ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਲਈ ਨਵੀਂ ਮੁਸੀਬਤ ਖੜ੍ਹੀ ਹੋ ਗਈ ਹੈ। ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆ ਕਾਂਡ ਵਿੱਚ ਫਾਂਸੀ ਦੀ ਸਜ਼ਾ ਯਾਫਤਾ ਬਲਵੰਤ ਸਿੰਘ ਰਾਜੋਆਣਾ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰ ਦਿੱਤਾ ਹੈ। ਰਾਜੋਆਣਾ ਇਸ ਗੱਲ਼ ਤੋਂ ਖਫਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਉਸ ਦੀ ਰਾਸ਼ਟਰਪਤੀ ਕੋਲ ਪਈ ਰਹਿਮ ਦੀ ਅਪੀਲ ਦਾ ਨਿਬੇੜਾ ਕਰਾਉਣ ਲਈ ਸਹੀ ਤਰੀਕੇ ਨਾਲ ਪੈਰਵਾਈ ਨਹੀਂ ਕਰ ਰਹੀ। ਇਸ ਲਈ ਉਸ ਨੇ ਜੇਲ੍ਹ ਵਿੱਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਕੇਂਦਰ ਵਿੱਚ ਅਕਾਲੀ ਦਲ ਦੀ ਭਾਈਵਾਲ ਸਰਕਾਰ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਅਕਾਲੀ ਦਲ ਵੀ ਇਸ ਮੁੱਦੇ 'ਤੇ ਘਿਰਦਾ ਨਜ਼ਰ ਆ ਰਿਹਾ ਹੈ। ਸ਼੍ਰੋਮਣੀ ਕਮੇਟੀ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਹੜਤਾਲ ਖਤਮ ਕਰਾਉਣ ਲਈ ਚਾਰਾਜੋਈ ਕੀਤੀ ਸੀ ਪਰ ਰਾਜੋਆਣਾ ਨਹੀਂ ਮੰਨਿਆ। ਹੁਣ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ਼ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਰਗਾੜੀ ਵਿੱਚ ਇੱਕ ਜੂਨ ਤੋਂ ਇਨਸਾਫ ਮੋਰਚਾ ਲਾਈ ਬੈਠੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਰਾਜੋਆਣਾ ਦੇ ਸੰਘਰਸ਼ ਦੀ ਹਮਾਇਤ ਕੀਤੀ ਹੈ। ਇਨਸਾਫ ਮੋਰਚਾ ਦੇ ਲੀਡਰਾਂ ਨੇ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਘੇਰਦਿਆਂ ਕਿਹਾ ਹੈ ਕਿ ਕੇਂਦਰ ਵਿੱਚ ਭਾਈਵਾਲੀ ਸਰਕਾਰ ਹੋਣ ਦੇ ਬਾਵਜੂਦ ਰਾਜੋਆਣਾ ਦੇ ਮਸਲੇ ਨੂੰ ਹੱਲ਼ ਨਹੀਂ ਕਰਵਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਵੀ ਕੇਂਦਰ ਸਰਕਾਰ ਦੇ ਹੱਥ ਹੈ ਪਰ ਅਕਾਲੀ ਦਲ ਇਸ ਬਾਰੇ ਵੀ ਕੁਝ ਨਹੀਂ ਕਰ ਰਿਹਾ।