ਚੰਡੀਗੜ੍ਹ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਲਗਾਤਾਰ ਤੀਸਰੇ ਦਿਨ ਗਵਰਨਰ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਅੱਜ ਫਿਰ ਚੰਡੀਗੜ੍ਹ ਪੁਲਿਸ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਚੰਦ ਮਿੰਟਾਂ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਕਰ ਰਹੇ ਸਨ। ਉਨ੍ਹਾਂ ਨਾਲ ਪੰਜਾਹ ਤੋਂ ਵੱਧ ਅਕਾਲੀ ਵਰਕਰ ਵੀ ਪਹੁੰਚੇ ਸੀ।
ਵੀਰਵਾਰ ਨੂੰ ਅਕਾਲੀ ਦਲ ਤੇ ਬੀਜੇਪੀ ਵੱਲੋਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਲਈ ਗਵਰਨਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਮੈਮੋਰੰਡਮ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬੀਜੇਪੀ ਲੀਡਰ ਮਨੋਰੰਜਨ ਕਾਲੀਆ ਸਮੇਤ ਅਕਾਲੀ ਦਲ-ਬੀਜੇਪੀ ਦੇ ਹੋਰ ਲੀਡਰ ਪਹੁੰਚੇ ਸੀ। ਗਵਰਨਰ ਨੂੰ ਮੰਗ ਪੱਤਰ ਦਿੱਤੇ ਜਾਣ ਮਗਰੋਂ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਖਿਲਾਫ਼ ਗਵਰਨਰ ਕੋਈ ਐਕਸ਼ਨ ਨਹੀਂ ਲੈਂਦੇ, ਉਦੋਂ ਤੱਕ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ।
ਇਸੇ ਲੜੀ ਤਹਿਤ ਪਹਿਲੇ ਦਿਨ ਅਕਾਲੀ ਲੀਡਰ ਬਿਕਰਮ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਦੂਸਰੇ ਦਿਨ ਪ੍ਰੇਮ ਸਿੰਘ ਚੰਦੂਮਾਜਰਾ ਤੇ ਅੱਜ ਤੀਸਰੇ ਦਿਨ ਹੀਰਾ ਸਿੰਘ ਗਾਬੜੀਆ ਨੇ ਵਫ਼ਦ ਨੂੰ ਲੀਡ ਕੀਤਾ।