ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਪਾਰਟੀ ਦੇ ਸੀਨੀਅਰ ਨੇਤਾਵਾਂ ਨੂੰ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਸੁਖਬੀਰ ਬਾਦਲ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਬਕਾ ਵਿਧਾਇਕ ਤੇ ਨੌਂਜਵਾਨ ਆਗੂ ਇਕਬਾਲ ਸਿੰਘ ਝੂੰਦਾ ਨੂੰ ਜ਼ਿਲ੍ਹਾ ਸੰਗਰੂਰ (ਦਿਹਾਤੀ) ਤੇ ਪ੍ਰਿਤਪਾਲ ਸਿੰਘ ਹਾਂਡਾ ਨੂੰ ਜ਼ਿਲ੍ਹਾ ਸੰਗਰੂਰ (ਸ਼ਹਿਰੀ) ਦਾ ਪ੍ਰਧਾਨ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਨੂੰ ਪੰਜਾਬ ਤੋਂ ਬਾਹਰ ਬਾਕੀ ਰਾਜਾਂ ਵਿੱਚ ਮਜ਼ਬੂਤ ਕਰਨ ਲਈ ਸੀਨੀਅਰ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿੱਚ ਪਾਰਟੀ ਦੀ ਇਕਾਈ ਕਾਇਮ ਕਰਨ ਲਈ ਦਲ ਵੱਲੋਂ ਲੋਕ ਸਭਾ ਮੈਂਬਰ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ ਨੂੰ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ।