ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਹੀਂ ਦੇਣਗੇ ਅਸਤੀਫਾ, ਭੂੰਦੜ ਨੇ ਵਰਕਰਾਂ ਤੇ ਲੀਡਰਾਂ ਨੂੰ ਕੀਤੀ ਅਪੀਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ।
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਸੰਗਰੂਰ ਜ਼ਿਮਨੀ ਚੋਣ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਚਰਚਾਵਾਂ ਜ਼ੋਰਾਂ ’ਤੇ ਹਨ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਮਾਝਾ, ਮਾਲਵਾ ਤੇ ਦੋਆਬਾ ਤੋਂ ਤਿੰਨ ਨੌਜਵਾਨ ਆਗੂਆਂ ਨੂੰ ਕਾਰਜਕਾਰੀ ਪ੍ਰਧਾਨ ਬਣਾਏ ਜਾਣ ਨੇ ਇਹ ਮਾਮਲਾ ਹੋਰ ਭਖਾ ਦਿੱਤਾ ਹੈ।
ਉੱਧਰ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਦੀਆਂ ਖ਼ਬਰਾਂ ਸਿਰਫ਼ ਅਫਵਾਹਾਂ ਹਨ। ਉਨ੍ਹਾਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ’ਤੇ ਧਿਆਨ ਨਾ ਦੇਣ।
ਭੂੰਦੜ ਨੇ ਸਪੱਸ਼ਟ ਕੀਤਾ ਕਿ ਕਿਸੇ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਅਸਤੀਫੇ ਦੀ ਮੰਗ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਲੋਕਤੰਤਰੀ ਢੰਗ ਨਾਲ ਹੋਈ ਚੋਣ ਵਿੱਚ ਪ੍ਰਧਾਨ ਚੁਣਿਆ ਗਿਆ ਸੀ। ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਚੁੱਕੇ ਗਏ ਮੁੱਦਿਆਂ ਬਾਰੇ ਅਕਾਲੀ ਆਗੂ ਨੇ ਕਿਹਾ ਕਿ ਉਨ੍ਹਾਂ ਨੇ ਹਾਲੇ ਇਹ ਬਿਆਨ ਨਹੀਂ ਸੁਣਿਆ ਹੈ ਪਰ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਅੰਦਰ ਹੀ ਸਾਰੇ ਮਸਲਿਆਂ ’ਤੇ ਚਰਚਾ ਹੋਣੀ ਚਾਹੀਦੀ ਹੈ।
ਭੂੰਦੜ ਨੇ ਕਿਹਾ ਕਿ ਇਕਬਾਲ ਸਿੰਘ ਝੂੰਦਾਂ ਦੀ ਸਬ ਕਮੇਟੀ ਦੀ ਰਿਪੋਰਟ ਸਮੇਤ ਸਾਰੇ ਮਾਮਲਿਆਂ ’ਤੇ ਪਾਰਟੀ ਦੇ ਅੰਦਰ ਹੀ ਚਰਚਾ ਕੀਤੀ ਜਾਵੇਗੀ। ਇਸ ਮੌਕੇ ਸੀਨੀਅਰ ਆਗੂ ਹਰਚਰਨ ਬੈਂਸ ਤੇ ਚਰਨਜੀਤ ਸਿੰਘ ਬਰਾੜ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨਹੀਂ ਦੇਣਗੇ ਅਸਤੀਫਾ, ਭੂੰਦੜ ਨੇ ਵਰਕਰਾਂ ਤੇ ਲੀਡਰਾਂ ਨੂੰ ਕੀਤੀ ਅਪੀਲ