ਚੰਡੀਗੜ੍ਹ: ਸਰਕਾਰ ਬਹੁਤ ਹੀ ਜ਼ਿਆਦਾ ਛੋਟਾ ਬਜਟ ਸੈਸ਼ਨ ਰੱਖ ਕੇ ਆਪਣੇ ਕੁਸ਼ਾਸਨ ਤੇ ਵਾਅਦਿਆਂ ਤੋਂ ਮੁਕਰਨ ਵਾਲੇ ਸਾਲ ਬਾਰੇ ਸਵਾਲਾਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਕੈਪਟਨ ਸਰਕਾਰ ਕੋਲ ਇਹ ਇਤਰਾਜ਼ ਜਤਾਇਆ ਹੈ।

ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਸਰਕਾਰ ਆਪਣੇ ਸਾਸ਼ਨ ਦਾ ਇੱਕ ਸਾਲ ਪੂਰਾ ਹੋਣ ਬਾਰੇ ਬਹਿਸ ਕਰਨ ਤੋਂ ਡਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਰਕਾਰ ਵੱਲੋਂ ਬਜਟ ਤੇ ਬਜਟ ਗਰਾਂਟਾਂ ਦੀ ਵੰਡ ਬਾਰੇ ਬਹਿਸ ਨੂੰ ਦਿੱਤੀ ਜਾ ਰਹੀ ਅਹਿਮੀਅਤ ਦੀ ਝਲਕ ਇਸ ਦੇ ਛੋਟਾ ਬਜਟ ਸੈਸ਼ਨ ਰੱਖਣ ਦੇ ਫੈਸਲੇ ਵਿਚੋਂ ਮਿਲਦੀ ਹੈ। ਅਸੀਂ ਮੰਗ ਕਰਦੇ ਹਾਂ ਕਿ ਲੋਕਾਂ ਦੇ ਮੁੱਦਿਆਂ ਉੱਤੇ ਚਰਚਾ ਕਰਨ ਵਾਸਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਸੈਸ਼ਨ ਨੂੰ ਵੱਡਾ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਆ ਰਹੇ ਸੈਸ਼ਨ ਵਿਚ ਸਰਕਾਰ ਦਾ ਪਰਦਾਫਾਸ਼ ਕਰੇਗਾ, ਉਨ੍ਹਾਂ ਕਿਹਾ ਕਿ ਪਾਰਟੀ ਕਾਂਗਰਸ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤੇ ਜਾਣ ਸਬੰਧੀ ਬਹਿਸ ਦੀ ਮੰਗ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਰਕਾਰ ਇਸ ਗੱਲ ਦਾ ਜਵਾਬ ਦੇਵੇ ਕਿ ਇਸ ਨੇ ਮੁਕੰਮਲ ਕਰਜ਼ਾ ਮੁਆਫੀ ਦੇ ਵਾਅਦੇ ਤੋਂ ਮੁਕਰ ਕੇ ਕਿਸਾਨਾਂ ਨੂੰ ਧੋਖਾ ਕਿਉਂ ਦਿੱਤਾ? ਇਸ ਸਰਕਾਰ ਨੇ ਨੌਜਵਾਨਾਂ ਤੇ ਸਮਾਜ ਦੇ ਗਰੀਬ ਵਰਗਾਂ ਨਾਲ ਕੀਤੇ ਵਾਅਦੇ ਪੂਰੇ ਕਿਉਂ ਨਹੀਂ ਕੀਤੇ?