ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਪੰਚਾਇਤੀ ਚੋਣ ਪ੍ਰਕਿਰਿਆ ਦੀ ਸ਼ਰੇਆਮ ਉਲੰਘਣਾ ਦਾ ਇਲਜ਼ਾਮ ਲਾਇਆ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਸਰਕਾਰ ਨੇ ਸਰਪੰਚਾਂ ਤੇ ਪੰਚਾਂ ਦੀ ਚੋਣ ਲੜਣ ਵਾਸਤੇ ਮੈਦਾਨ ਵਿੱਚ ਆਏ ਵੱਡੀ ਗਿਣਤੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਹਨ। ਇਸ ਕੰਮ ਵਾਸਤੇ ਸਰਕਾਰ ਨੇ ਸਰਕਾਰੀ ਮਸ਼ੀਨਰੀ ਦੀ ਖੁੱਲ੍ਹ ਕੇ ਦੁਰਵਰਤੋਂ ਕੀਤੀ ਗਈ ਹੈ।

ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵੱਡੀ ਗਿਣਤੀ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਲਈ ਕਾਂਗਰਸ ਦੇ ਗੈਰ ਲੋਕਤੰਤਰੀ ਤੇ ਆਪਹੁਦਰੇ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ। ਅੰਕੜਿਆਂ ਦਾ ਹਵਾਲਾ ਦਿੰਦਿਆਂ ਚੀਮਾ ਨੇ ਕਿਹਾ ਕਿ ਜ਼ੀਰਾ, ਗੁਰੂ ਹਰਸਹਾਏ ਤੇ ਫਿਰੋਜ਼ਪੁਰ ਵਿੱਚ ਅਕਾਲੀ ਉਮੀਦਵਾਰਾਂ ਨੂੰ ਕਾਗਜ਼ ਹੀ ਦਾਖ਼ਲ ਨਹੀਂ ਕਰਨ ਦਿੱਤੇ ਗਏ। ਕਾਂਗਰਸ ਦੇ ਕਮਜ਼ੋਰ ਉਮੀਦਵਾਰਾਂ ਨੂੰ ਜਿਤਾਉਣ ਵਾਸਤੇ ਚੋਣ ਨਿਯਮਾਂ ਦੀ ਸ਼ਰੇਆਮ ਇਸ ਤਰ੍ਹਾਂ ਧੱਜੀਆਂ ਉਡਾਈਆਂ ਗਈਆਂ ਕਿ ਇਕੱਲੇ ਗੁਰਦਾਸਪੁਰ ਹਲਕੇ ਅੰਦਰ ਹੀ ਕਾਦੀਆਂ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਵਿੱਚ ਸਾਰੇ ਹੀ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ।

ਉਨ੍ਹਾਂ ਦੱਸਿਆ ਕਿ ਖੇਮਕਰਨ ਵਿੱਚ ਅਕਾਲੀ ਉਮੀਦਵਾਰਾਂ ਲਈ ਸਰਪੰਚ ਤੇ ਪੰਚਾਂ ਦੀ ਚੋਣ ਲੜਣ ਵਾਸਤੇ ਨਾਮਜ਼ਦਗੀ ਕਾਗਜ਼ ਹੀ ਦਾਖ਼ਲ ਨਹੀਂ ਕਰਨ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਅਕਾਲੀ ਉਮੀਦਵਾਰਾਂ ਦੇ 25 ਫੀਸਦੀ ਕਾਗਜ਼ ਰੱਦ ਕਰ ਦਿੱਤੇ ਗਏ। ਜਿੱਥੇ ਵੀ ਅਕਾਲੀ ਦਲ ਮਜ਼ਬੂਤ ਸੀ, ਕਾਂਗਰਸੀ ਹਾਕਮਾਂ ਨੇ ਜਿੱਤਣਯੋਗ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਲਈ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ।

ਚੀਮਾ ਨੇ ਦੱਸਿਆ ਕਿ ਇਕੱਲੇ ਪੱਟੀ ਇਲਾਕੇ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਫਾਇਦਾ ਪਹੁੰਚਾਉਣ ਲਈ 90 ਫੀਸਦੀ ਕਾਗਜ਼ ਰੱਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਅਸੀਂ ਕਾਂਗਰਸ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ। ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਹੜੀ ਹਾਕਮਾਂ ਅੱਗੇ ਕਦੇ ਵੀ ਨਹੀਂ ਝੁਕੀ। ਜਦੋਂ ਲੋਕਤੰਤਰੀ ਭਾਵਨਾ ਨੂੰ ਬਚਾਉਣ ਦਾ ਸਵਾਲ ਆਉਂਦਾ ਹੈ ਤਾਂ ਅਸੀਂ ਬਹਾਦਰ ਸਿਪਾਹੀਆਂ ਵਾਂਗ ਡਟ ਕੇ ਮੁਕਾਬਲਾ ਕਰਦੇ ਹਾਂ।