਂਗਰਸ ਦੀ ਦੋਸ਼ੀਆਂ ਨੂੰ ਦਿੱਤੀ ਨਾਪਾਕ ਸਰਪ੍ਰਸਤੀ ਦਾ ਅੰਤ ਹੋ ਗਿਆ ਹੈ ਅਤੇ ਇਨਸਾਫ਼ ਦੀ ਜਿੱਤ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ 'ਚ ਹਰ ਕਿਸੇ ਨੂੰ ਇਨਸਾਫ਼ ਮਿਲੇਗਾ।
ਨਵੰਬਰ 2015 ਵਿੱਚ, ਗੁਰੂ ਗ੍ਰੰਥ ਸਾਹਿਬ ਦੀ ‘ਬੀੜ’ (ਨਕਲ) ਦੇ ਪਾਟੇ ਹੋਏ ਪੰਨੇ ਮੋਗਾ ਦੇ ਪਿੰਡ ਮੱਲਕੇ ਦੀਆਂ ਗਲੀਆਂ ਵਿੱਚ ਵਿਛੇ ਹੋਏ ਮਿਲੇ ਸਨ। ਇਸ ਤੋਂ ਬਾਅਦ ਪੁਲਿਸ ਕੇਸ ਦਰਜ ਕੀਤਾ ਗਿਆ।ਅਕਤੂਬਰ 2018 ਵਿੱਚ, ਪੰਜਾਬ ਪੁਲਿਸ ਦੀ ਇੱਕ ਵਿਸ਼ੇਸ਼ ਜਾਂਚ ਟੀਮ (SIT) ਨੇ ਇਸ ਘਟਨਾ ਦੇ ਸਬੰਧ ਵਿੱਚ ਪੰਜ ਡੇਰਾ ਪੈਰੋਕਾਰਾਂ ਨੂੰ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