ਚੰਡੀਗੜ੍ਹ: ਕਰਤਾਰਪੁਰ ਲਾਂਘੇ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਿਰ ਕਾਂਗਰਸ ਵਿਚਾਲੇ ਸਿਆਸੀ ਰੋਟੀਆਂ ਸੇਕਣ ਦੀ ਦੌੜ ਲੱਗ ਗਈ ਹੈ। ਅਕਾਲੀ ਦਲ ਦੇ ਇਸ਼ਾਰੇ 'ਤੇ ਹੀ ਸ਼੍ਰੋਮਣੀ ਕਮੇਟੀ ਨੇ ਕਾਂਗਰਸ ਸਰਕਾਰ ਨਾਲ ਸਾਂਝੇ ਸਮਾਗਮ ਕਰਨ ਦੀ ਬਜਾਏ ਖੁਦ ਸਟੇਜ ਲਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਦਿੱਲੀ ਦੀ ਇੱਕ ਪ੍ਰਾਈਵੇਟ ਕੰਪਨੀ ਨੂੰ ਠੇਕਾ ਤੱਕ ਦੇ ਦਿੱਤਾ ਹੈ।
ਹੁਣ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੇ ਦਾਅਵੇ ਨੇ ਵੀ ਸਪਸ਼ਟ ਕਰ ਦਿੱਤੀ ਹੈ ਕਿ ਦੋਵੇਂ ਧਿਰਾਂ ਸਿਆਸੀ ਲਾਹਾ ਲੈਣ ਲਈ ਹੀ ਪੱਬਾਂ ਭਾਰ ਹਨ। ਹਰਸਿਮਰਤ ਨੇ ਦਾਅਵਾ ਕੀਤਾ ਹੈ ਕਿ ਸ਼੍ਰੀ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਲਈ ਅੱਠ ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹੀ ਆਉਣਗੇ, ਨਾ ਕਿ ਕਿਸੇ ਹੋਰ ਸਟੇਜ ’ਤੇ। ਇਸ ਦਾ ਸਿੱਧਾ ਅਰਥ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਸਿਆਸੀ ਲਾਹੇ ਲਈ ਸ਼੍ਰੋਮਣੀ ਕਮੇਟੀ ਰਾਹੀਂ ਸਰਕਾਰ ਨੂੰ ਮਾਤ ਦੇਣ ਦੀ ਕੋਸ਼ਿਸ਼ ਕਰੇਗੀ।
ਹਰਸਿਮਰਤ ਬਾਦਲ ਨੇ ਕਿਹਾ ਕਿ 11 ਨਵੰਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ 12 ਨਵੰਬਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਧਾਰਮਿਕ ਸਮਾਗਮ ’ਚ ਹਿੱਸਾ ਲੈਣ ਲਈ ਆਉਣਗੇ। ਉਹ ਵੀ ਸ਼੍ਰੋਮਣੀ ਕਮੇਟੀ ਦੀ ਸਟੇਜ ’ਤੇ ਹੀ ਜਾਣਗੇ ਨਾ ਕਿ ਕਿਸੇ ਹੋਰ ਪ੍ਰੋਗਰਾਮ ’ਚ। ਉਨ੍ਹਾਂ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਅੱਜ ਤੱਕ ਜਿੰਨੀਆਂ ਵੀ ਸ਼ਤਾਬਦੀਆਂ ਜਾਂ ਗੁਰਪੁਰਬ ਮਨਾਏ ਗਏ ਹਨ, ਉਨ੍ਹਾਂ ਦੇ ਪ੍ਰਬੰਧ ਹਮੇਸ਼ਾ ਸ਼੍ਰੋਮਣੀ ਕਮੇਟੀ ਹੀ ਕਰਦੀ ਰਹੀ ਹੈ ਤੇ ਇਸ ਵਾਰ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਅਜਿਹਾ ਹੁਕਮ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਨ੍ਹਾਂ ਹੁਕਮਾਂ ਦੇ ਵਿਰੁੱਧ ਜਾ ਕੇ ਅਜਿਹਾ ਕਰ ਰਹੇ ਹਨ।
ਯਾਦ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਧਾਰਮਿਕ ਸਮਾਗਮਾਂ ਲਈ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਦਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖ਼ੁਦ ਵੀ ਪੰਜਾਬ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਨੂੰ ਸੱਦਾ ਪੱਤਰ ਦਿੱਤਾ ਸੀ ਜੋ ਉਨ੍ਹਾਂ ਕਬੂਲ ਵੀ ਕੀਤਾ ਸੀ।
