ਚੰਡੀਗੜ੍ਹ: ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਦੀ ਮੌਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਦੋਂ ਸਮਾਜ ਦੇ ਸਾਰੇ ਵਰਗਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ ਤਾਂ ਅਜਿਹੇ ਸਮੇਂ ਮੁੱਖ ਮੰਤਰੀ 14 ਦਿਨਾਂ ਲਈ ਛੁੱਟੀਆਂ ਮਨਾਉਣ ਯੂਰਪ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕਾਂ ਪ੍ਰਤੀ ਲਾਪ੍ਰਵਾਹੀ ਹੈਰਾਨ ਕਰਨ ਵਾਲੀ ਹੈ।
ਸੁਖਬੀਰ ਬਾਦਲ ਨੇ ਕਿਹਾ ਹੈ ਕਿ ਦਲਿਤਾਂ 'ਤੇ ਅੱਤਿਆਚਾਰਾਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਤੇ ਜਗਮੇਲ ਦੇ ਤਾਜ਼ਾ ਮਾਮਲੇ ਨੇ ਹਰ ਸੰਵੇਦਨਸ਼ੀਲ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਗਮੇਲ ਨੂੰ ਖੰਭੇ ਨਾਲ ਬੰਨ੍ਹਣ ਮਗਰੋਂ ਕੁਝ ਲੋਕਾਂ ਨੇ ਉਸ ਉੱਤੇ ਅਣਮਨੁੱਖੀ ਤਸ਼ਦੱਦ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਜਗਮੇਲ ਦੇ ਹਮਲਾਵਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ ਤੇ ਨਾ ਹੀ ਸਹੀ ਢੰਗ ਨਾਲ ਇਲਾਜ ਕਰਵਾ ਸਕੀ ਹੈ।
ਉਨ੍ਹਾਂ ਕਿਹਾ ਕਿ ਜਗਮੇਲ ਦਾ ਇਲਾਜ ਕਰਵਾਉਣ ਵਿੱਚ ਕੀਤੀ ਦੇਰੀ ਇੱਕ ਅਪਰਾਧਕ ਲਾਪ੍ਰਵਾਹੀ ਹੈ, ਜਿਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਮੁੱਖ ਮੰਤਰੀ ਵੱਲੋਂ ਸੂਬੇ ਦੇ ਮਾਮਲਿਆਂ ਵਿੱਚ ਰਤੀ ਭਰ ਵੀ ਦਿਲਚਸਪੀ ਨਾ ਲੈਣ ਕਰਕੇ ਵਾਪਰਿਆ ਹੈ।
ਭਗਵੰਤ ਮਾਨ ਉਠਾਉਣਗੇ ਪਾਰਲੀਮੈਂਟ 'ਚ ਮੁੱਦਾ
ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਇਹ ਮੁੱਦਾ ਪਾਰਲੀਮੈਂਟ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਲਈ ਦੂਜੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਨਾਲ ਲਿਆ ਜਾਵੇਗਾ ਤਾਂ ਜੋ ਪੰਜਾਬ ਸਰਕਾਰ 'ਤੇ ਦਬਾਅ ਬਣ ਸਕੇ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲਣਗੇ। ਭਗਵੰਤ ਮਾਨ ਨੇ ਪਾਰਟੀ ਲੀਡਰਾਂ ਤੇ ਵਰਕਰਾਂ ਨੂੰ ਕਿਹਾ ਕਿ ਨੌਜਵਾਨ ਦੇ ਪਰਿਵਾਰ ਦਾ ਡਟ ਕੇ ਸਾਥ ਦਿੱਤਾ ਜਾਵੇ।
ਪੰਜਾਬ ਸੜ ਰਿਹਾ, ਕੈਪਟਨ ਦੀਆਂ ਯੂਰਪੀ ਸੈਰਾਂ, ਸੁਖਬੀਰ ਬਾਦਲ ਨੇ ਉਠਾਏ ਸਵਾਲ
ਏਬੀਪੀ ਸਾਂਝਾ Updated at: 17 Nov 2019 01:20 PM (IST)