ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦਿੱਲੀ ਤੋਂ ਵੱਡਾ ਹੁਲਾਰਾ ਮਿਲਿਆ ਹੈ। ਪਾਰਟੀ ਨੇ ਲਗਾਤਾਰ ਤੀਜੀ ਵਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਜਿੱਤ ਲਈਆਂ ਹਨ। ਇਸ ਨਾਲ ਅਕਾਲੀ ਦਲ ਨੇ ਸਾਬਤ ਕਰ ਦਿੱਤਾ ਹੈ ਕਿ ਅਜੇ ਵੀ ਉਨ੍ਹਾਂ ਦੀ ਪੰਥਕ ਵੋਟਰਾਂ ਉੱਪਰ ਪਕੜ ਮਜਬੂਤ ਹੈ।


ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ’ਚ ਛੇ-7 ਮਹੀਨਿਆਂ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਅਜਿਹੇ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕੀ ਕਮੇਟੀ ਦੀਆਂ ਚੋਣਾਂ ਦੀ ਜਿੱਤ ਅਕਾਲੀ ਦਲ ਲਈ ਰਾਮਬਾਨ ਦਾ ਕੰਮ ਕਰੇਗੀ। ਇਸ ਨਾਲ ਅਕਾਲੀ ਦਲ ਦੇ ਵਰਕਰਾਂ ਦਾ ਉਤਸ਼ਾਹ ਵਧੇਗਾ ਜਿਸ ਦਾ ਸਿੱਧਾ ਅਸਰ ਵਿਧਾਨ ਸਭਾ ਚੋਣਾਂ ਵਿੱਚ ਵੇਖਣ ਨੂੰ ਮਿਲੇਗਾ।


ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਹਿਣਾ ਹੈ ਕਿ ਲਗਾਤਾਰ ਤੀਜੀ ਵਾਰੀ ਹੋਈ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸਿੱਖਾਂ ਦੀ ਇੱਕੋ-ਇੱਕ ਪਾਰਟੀ ਅਕਾਲੀ ਦਲ ਹੈ ਤੇ ਵਿਰੋਧੀਆਂ ਦੀਆਂ ਚਾਲਾਂ ਫੇਲ੍ਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਪਸ਼ਟ ਹੈ ਕਿ ਲੋਕ ਅਕਾਲੀ ਦਲ ਤੋਂ ਖੁਸ਼ ਹਨ ਤੇ ਪੰਜਾਬ ਵਿੱਚ ਵੀ ਅਗਲੀ ਸਰਕਾਰ ਅਕਾਲੀ ਦਲ ਦੀ ਹੀ ਹੋਏਗੀ।


ਦੱਸ ਦਈਏ ਕਿ ਪੰਜਾਬ ਵਿੱਚ ਲਗਾਤਾਰ ਇੱਕ ਦਹਾਕਾ ਸੱਤਾ ਦਾ ਆਨੰਦ ਮਾਨਣ ਤੋਂ ਬਾਅਦ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ ਨੂੰ ਅਜਿਹੀ ਨਮੋਸ਼ੀ ਭਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਤੇ ਇਹ ਪਾਰਟੀ ਮੁੱਖ ਵਿਰੋਧੀ ਧਿਰ ਦਾ ਰੁਤਬਾ ਵੀ ਹਾਸਲ ਨਹੀਂ ਸੀ ਕਰ ਸਕੀ। ਉਸ ਤੋਂ ਬਾਅਦ 2019 ਦੀਆਂ ਸੰਸਦੀ ਚੋਣਾਂ ਦੌਰਾਨ ਵੀ ਮਹਿਜ਼ ਦੋ ਸੀਟਾਂ ਨਾਲ ਹੀ ਗੁਜ਼ਾਰਾ ਕਰਨਾ ਪਿਆ ਸੀ।


ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਚੁਣੌਤੀਆਂ ਉਦੋਂ ਵਧ ਗਈਆਂ ਸਨ ਜਦੋਂ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਟਕਸਾਲੀ ਤੇ ਕੱਦਾਵਰ ਆਗੂਆਂ ਨੇ ਕਿਨਾਰਾ ਕਰ ਲਿਆ ਸੀ। ਸੁਖਬੀਰ ਬਾਦਲ ਨੇ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਤੇ 2022 ਦੀਆਂ ਚੋਣਾਂ ਦੀ ਤਿਆਰੀ ਲਈ 100 ਦਿਨਾਂ ਯਾਤਰਾ ਆਰੰਭੀ ਹੋਈ ਹੈ।


ਬੇਸ਼ੱਕ ਸੁਖਬੀਰ ਬਾਦਲ ਦਾ ਪੰਜਾਬ ਵਿੱਚ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ ਪਰ ਅਕਾਲੀ ਦਲ ਦਾ ਮੰਨਣਾ ਹੈ ਕਿ ਇਹ ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਾਰਕੁਨਾਂ ਦੀ ਸ਼ਰਾਰਤ ਹੈ। ਇਸ ਲਈ ਇਨ੍ਹਾਂ ਵਿਰੋਧਾਂ ਦਾ ਚੋਣਾਂ ਉੱਪਰ ਕੋਈ ਅਸਰ ਨਹੀਂ ਪਏਗਾ।