ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਸੀਨੀਅਰ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਨੂੰ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਗੱਠਜੋੜ ਦਾ ਉਮੀਦਵਾਰ ਐਲਾਨਿਆ ਹੈ। ਪਾਰਟੀ ਨੇ ਗੱਠਜੋੜ ਸਿਰੇ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਿਆ ਹੈ ਜਿਸ ਕਰਕੇ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਬਾਰੇ ਨਵੀਂ ਚਰਚਾ ਛਿੜ ਗਈ ਹੈ। ਇਸ ਸੀਟ 'ਤੇ ਅਲਾਇੰਸ ਦੀ ਮੈਂਬਰ ਬਸਪਾ ਵੀ ਹੱਖ ਜਮਾਂ ਰਹੀ ਸੀ।


ਉਧਰ, ਦਲ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੀਆਂ ਭਾਈਵਾਲ ਪਾਰਟੀਆਂ ਵਿਚਾਲੇ ਲੋਕ ਸਭਾ ਚੋਣਾਂ ਲਈ ਗੱਠਜੋੜ ਦੀ ਗੱਲਬਾਤ ਜਾਰੀ ਹੈ। ਇਹ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਬੇਸ਼ੱਕ ਗੱਠਜੋੜ ਵਿਚਲੀਆਂ ਪਾਰਟੀਆਂ ਵਿਚਾਲੇ ਹਾਲੇ ਤੱਕ ਕੋਈ ਸਹਿਮਤੀ ਨਹੀਂ ਹੋਈ ਪਰ ਪਾਰਟੀ ਨੇ ਆਪਣੇ ਹਿੱਸੇ ਦੀ ਸ੍ਰੀ ਆਨੰਦਪੁਰ ਸਾਹਿਬ ਦੀ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦਾ ਇੱਕੋ ਇੱਕ ਨਿਸ਼ਾਨਾ ਪੰਥ ਤੇ ਪੰਜਾਬ ਨੂੰ ਬਾਦਲਾਂ ਦੇ ਪਰਿਵਾਰਕ ਚੁੰਗਲ ਤੋਂ ਆਜ਼ਾਦ ਕਰਾਉਣਾ ਹੈ। ਇਸ ਮੌਕੇ ਬੀਰ ਦਵਿੰਦਰ ਸਿੰਘ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਹ ਸੀਟ ਬਾਦਲਾਂ ਤੇ ਕਾਂਗਰਸ ਨੂੰ ਹਰਾ ਕੇ ਗੱਠਜੋੜ ਦੀ ਝੋਲੀ ਪਾਉਣਗੇ।