ਦੂਜੇ ਪਾਸੇ ਸਿੱਖ ਜਥੇਬੰਦੀਆਂ ਵੀ ਸ਼੍ਰੋਮਣੀ ਅਕਾਲੀ ਦਲ ਖਿਲਾਫ ਡਟ ਗਈਆਂ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਜਾਂਚ ਅਕਾਲੀ ਦਲ ਦੀ ਸਰਕਾਰ ਨੇ ਹੀ ਸੌਂਪੀ ਸੀ। ਇਸ ਤੋਂ ਇਲਾਵਾ ਪਿਛਲੇ ਪੰਜ ਸਾਲ ਤੋਂ ਕੇਂਦਰ ਵਿੱਚ ਵੀ ਅਕਾਲੀ ਦਲ ਦੀ ਭਾਈਵਾਲ ਬੀਜੇਪੀ ਦੀ ਸਰਕਾਰ ਹੈ। ਸੀਬੀਆਈ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ। ਇਸ ਲਈ ਅਕਾਲੀ ਦਲ ਨੂੰ ਇਸ ਬਾਰੇ ਸਿਆਸਤ ਨਹੀਂ ਕਰਨੀ ਚਾਹੀਦੀ।
ਇਸ ਬਾਰੇ ਦਲ ਖਾਲਸਾ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ’ਚ ਹੁੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਹੀ ਇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਹੁਣ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦੇਣ ’ਤੇ ਅਕਾਲੀ ਦਲ ਕਿਹੜੇ ਮੂੰਹ ਨਾਲ ਇਸ ਦਾ ਵਿਰੋਧ ਕਰ ਰਿਹਾ ਹੈ।
ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਅਕਾਲੀ ਦਲ ਤੇ ਕਾਂਗਰਸ ਵਾਲੇ ਬਰਾਬਰ ਦੇ ਕਸੂਰਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਸੱਤਾ ਤੋਂ ਬਾਹਰ ਹੁੰਦਾ ਹੈ ਤਾਂ ਉਨ੍ਹਾਂ ਨੂੰ ਪੰਥਕ ਮਸਲੇ ਵੀ ਦਿਖਾਈ ਦੇਣ ਲੱਗਦੇ ਹਨ ਤੇ ਪੰਥ ਲਈ ਖਤਰਾ ਵੀ ਲੱਗਦਾ ਹੈ। ਸੱਤਾ ਵਿੱਚ ਆਉਣ ਸਾਰ ਹੀ ਪੰਥਕ ਖਤਰੇ ਖੰਭ ਲਾ ਕੇ ਉੱਡ ਜਾਂਦੇ ਹਨ।