ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਸਾਹਮਣੇ ਵੱਡੀ ਮੰਗ ਰੱਖੀ ਹੈ। ਅਕਾਲੀ ਦਲ ਵੱਲੋਂ ਵਿਧਾਨ ਸਭਾ ਦੇ ਸਪੀਕਰ ਨੂੰ ਪ੍ਰਸਤਾਵ ਭੇਜਿਆ ਗਿਆ ਹੈ। ਇਸ ਵਿੱਚ ਕੇਂਦਰ ਸਰਕਾਰ ਨੂੰ ਇਹ ਅਪੀਲ ਕੀਤੀ ਗਈ ਹੈ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸਨਮਾਨ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ।


ਦੱਸ ਦਈਏ ਕਿ ਇਹ ਇਜਲਾਸ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੁਲਾਇਆ ਗਿਆ ਹੈ। ਬੇਸ਼ੱਕ ਵਿਸ਼ੇਸ਼ ਇਜਲਾਸ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਬਾਰੇ ਹੀ ਵਿਚਾਰ ਚਰਚਾ ਹੋਏਗੀ ਪਰ ਵਿਰੋਧੀ ਧਿਰਾਂ ਨੇ ਸਰਕਾਰ ਨੂੰ ਕਈ ਮੁੱਦਿਆਂ ਉੱਪਰ ਘੇਰਨ ਦੀ ਵੀ ਰਣਨੀਤੀ ਬਣਾਈ ਹੋਈ ਹੈ।


ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਾਬਕਾ ਚੀਫ਼ ਜਸਟਿਸ ਜੇਐਸ ਖੈਹਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਬਾਰੇ ਵਿਚਾਰ ਰੱਖੇ।


ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਅਸੀਂ ਗੁਰੂ ਸਾਹਿਬ ਦੇ ਹੁਕਮ ਤੇ ਸੰਦੇਸ਼ 'ਤੇ ਚੱਲੀਏ ਤਾਂ ਵੱਖਰੀ ਹੀ ਦੁਨੀਆਂ ਦੇਖਣ ਨੂੰ ਮਿਲੇਗੀ, ਸਾਨੂੰ ਉਨ੍ਹਾਂ ਵੱਲੋਂ ਦਿਖਾਏ ਰਸਤੇ ਤੇ ਵਿਚਾਰਧਾਰਾ ਅਨੁਸਾਰ ਚੱਲਣਾ ਚਾਹੀਦਾ ਹੈ।


ਇਸ ਤੋਂ ਪਹਿਲਾਂ ਅੱਜ ਸਵੇਰੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਮਗਰੋਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ ਦਿੱਤੀ ਗਈ ਸੀ। ਇਸ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਇਸ ਮਗਰੋਂ 11 ਵਜੇ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਸਾਬਕਾ ਚੀਫ਼ ਜਸਟਿਸ ਜੇਐਸ ਖੈਹਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ।