ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਦੀ ਲੜਾਈ ਦਿਲਚਸਪ ਮੋੜ 'ਤੇ ਪੁੱਜ ਗਈ ਹੈ। ਇਸ ਸਿਆਸੀ ਲੜਾਈ ਵਿੱਚ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਕਸੂਤੇ ਘਿਰ ਗਏ ਹਨ। ਇੱਕ ਪਾਸੇ ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵੱਖਰਾ ਪ੍ਰੋਗਰਾਮ ਕਰਾਉਣ ਲਈ ਬਾਜ਼ਿਦ ਹੈ ਤੇ ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਂਝੇ ਪ੍ਰੋਗਰਾਮ ਬਾਰੇ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ 'ਤੇ ਛੱਡ ਦਿੱਤਾ ਹੈ।


ਹੁਣ ਸਭ ਨੂੰ 21 ਅਕਤੂਬਰ ਦੀ ਉਡੀਕ ਹੈ ਕਿਉਂਕਿ ਉਸ ਦਿਨ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਣ ਜਾ ਰਹੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਮੀਟਿੰਗ ਵਿੱਚ ਵਿਚਾਰ ਚਰਚਾ ਮਗਰੋਂ ਫੈਸਲਾ ਲਿਆ ਜਾਏਗਾ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਦੇ ਇਸ ਦਾਅ ਨਾਲ ਨੁਕਸਾਨ ਸ਼੍ਰੋਮਣੀ ਅਕਾਲੀ ਦਲ ਨੂੰ ਹੋਏਗਾ। ਜੇਕਰ ਫੈਸਲਾ ਸ਼੍ਰੋਮਣੀ ਕਮੇਟੀ ਦੇ ਹੱਕ ਵਿੱਚ ਆਉਂਦਾ ਹੈ ਤਾਂ ਇਹ ਸੰਦੇਸ਼ ਜਾਏਗਾ ਕਿ ਜਥੇਦਾਰ ਸਹਿਬਾਨ ਨੇ ਅਕਾਲੀ ਦਲ ਦੇ ਪ੍ਰਭਾਵ ਕਰਕੇ ਅਜਿਹਾ ਕੀਤਾ ਹੈ।


ਇਸ ਦੇ ਉਲਟ ਜੇਕਰ ਸਿੰਘ ਸਹਿਬਾਨ ਇਕੱਠਾ ਸਮਾਗਮ ਕਰਨ ਦਾ ਫੈਸਲਾ ਸੁਣਾਉਂਦੇ ਹਨ ਤਾਂ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਾਂਗਰਸ ਸਰਕਾਰ ਦੀ ਸਟੇਜ਼ ਤੋਂ ਦੂਰ ਰੱਖਣ ਦੀ ਰਣਨੀਤੀ ਧਰੀ-ਧਰਾਈ ਰਹਿ ਜਾਏਗੀ। ਇਸ ਲਈ ਸ਼੍ਰੋਮਣੀ ਅਕਾਲੀ ਦਲ ਵੀ ਦੋਚਿੱਤੀ ਵਿੱਚ ਹੈ। ਅਕਾਲੀ ਦਲ ਦੇ ਨੇੜਲੇ ਸੂਤਰਾਂ ਦਾ ਕਹਿਣਾ ਹੈ ਕਿ ਹੁਣ ਸਮਝ ਨਹੀਂ ਆ ਰਹੀ ਕਿ ਕੀ ਕੀਤਾ ਜਾਏ।

ਕਾਬਲੇਗੌਰ ਹੈ ਕਿ ਸ਼੍ਰੋਮਣੀ ਕਮੇਟੀ ਨੇ ਪੰਜਾਬ ਸਰਕਾਰ ਨਾਲੋਂ ਵੱਖਰੀ ਸਟੇਜ਼ ਲਾਉਣ ਦਾ ਐਲਾਨ ਕਰ ਦਿੱਤਾ ਹੈ। ਇਸ ਮਗਰੋਂ ਕਾਂਗਰਸ ਸਰਕਾਰ ਨੇ ਦਾਅ ਖੇਡਦਿਆਂ ਇਹ ਸਾਰਾ ਮਾਮਲਾ ਸ਼੍ਰੀ ਅਕਾਲ ਤਖ਼ਤ ਦੇ ਸਪੁਰਦ ਕਰ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਸ਼੍ਰੀ ਅਕਾਲ ਤਖ਼ਤ ਤੋਂ ਜੋ ਵੀ ਫੈਸਲਾ ਆਏਗਾ ਉਹ ਮਨਜ਼ੂਰ ਹੋਏਗਾ।

