Punjab News: ਸ਼੍ਰੋਮਣੀ ਅਕਾਲੀ ਦਲ ਨੇ ਮੁਹਾਲੀ ਦੇ ਕੌਮਾਂਤਰੀ ਏਅਰਪੋਰਟ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਪੰਜਾਬ ਵਿਰੋਧੀ ਸਾਜ਼ਿਸ਼ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹਨ।

ਸ਼੍ਰੋਮਣੀ ਅਕਾਲੀ ਦਲ ਨੇ ਟਵੀਟ ਕੀਤਾ ਕਿ ਅਖਬਾਰਾਂ ਦੱਸਦੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਹਵਾਈ ਅੱਡੇ ਲਈ 307 ਕਿੱਲੇ ਮੁਹਾਲੀ ਦੀ ਜ਼ਮੀਨ ਦਿੱਤੀ ਤੇ ਇਸ ਦਾ ਨਾਮ "ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ" ਰੱਖਣ ਦਾ ਵਿਧਾਨ ਸਭਾ ਵਿਚ ਮਤਾ ਵੀ ਪਾਸ ਕੀਤਾ ਸੀ।



ਦੱਸ ਦਈਏ ਕਿ ਬੁੱਧਵਾਰ ਨੂੰ ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਬਦਲ ਕੇ ‘ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ’ ਰੱਖ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੇ ਦਿਨੀਂ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਵਿੱਚ ਇਸ ਬਾਰੇ ਐਲਾਨ ਕੀਤਾ ਸੀ। 



ਬੁੱਧਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਲਈ ਮੁਹਾਲੀ ਪਹੁੰਚੇ। ਉਧਰ, ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡੇ ਦੇ ਨਾਮ ’ਚੋਂ ਮੁਹਾਲੀ ਸ਼ਬਦ ਗ਼ਾਇਬ ਹੋਣ ਤੋਂ ਪੰਜਾਬ ਦੀ ਸਿਆਸਤ ’ਚ ਉਬਾਲ ਆ ਗਿਆ। 


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੁਝ ਦਿਨ ਪਹਿਲਾਂ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ ਕੀਤਾ ਸੀ ਜਿਸ ਦਾ ਸਵਾਗਤ ਸਮੁੱਚੇ ਪੰਜਾਬ ਨੇ ਕੀਤਾ ਸੀ। ਸਿਆਸੀ ਰੱਫੜ ਹੁਣ ਇਸ ਹਵਾਈ ਅੱਡੇ ਦੇ ਨਾਮ ਨਾਲ ਚੰਡੀਗੜ੍ਹ ਲਿਖੇ ਜਾਣ ਤੋਂ ਖੜ੍ਹਾ ਹੋ ਗਿਆ ਹੈ। ਚਰਚਾ ਹੈ ਕਿ ਕੇਂਦਰ ਸਰਕਾਰ ਇੱਕ ਤੀਰ ਨਾਲ ਦੋ ਨਿਸ਼ਾਨੇ ਲਾਉਣ ’ਚ ਸਫ਼ਲ ਹੋ ਗਈ ਹੈ।