Sacrilege Case of Punjab : ਪੰਜਾਬ ਵਿੱਚ ਬੇਅਦਬੀ ਮਾਮਲੇ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਤਰਫੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਡੇਰਾ ਮੁਖੀ ਦੇ ਵਕੀਲ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਸ ਨਾਲ ਸਬੰਧਤ ਲੋੜੀਂਦੇ ਦਸਤਾਵੇਜ਼ ਨਹੀਂ ਦਿੱਤੇ ਗਏ ਹਨ। ਇਹ ਮਾਮਲਾ ਜ਼ਿਲ੍ਹਾ ਫ਼ਰੀਦਕੋਟ ਦੀ ਅਦਾਲਤ ਵਿੱਚ ਵਿਚਾਰ ਅਧੀਨ ਹੈ। ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਡੇਰਾ ਮੁਖੀ ਨੂੰ ਸਾਰੇ ਦਸਤਾਵੇਜ਼ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ ਹਨ। ਨਾਲ ਹੀ ਦਸਤਾਵੇਜ਼ਾਂ ਨੂੰ ਪੈਨ ਡਰਾਈਵ 'ਚ ਅਪਲੋਡ ਕਰਕੇ ਡੇਰਾ ਮੁਖੀ ਦੇ ਵਕੀਲ ਨੂੰ ਦੇਣ ਦੇ ਹੁਕਮ ਦਿੱਤੇ ਹਨ।


ਇਸ ਤੋਂ ਪਹਿਲਾਂ ਹਾਈਕੋਰਟ ਨੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਐੱਸਆਈਟੀ ਦੀ ਬਜਾਏ ਸੀਬੀਆਈ ਤੋਂ ਕਰਵਾਉਣ ਦੀ ਪੰਜਾਬ ਸਰਕਾਰ ਦੀ ਮੰਗ 'ਤੇ ਕੇਂਦਰ ਅਤੇ ਸੀਬੀਆਈ ਤੋਂ ਜਵਾਬ ਤਲਬ ਕੀਤਾ ਹੈ। ਹਾਈ ਕੋਰਟ ਦੇ ਜਸਟਿਸ ਵਿਨੋਦ ਭਾਰਦਵਾਜ ਨੇ ਇਹ ਹੁਕਮ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਦਾਇਰ ਸੋਧ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤਾ ਹੈ।


ਮਾਮਲੇ ਦੀ ਸੁਣਵਾਈ ਦੌਰਾਨ ਸੀਬੀਆਈ ਨੇ ਕਿਹਾ ਕਿ ਉਹ ਪਹਿਲਾਂ ਹੀ ਮੂਲ ਪਟੀਸ਼ਨ 'ਤੇ ਆਪਣਾ ਜਵਾਬ ਦਾਖ਼ਲ ਕਰ ਚੁੱਕੀ ਹੈ, ਪਰ ਅਦਾਲਤ ਦੇ ਹੁਕਮਾਂ 'ਤੇ ਨਵਾਂ ਜਵਾਬ ਦਾਖ਼ਲ ਕਰੇਗੀ। ਕੇਂਦਰ ਸਰਕਾਰ ਨੇ ਵੀ ਜਵਾਬ ਦੇਣ ਲਈ ਅਦਾਲਤ ਤੋਂ ਦੋ ਹਫ਼ਤਿਆਂ ਦਾ ਸਮਾਂ ਮੰਗਿਆ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੰਦਿਆਂ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।


ਪੰਜਾਬ ਸਰਕਾਰ ਨੇ ਡੇਰਾ ਮੁਖੀ ਦੀ ਪਟੀਸ਼ਨ 'ਤੇ ਆਪਣਾ ਜਵਾਬ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਸੂਬਾ ਸਰਕਾਰ ਨੇ ਸੀਬੀਆਈ ਜਾਂਚ ਦੇ ਹੁਕਮਾਂ ਨੂੰ ਵਾਪਸ ਲੈਣ ਲਈ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਸੀ। ਹਾਈਕੋਰਟ ਅਤੇ ਫਿਰ ਸੁਪਰੀਮ ਕੋਰਟ ਨੇ ਵੀ ਇਸ 'ਤੇ ਆਪਣੀ ਮੋਹਰ ਲਗਾ ਦਿੱਤੀ ਸੀ। ਹਾਈ ਕੋਰਟ ਦੇ ਹੁਕਮਾਂ 'ਤੇ ਹੀ ਐਸਆਈਟੀ ਮਾਮਲੇ ਦੀ ਜਾਂਚ ਕਰ ਰਹੀ ਹੈ। ਅਜਿਹੇ 'ਚ ਡੇਰਾ ਮੁਖੀ ਦੀ ਇਹ ਮੰਗ ਕਰਨਾ ਪੂਰੀ ਤਰ੍ਹਾਂ ਗਲਤ ਹੈ ਅਤੇ ਪਟੀਸ਼ਨ ਨੂੰ ਖਾਰਜ ਕੀਤਾ ਜਾਣਾ ਚਾਹੀਦਾ ਹੈ।