ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਕਾਫੀ ਡਰ ਲੱਗ ਰਿਹਾ ਹੈ। ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਹੈ।
ਪਤਾ ਲੱਗ ਹੈ ਕਿ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਰਾਜ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੂੰ ਰਿਪੋਰਟ ਭੇਜ ਕੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕੀਤਾ ਹੈ। ਰਿਪੋਰਟ ਵਿੱਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੇਸ਼ੇਵਰ ਤੇ ਨਿਰਪੱਖ ਅਧਿਕਾਰੀ ਕਰਾਰ ਦਿੱਤਾ ਹੈ। ਸਰਕਾਰ ਨੇ ਦਾਅਵਾ ਕੀਤਾ ਹੈ ਕਿ ਸਿੱਟ ਵੱਲੋਂ ਬਿਨਾਂ ਕਿਸੇ ਪ੍ਰਭਾਵ ਦੇ ਫੌਜਦਾਰੀ ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਯਾਦ ਰਹੇ ਅਕਾਲੀ ਦਲ ਨੇ ਸਿੱਟ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ’ਤੇ ਪੱਖਪਾਤੀ ਹੋਣ ਦੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਅਕਾਲੀ ਲੀਡਰਾਂ ਦਾ ਕਹਿਣਾ ਹੈ ਕਿ ਇਸ ਪੁਲਿਸ ਅਧਿਕਾਰੀ ਵੱਲੋਂ ਪੱਖਪਾਤੀ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਿਸ ਦਾ ਅਸਰ ਸੰਸਦੀ ਚੋਣਾਂ ’ਤੇ ਵੀ ਹੋਵੇਗਾ ਤੇ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਨੁਕਸਾਨ ਵੀ ਝੱਲਣਾ ਪੈ ਸਕਦਾ ਹੈ।
ਸੂਤਰਾਂ ਮੁਤਾਬਕ ਬਾਦਲਾਂ ਨੂੰ ਖ਼ਦਸ਼ਾ ਹੈ ਕਿ ਚੋਣ ਮੁਹਿੰਮ ਭਖਣ ਤੋਂ ਬਾਅਦ ਸਿੱਟ ਦੀਆਂ ਸਰਗਰਮੀਆਂ ਵਧ ਸਕਦੀਆਂ ਹਨ। ਜਾਂਚ ਵਿੱਚ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਹੀ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਅਕਾਲੀ ਦਲ ਵੱਲੋਂ ਯਤਨ ਕੀਤੇ ਜਾ ਰਹੇ ਹਨ ਕਿ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਸਿੱਟ ਦੀਆਂ ਸੰਭਾਵੀ ਗਤੀਵਿਧੀਆਂ ਨੂੰ ਬੇਅਸਰ ਕਰਨ ਲਈ ਆਈਜੀ ’ਤੇ ਨਿਸ਼ਾਨਾ ਸਾਧਿਆ ਜਾਵੇ।