ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਪੁਲਿਸ ਫਾਇਰਿੰਗ ਦੀ ਜਾਂਚ ਕਰ ਰਹੀ ਸਿੱਟ ਦੇ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਖਹਿੜਾ ਛੱਡਣ ਦੇ ਰੌਂਅ ਵਿੱਚ ਨਹੀਂ ਹੈ। ਹੁਣ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਬਾਰੇ ਕਾਂਗਰਸ ਸਰਕਾਰ ਵੱਲੋਂ ਚੋਣ ਕਮਿਸ਼ਨ ਨੂੰ ਗੁੰਮਰਾਹ ਕੀਤਾ ਗਿਆ ਹੈ। ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਕਿਸੇ ਜੱਜ ਦੀ ਨਿਗਰਾਨੀ ਵਿੱਚ ਕਰਵਾਈ ਜਾਵੇ।


ਸਾਬਕਾ ਮੰਤਰੀ ਮਜੀਠੀਆ ਨੇ ਕਿਹਾ ਕਿ ਆਈਜੀ ਕੰਵਰ ਵਿਜੈ ਪ੍ਰਤਾਪ ਸਿੰਘ ਨੂੰ ਗੈਰ-ਪੇਸ਼ੇਵਰ ਵਿਹਾਰ ਕਰਨ ਦੀ ਪੁਰਾਣੀ ਆਦਤ ਹੈ। ਉਨ੍ਹਾਂ ਕਿਹਾ ਕਿ ਹਾਈਕੋਰਟ ਦੇ ਇੱਕ ਸਾਬਕਾ ਚੀਫ ਜਸਟਿਸ ਐਸਕੇ ਕੌਸ ਦੇ ਹੁਕਮ ਮੁਤਾਬਕ ਇਹ ਅਧਿਕਾਰੀ ਸਿਵਲ ਝਗੜੇ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਕਰਨ ਦਾ ਦੋਸ਼ੀ ਪਾਇਆ ਗਿਆ ਸੀ ਤੇ ਹਾਈਕੋਰਟ ਨੇ ਇਸ ਨੂੰ 5 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ।

ਮਜੀਠੀਆ ਨੇ ਕਿਹਾ ਕਿ ਆਈਜੀ ਨੂੰ ਪਟੀਸ਼ਨਰ ਤੇ ਉਸ ਦੇ ਬੇਟੇ ਕੋਲੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਵੀ ਕਿਹਾ ਗਿਆ ਸੀ। ਇਸ ਤੋਂ ਸਾਬਤ ਹੁੰਦਾ ਹੈ ਕਿ ਨਿੱਜੀ ਦੁਸ਼ਮਣੀ ਕੱਢਣ ਲਈ ਉਸ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਪੁਲਿਸ ਅਧਿਕਾਰੀ ਕਿਸੇ ਵੀ ਸਮੇਂ ਕਾਂਗਰਸ ਵਿੱਚ ਸ਼ਾਮਲ ਹੋ ਸਕਦਾ ਹੈ।

ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਆਈਜੀ ਦਾ ਪਰਦਾਫਾਸ਼ ਕਰਨਾ ਜਾਰੀ ਰੱਖੇਗਾ। ਉਨ੍ਹਾਂ ਕਿਹਾ ਕਿ ਅਸੀਂ ਕੋਟਕਪੂਰਾ ਤੇ ਬਹਿਬਲ ਕਲਾਂ ਵਿੱਚ ਪੁਲਿਸ ਕਾਰਵਾਈ ਦੀ ਕਿਸੇ ਵੀ ਤਰ੍ਹਾਂ ਦੀ ਜਾਂਚ ਲਈ ਤਿਆਰ ਹਾਂ, ਪਰ ਸਾਡਾ ਸਟੈਂਡ ਇਹ ਹੈ ਕਿ ਇਹ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਿਸੇ ਸੁਤੰਤਰ ਏਜੰਸੀ ਵੱਲੋਂ ਕੀਤੀ ਜਾਣੀ ਚਾਹੀਦੀ ਹੈ।