ਹਰਸਿਮਰਤ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਵੱਖਰੀ ਸਟੇਜ ਲਾ ਕੇ ਅਕਾਲ ਤਖ਼ਤ ਸਾਹਿਬ ਨੂੰ ਚੁਣੌਤੀ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਾਂਝਾ ਸਮਾਗਮ ਕਰਵਾਉਣ ਸਬੰਧੀ ਦਿੱਤੇ ਮਸ਼ਵਰੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਕੋਸ਼ਿਸਾਂ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਸਮਾਗਮ ਲਈ ਵੱਖਰੀ ਸਟੇਜ ਲਾਉਣ ਦਾ ਫ਼ੈਸਲਾ ਲਿਆ ਹੈ।
ਉਧਰ ਕਾਂਗਰਸ ਨੇ ਇਲਜ਼ਾਮ ਲਾਇਆ ਹੈ ਕਿ ਬਾਦਲ ਪਰਿਵਾਰ ਦੀ ਪਬਲੀਸਿਟੀ ਲਈ ਹੀ ਸ਼੍ਰੋਮਣੀ ਕਮੇਟੀ ਵੱਖਰੀ ਸਟੇਜ਼ ਲਾ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸੁਖਬੀਰ ਬਾਦਲ ਦੇ ਕਹਿਣ 'ਤੇ ਸ਼੍ਰੋਮਣੀ ਕਮੇਟੀ ਨੇ ਸਾਂਝਾ ਸਮਾਗਮ ਕਰਨ ਤੋਂ ਇਨਕਾਰ ਕੀਤਾ ਹੈ।
ਇਸ ਬਾਰੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਤੇ ਸਿਆਸੀ ਮਾਮਲਿਆਂ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਕਾਸ਼ ਸਿੰਘ ਬਾਦਲ ਸ਼੍ਰੀ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸਮਾਗਮਾਂ ’ਤੇ ਰਾਜਨੀਤੀ ਕਰ ਕੇ ਪੰਥਕ ਅਸੂਲਾਂ ਦਾ ਘਾਣ ਕਰ ਰਹੇ ਹਨ। ਇਸ ਕਰਕੇ ਸਿੱਖ ਸੰਗਤ ਵੀ ਦੁਬਿਧਾ ਵਿੱਚ ਹੈ।
ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕਿੰਨੀ ਮਾੜੀ ਗੱਲ ਹੈ ਕਿ ਗੁਰੂ ਨਾਨਕ ਦੇਵ ਦੇ ਸਮਾਗਮਾਂ ਨੂੰ ਸਾਰੇ ਸਿੱਖ ਭਾਈਚਾਰੇ ਨੂੰ ਇਕਮੁੱਠ ਕਰਕੇ ਮਨਾਉਣ ਲਈ ਏਕਤਾ ਨਹੀਂ ਬਣ ਸਕੀ। ਬਾਦਲ ਨਹੀਂ ਚਾਹੁੰਦੇ ਕਿ ਕੋਈ ਵੀ ਸ਼ਤਾਬਦੀ ਸਟੇਜ ’ਤੇ ਉਨ੍ਹਾਂ ਦੀ ਕੁਰਸੀ ਲੱਗਣ ਤੋਂ ਬਿਨਾਂ ਮਨਾਈ ਜਾ ਸਕੇ। ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਪ੍ਰਕਾਸ਼ ਪੁਰਬ ਮਨਾ ਰਹੀ ਹੈ ਤੇ ਦੂਜੇ ਪਾਸੇ ਬਾਦਲਾਂ ਅਧੀਨ ਚੱਲ ਰਹੀ ਸ਼੍ਰੋਮਣੀ ਕਮੇਟੀ ਵੱਲੋਂ ਵੱਖਰੀ ਸਟੇਜ ਲਾ ਕੇ ਸੰਗਤਾਂ ਦੇ ਪੈਸੇ ਅਜਾਈਂ ਰੋੜ੍ਹੇ ਜਾ ਰਹੇ ਹਨ।
ਸ਼੍ਰੋਮਣੀ ਕਮੇਟੀ ਦੇ ਮੋਢੇ 'ਤੇ ਰੱਖ ਕੇ ਹਰਸਿਮਰਤ ਦਾ ਕੈਪਟਨ 'ਤੇ ਨਿਸ਼ਾਨਾ
ਏਬੀਪੀ ਸਾਂਝਾ
Updated at:
13 Oct 2019 02:26 PM (IST)
ਕਰਤਾਰਪੁਰ ਲਾਂਘੇ ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਤੇ ਸੱਤਾਧਿਰ ਕਾਂਗਰਸ ਵਿਚਾਲੇ ਸਿਆਸੀ ਰੋਟੀਆਂ ਸੇਕਣ ਦੀ ਦੌੜ ਲੱਗ ਗਈ ਹੈ। ਅਕਾਲੀ ਦਲ ਦੇ ਇਸ਼ਾਰੇ 'ਤੇ ਹੀ ਸ਼੍ਰੋਮਣੀ ਕਮੇਟੀ ਨੇ ਕਾਂਗਰਸ ਸਰਕਾਰ ਨਾਲ ਸਾਂਝੇ ਸਮਾਗਮ ਕਰਨ ਦੀ ਬਜਾਏ ਖੁਦ ਸਟੇਜ ਲਾਉਣ ਦਾ ਫੈਸਲਾ ਕੀਤਾ ਹੈ। ਇਸ ਲਈ ਦਿੱਲੀ ਦੀ ਇੱਕ ਪ੍ਰਾਈਵੇਟ ਕੰਪਨੀ ਨੂੰ ਠੇਕਾ ਤੱਕ ਦੇ ਦਿੱਤਾ ਹੈ।
- - - - - - - - - Advertisement - - - - - - - - -