ਇਸ ਬਾਰੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਦੋ ਕੈਬਨਿਟ ਮੰਤਰੀਆਂ ਚਰਨਜੀਤ ਸਿੰਘ ਚੰਨੀ ਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜੇ ਸੁਨੇਹੇ ਵਾਲਾ ਬੰਦ ਲਿਫਾਫਾ ਵੀ ਜਥੇਦਾਰ ਨੂੰ ਸੌਂਪਿਆ ਗਿਆ। ਮੁੱਖ ਮੰਤਰੀ ਨਾਲ ਉਨ੍ਹਾਂ ਦੀ ਮੋਬਾਈਲ ’ਤੇ ਗੱਲਬਾਤ ਵੀ ਕਰਵਾਈ ਗਈ।

ਗਿਆਨੀ ਹਰਪ੍ਰੀਤ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸਮੁੱਚਾ ਮਾਮਲਾ ਸ੍ਰੀ ਅਕਾਲ ਤਖ਼ਤ ਨੂੰ ਸੌਂਪ ਦਿੱਤਾ ਹੈ। ਇਸ ਸਬੰਧੀ ਸ੍ਰੀ ਅਕਾਲ ਤਖ਼ਤ ਤੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਉਸ ਨੂੰ ਪ੍ਰਵਾਨ ਕਰਨ ਦਾ ਐਲਾਨ ਕੀਤਾ ਹੈ। ਇਸ ਮਾਮਲੇ ਨੂੰ 21 ਅਕਤੂਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਮੀਟਿੰਗ ਵਿੱਚ ਰੱਖਿਆ ਜਾਵੇਗਾ। ਸਾਰੇ ਪੱਖ ਵਿਚਾਰਨ ਮਗਰੋਂ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਦੋਵਾਂ ਧਿਰਾਂ ਦੇ ਆਗੂਆਂ ਨੂੰ ਆਖਿਆ ਕਿ ਉਹ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਬਿਆਨਬਾਜ਼ੀ ਨਾ ਕਰੇ।

ਦੂਜੇ ਪਾਸੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਮੰਨਿਆ ਹੈ ਕਿ ਹੁਣ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਫ਼ੈਸਲਾ ਲਿਆ ਜਾਵੇਗਾ, ਸ਼੍ਰੋਮਣੀ ਕਮੇਟੀ ਉਸ ਨੂੰ ਸਮਰਪਿਤ ਹੋਵੇਗੀ। ਸ਼੍ਰੋਮਣੀ ਕਮੇਟੀ ਵੱਲੋਂ ਬਣਾਏ ਜਾ ਰਹੇ ਪੰਡਾਲ ਬਾਰੇ ਉਨ੍ਹਾਂ ਆਖਿਆ ਕਿ ਇਸ ਪੰਡਾਲ ਵਿੱਚ ਲਗਪਗ ਹਫ਼ਤਾ ਸਮਾਗਮ ਚੱਲਣੇ ਹਨ, ਇਸ ਲਈ ਪੰਡਾਲ ਦੀ ਲੋੜ ਹੈ। ਮੁੱਖ ਸਮਾਗਮ ਕਿਸ ਪੰਡਾਲ ਵਿੱਚ ਕੀਤਾ ਜਾਣਾ ਹੈ, ਇਸ ਸਬੰਧੀ ਪੰਜ ਸਿੰਘ ਸਾਹਿਬਾਨ ਦਾ ਫ਼ੈਸਲਾ ਪ੍ਰਵਾਨ ਹੋਵੇਗਾ ਪਰ ਉਹ ਚਾਹੁੰਦੇ ਹਨ ਕਿ ਇਹ ਸਮਾਗਮ ਸ਼੍ਰੋਮਣੀ ਕਮੇਟੀ ਦੇ ਪੰਡਾਲ ਵਿੱਚ ਹੀ ਕੀਤਾ ਜਾਵੇ।