Punjab News: ਜ਼ੀਰਾ ਵਿੱਚ ਸ਼ਰਾਬ ਫੈਕਟਰੀ ਦੀ ਵਿਰੋਧ ਕਰ ਰਹੇ ਕਿਸਾਨਾਂ ਉੱਪਰ ਲਾਠੀਚਾਰਜ 'ਤੇ ਭਗਵੰਤ ਮਾਨ ਸਰਕਾਰ ਘਿਰ ਗਈ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸਰਕਾਰ ਉੱਪਰ ਵੱਡੇ ਸਵਾਲ ਉਠਾਏ ਹਨ। ਅਕਾਲੀ ਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਨੂੰ ਧਰਨਾ ਮੁਕਤ ਕਰਨ ਦਾ ਵਾਅਦਾ ਕੀਤਾ ਸੀ ਪਰ ਅੱਜ ਹੱਕੀ ਮੰਗਾਂ ਲਈ ਧਰਨੇ ਦੇ ਰਹੇ ਲੋਕਾਂ ਉੱਪਰ ਲਾਠੀਚਾਰਜ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਅਕਾਲੀ ਦਲ ਨੇ ਲਾਠੀਚਾਰਜ ਦੀ ਵੀਡੀਓ ਸ਼ੇਅਰ ਕਰਦਿਆਂ ਲਿਖਿਆ ਹੈ ਕਿ ਪੰਜਾਬ ਵਾਸੀ ਝੂਠੇ ਪ੍ਰਚਾਰ ਤੋਂ ਗੁੰਮਰਾਹ ਹੋ ਕੇ ਵਿਕਾਸ ਦੀ ਥਾਂ ਵਿਨਾਸ਼ ਨੂੰ ਚੁਣ ਬੈਠੇ ਹਨ। ਕਦੇ ਧਰਨਾ ਮੁਕਤ ਪੰਜਾਬ ਦੀ ਦੁਹਾਈ ਦੇ ਕੇ ਸੱਤਾ ਹਥਿਆਉਣ ਵਾਲੀ 'ਬਦਲਾਅ' ਵਾਲੀ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਬੈਠੇ ਲੋਕਾਂ ਤੇ ਨਿੱਤ ਦਿਨ ਅੱਤਿਆਰ ਕਰਕੇ ਲੋਕਤੰਤਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਸੂਬਾ ਸਰਕਾਰ ਦੇ ਇਸ ਤਾਨਾਸ਼ਾਹ ਰਵੱਈਏ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ।


 


ਦੱਸ ਦਈਏ ਕਿ ਕੜਾਕੇ ਦੀ ਠੰਢ ਦੇ ਬਾਵਜੂਦ ਜ਼ੀਰਾ ਦੇ ਪਿੰਡ ਮਨਸੂਰਵਾਲ ਕਲਾਂ ’ਚ ਸਥਿਤ ਮਾਲਬਰੋਜ਼ ਸ਼ਰਾਬ ਫ਼ੈਕਟਰੀ ਦੇ ਬਾਹਰ ਲੱਗੇ ਧਰਨੇ ਵਿੱਚ ਮੰਗਲਵਾਰ ਨੂੰ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ ਹੋ ਗਈ ਸੀ। ਪੁਲਿਸ ਨੇ ਕਿਸਾਨਾਂ ਉੱਪਰ ਲਾਠੀਚਾਰਜ ਕੀਤਾ। ਖਿੱਚ-ਧੂਹ ਵਿੱਚ ਕੁਝ ਕਿਸਾਨ ਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਪੁਲਿਸ ਨੇ ਕਈ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ ਕੀਤੇ ਹਨ ਤੇ ਕਈਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦਾ ਇੱਕ ਵੱਡਾ ਜੱਥਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਹੇਠ ਸ਼ਰਾਬ ਫੈਕਟਰੀ ਦੇ ਸਾਹਮਣੇ ਲੱਗੇ ਧਰਨੇ ਵਿੱਚ ਸ਼ਾਮਲ ਹੋਣ ਲਈ ਪੁੱਜਾ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਧਰਨੇ ਵਿੱਚ ਸ਼ਾਮਲ ਹੋਣ ਦੀ ਜ਼ਿੱਦ ’ਤੇ ਅੜੇ ਰਹੇ। ਇਸ ਦੌਰਾਨ ਸ਼ੁਰੂ ਹੋਈ ਬਹਿਸ ਮਗਰੋਂ ਖਿੱਚ-ਧੂਹ ਵਿੱਚ ਬਦਲ ਗਈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਲਾਠੀਚਾਰਜ ਕੀਤਾ ਜਿਸ ਤੋਂ ਸਥਿਤੀ ਹੋਰ ਵਿਗੜ ਗਈ। ਧਰਨਾਕਾਰੀਆਂ ਨੇ ਵੀ ਅੱਗੋਂ ਲਾਠੀਚਾਰਜ ਦਾ ਜਵਾਬ ਲਾਠੀਆਂ ਨਾਲ ਦਿੱਤਾ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।