Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਤੋਂ ਟਵੀਟ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕੀਤੀ ਹੈ। 


ਸੁਖਬੀਰ ਬਾਦਲ ਨੇ ਟਵੀਟ ਕਰ ਲਿਖਿਆ,  ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ ਤੇ ਉਹ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਸੁਖਬੀਰ ਨੇ ਕੇਂਦਰ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਹਲਫਨਾਮਾ ਦਾਇਰ ਕਰਨ ਦੀ ਅਪੀਲ ਕੀਤੀ ਹੈ।






ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮਾਫੀ ਪਟੀਸ਼ਨ 'ਤੇ ਦੋ ਮਹੀਨਿਆਂ 'ਚ ਫੈਸਲਾ ਕਰਨ ਲਈ ਕਿਹਾ ਸੀ। ਬਲਵੰਤ ਸਿੰਘ ਰਾਜੋਆਣਾ ਨੂੰ ਵਿਸ਼ੇਸ਼ ਅਦਾਲਤ ਨੇ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਸੀ।


ਉਹ 26 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਉਸ ਦੀ ਰਹਿਮ ਦੀ ਅਪੀਲ ਕੇਂਦਰ ਸਰਕਾਰ ਕੋਲ 9 ਸਾਲਾਂ ਤੋਂ ਪੈਂਡਿੰਗ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੁਆਫੀ 'ਤੇ ਫੈਸਲਾ ਲੈਣ ਲਈ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਇਸ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸੀ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੀ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਤੋਂ ਰਿਹਾਅ ਕਰਨ ਦੀ ਮੰਗ ਕੀਤੀ ਸੀ।


ਉਧਰ, ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ਵਿੱਚ ਕੀਤੀ ਹੱਤਿਆ ਦੇ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਸਬੰਧੀ ਰਹਿਮ ਦੀ ਅਪੀਲ ’ਤੇ ਕੇਂਦਰ ਸਰਕਾਰ ਵੱਲੋਂ ਹੁਣ ਤੱਕ ਕੋਈ ਫੈਸਲਾ ਨਾ ਲਏ ਜਾਣ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਰਾਜੋਆਣਾ ਵੱਲੋਂ ਦਾਇਰ ਅਪੀਲ ਵਿੱਚ ਪਿਛਲੇ 26 ਸਾਲ ਤੋਂ ਜੇਲ੍ਹ ਵਿੱਚ ਹੋਣ ਦੇ ਹਵਾਲੇ ਨਾਲ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲੇ ਜਾਣ ਦੀ ਮੰਗ ਕੀਤੀ ਗਈ ਸੀ। 


ਸਿਖਰਲੀ ਕੋਰਟ ਨੇ ਕੇਂਦਰ ਸਰਕਾਰ ਦੇ ਵਕੀਲ ਵੱਲੋਂ ਸੁਣਵਾਈ ਮੁਲਤਵੀ ਕੀਤੇ ਜਾਣ ਦੀ ਮੰਗ ਕਰਦੇ ਹਲਫ਼ਨਾਮੇ ’ਤੇ ਵੀ ਨਾਰਾਜ਼ਗੀ ਜਤਾਈ। ਚੀਫ਼ ਜਸਟਿਸ ਉਦੈ ਉਮੇਸ਼ ਲਲਿਤ ਅਤੇ ਜਸਟਿਸ ਰਵਿੰਦਰ ਭੱਟ ਤੇ ਜਸਟਿਸ ਜੇ.ਬੀ.ਪਾਰਦੀਵਾਲਾ ’ਤੇ ਆਧਾਰਿਤ ਬੈਂਚ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਕੇਂਦਰ ਸਰਕਾਰ ਤੋਂ ਅੱਜ (ਵੀਰਵਾਰ) ਤੱਕ ਜਵਾਬ ਮੰਗਦਿਆਂ ਕੇਸ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਲਈ ਨਿਰਧਾਰਿਤ ਕਰ ਦਿੱਤੀ।