ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਮੁੜ ਧਰਮ ਸੰਕਟ ਵਿੱਚ ਘਿਰ ਗਿਆ ਹੈ। ਅਕਾਲੀ ਦਲ ਦਾ ਸਭ ਤੋਂ ਵੱਡਾ ਵੋਟ ਬੈਂਕ ਕਿਸਾਨ ਤੇ ਪਿੰਡਾਂ ਦੇ ਲੋਕ ਹਨ ਪਰ ਖੇਤੀ ਕਾਨੂੰਨਾਂ ਖਿਲਾਫ ਅੰਦੋਲਨ ਕਰਕੇ ਹਾਲਾਤ ਪਾਰਟੀ ਲਈ ਸਾਜਗਾਰ ਨਹੀਂ ਹਨ। ਅਕਾਲੀ ਦਲ ਨੇ ਇਸ ਵਾਰ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰਕੇ ਚੋਣ ਮੁਹਿੰਮ ਭਖਾਉਣ ਦੀ ਕੋਸ਼ਿਸ਼ ਪਰ ਕਿਸਾਨਾਂ ਦੇ ਵਿਰੋਧ ਕਾਰਨ ਹਾਲਾਤ ਟਕਰਾਅ ਵਾਲੇ ਬਣ ਗਏ। ਇਸ ਲਈ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣਾ ‘ਪੰਜਾਬ ਦੀ ਗੱਲ’ ਪ੍ਰੋਗਰਾਮ ਮੁਅੱਤਲ ਕਰਨਾ ਪਿਆ ਹੈ।


ਹੁਣ ਸ਼੍ਰੋਮਣੀ ਅਕਾਲੀ ਦਲ ਦੀਆਂ ਨਜ਼ਰਾਂ ਅੱਜ ਚੰਡੀਗੜ੍ਹ ਵਿੱਚ ਹੋਰ ਰਹੀ ਕਿਸਾਨ ਯੂਨੀਅਨਾਂ ਨਾਲ ਮੀਟਿੰਗ ਉੱਪਰ ਹਨ। ਇਸ ਲਈ ਅਕਾਲੀ ਦਲ ਨੇ ਭਵਿੱਖ ਦੀ ਸਿਆਸੀ ਰਣਨੀਤੀ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਤੈਅ ਕਰਨ ਦਾ ਫ਼ੈਸਲਾ ਕੀਤਾ ਹੈ। ਪਾਰਟੀ ਦੀ ਕੋਰ ਕਮੇਟੀ ਨੇ ਚਾਰ ਸੀਨੀਅਰ ਅਕਾਲੀ ਲੀਡਰਾਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ ਤੇ ਡਾ. ਦਲਜੀਤ ਸਿੰਘ ਚੀਮਾ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਲਈ ਨਿਯੁਕਤ ਕੀਤਾ ਹੈ।


ਅਕਾਲੀ ਦਲ ਦਾ ਕਹਿਣਾ ਹੈ ਕਿ ਕਿਸਾਨਾਂ ਜਾਂ ਕਿਸਾਨ ਜਥੇਬੰਦੀਆਂ ਨਾਲ ਕਿਸੇ ਵੀ ਤਰ੍ਹਾਂ ਦਾ ਟਕਰਾਅ ਨਹੀਂ ਚਾਹੁੰਦੇ। ਇਸ ਲਈ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਮਗਰੋਂ ਹੀ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਦਰਅਸਲ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਸਭ ਤੋਂ ਪਹਿਲਾਂ ਸਿਆਸੀ ਗਤੀਵਿਧੀਆਂ ਆਰੰਭੀਆਂ ਗਈਆਂ ਸੀ। ਕਿਸਾਨ ਜਥੇਬੰਦੀਆਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦਾ ਸੂਬੇ ਵਿੱਚ ਕਈ ਥਾਈਂ ਵਿਰੋਧ ਕੀਤਾ ਗਿਆ। ਮੋਗਾ ਵਿੱਚ ਤਾਂ ਮਾਮਲਾ ਇੰਨਾ ਜ਼ਿਆਦਾ ਉਲਝ ਗਿਆ ਕਿ ਪੁਲੀਸ ਨੂੰ ਲਾਠੀਚਾਰਜ ਕਰਨਾ ਪਿਆ ਤੇ ਅਕਾਲੀ ਦਲ ਨੇ 11 ਸਤੰਬਰ ਤੱਕ ‘ਗੱਲ ਪੰਜਾਬ ਦੀ’ ਪ੍ਰੋਗਰਾਮ ਮੁਲਤਵੀ ਕਰ ਦਿੱਤਾ ਸੀ।


ਸੂਬੇ ਦੀਆਂ ਸਿਆਸੀ ਪਾਰਟੀਆਂ ਤੇ ਕਿਸਾਨਾਂ ਦਰਮਿਆਨ ਬਣੇ ਟਕਰਾਅ ਦੇ ਮਹੌਲ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਗੱਲਬਾਤ ਲਈ ਬੁਲਾਇਆ ਹੈ। ਕਿਸਾਨ ਜਥੇਬੰਦੀਆਂ ਦੇ ਨੁਮਾਇੰਦੇ ਸਿਆਸੀ ਧਿਰਾਂ ਨੂੰ ਖੇਤੀ ਕਾਨੂੰਨਾਂ ਤੇ ਖੇਤੀ ਮਾਮਲਿਆਂ ਪ੍ਰਤੀ ਪਹੁੰਚ ਤੇ ਹੁਣ ਤੱਕ ਦੀ ਕਾਰਗੁਜ਼ਾਰੀ ਸਬੰਧੀ ਸਵਾਲ ਕਰਨਗੇ।