ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਵੱਡਾ ਖੁਲਾਸਾ ਕੀਤਾ ਹੈ। ਸਿੱਟ ਨੇ ਅਦਾਲਤ ਵਿੱਚ ਦੱਸਿਆ ਕਿ ਪੁਲਿਸ ਨੇ ਆਪਣੀਆਂ ਗੱਡੀਆਂ ਨੂੰ ਖੁਦ ਹੀ ਗੋਲੀਆਂ ਮਾਰ ਕੇ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਉਨ੍ਹਾਂ ਨੇ ਆਤਮ ਰੱਖਿਆ ਲਈ ਫਾਇਰਿੰਗ ਕੀਤੀ ਸੀ। ਸਿੱਟ ਨੇ ਇਸ ਆਧਾਰ 'ਤੇ ਹੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਤਿੰਨ ਦਿਲ ਲਈ ਰਿਮਾਂਡ ਹਾਸਲ ਕੀਤਾ ਤਾਂ ਜੋ ਉਸ ਕੋਲੋਂ ਗੱਡੀਆਂ ਨੂੰ ਗੋਲੀਆਂ ਮਾਰਨ ਵਾਲੀ ਰਾਈਫਲ ਬਰਾਮਦ ਕੀਤੀ ਜਾ ਸਕੇ।


ਦਰਅਸਲ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕੀਤੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਤੋਂ ਅੱਠ ਦਿਨ ਦੇ ਰਿਮਾਂਡ ਦੌਰਾਨ ਪੁੱਛਗਿੱਛ ਮਗਰੋਂ ਇਹ ਖੁਲਾਸਾ ਕੀਤਾ ਹੈ। ਪੁਲਿਸ ਨੇ ਸੋਮਮਾਰ ਨੂੰ ਰਿਮਾਂਡ ਖਤਮ ਹੋਣ ਮਗਰੋਂ ਚਰਨਜੀਤ ਸ਼ਰਮਾ ਨੂੰ ਅਦਾਲਤ ਵਿੱਚ ਪੇਸ਼ ਕਰਕੇ ਹੋਰ ਰਿਮਾਂਡ ਲਿਆ ਹੈ।

ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਬਹਿਬਲ ਕਾਂਡ ਵਿੱਚ ਧਰਨਾਕਾਰੀਆਂ ਵੱਲੋਂ ਪੁਲਿਸ ਦੇ ਵਾਹਨਾਂ ‘ਤੇ ਗੋਲੀਆਂ ਚਲਾਉਣ ਦੀ ਗੱਲ ਸਹੀ ਨਹੀਂ। ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਆਪਣਾ ਬਚਾਅ ਕਰਨ ਲਈ ਪੁਲਿਸ ਦੀਆਂ ਜਿਪਸੀਆਂ ‘ਤੇ ਪੁਲਿਸ ਅਧਿਕਾਰੀਆਂ ਨੇ ਹੀ ਗੋਲੀਆਂ ਚਲਾਈਆਂ ਸੀ।

ਜਾਂਚ ਟੀਮ ਨੇ ਦਾਅਵਾ ਕੀਤਾ ਕਿ ਮੌਕੇ ‘ਤੇ ਤਾਇਨਾਤ ਪੁਲਿਸ ਕੋਲ ਸਰਕਾਰੀ ਅਸਲੇ ਤੋਂ ਇਲਾਵਾ ਨਿੱਜੀ ਅਸਲਾ ਵੀ ਮੌਜੂਦ ਸੀ। ਜੋ ਗੋਲੀਆਂ ਪੁਲਿਸ ਦੀ ਜਿਪਸੀ ਵਿੱਚ ਵੱਜੀਆਂ ਸਨ, ਉਹ 12 ਬੋਰ ਰਾਈਫਲ ਨਾਲ ਮਾਰੀਆਂ ਗਈਆਂ ਸਨ। ਜਾਂਚ ਟੀਮ ਨੇ ਪੁਲਿਸ ਰਿਮਾਂਡ ਦੀ ਮੰਗ ਕਰਦਿਆਂ ਕਿਹਾ ਕਿ ਇਸ 12 ਬੋਰ ਹਥਿਆਰ ਬਾਰੇ ਸਾਬਕਾ ਪੁਲਿਸ ਮੁਖੀ ਤੋਂ ਹੋਰ ਪੁੱਛਗਿੱਛ ਦੀ ਲੋੜ ਹੈ। ਸਿੱਟ ਨੇ ਕਿਹਾ ਕਿ ਹੋਰ ਵੀ ਵੱਡੇ ਖੁਲਾਸੇ ਹੋਏ ਹਨ ਜਿਨ੍ਹਾਂ ਨੂੰ ਅਜੇ ਜਨਤਕ ਨਹੀਂ ਕੀਤਾ ਜਾ ਸਕਦਾ।