ਚੰਡੀਗੜ੍ਹ: ਗੁਰਦੁਆਰਾ ਕਰਤਾਰਪੁਰ ਸਾਹਿਬ ਲਾਂਘੇ 'ਤੇ ਸਿਆਸੀ ਲਾਹਾ ਲੈਣ ਲਈ ਦੌੜ ਲੱਗ ਗਈ ਹੈ। ਸ਼੍ਰੋਮਣੀ ਅਕਾਲੀ ਦਲ ਇਸ ਨੂੰ ਆਪਣੇ ਉਭਾਰ ਲਈ ਵਰਤਣ ਦੀ ਕੋਸ਼ਿਸ਼ ਵਿੱਚ ਜੁੱਟ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ ਸਮੁੱਚੀ ਲੀਡਰਸ਼ਿਪ ਤੇ ਵਰਕਰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਨੀਂਹ ਪੱਥਰ ਸਮਾਗਮਾਂ ਵਿੱਚ ਧਾਰਮਿਕ ਰਹੁਰੀਤਾਂ ਮੁਤਾਬਕ ਸ਼ਬਦ ਗਾਇਨ ਕਰਦੇ ਹੋਏ ਸ਼ਾਮਲ ਹੋਣਗੇ।
ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹਰ ਨਾਨਕ ਨਾਮ ਲੇਵਾ ਵਾਸਤੇ ਇਹ ਬਹੁਤ ਹੀ ਸੁਭਾਗ ਸਮਾਂ ਹੈ ਜਦੋਂ ਕਿ ਕੇਂਦਰ ਦੀ ਐਨਡੀਏ ਸਰਕਾਰ ਦੀ ਹਿੰਮਤ ਸਦਕਾ ਸਿੱਖ ਸੰਗਤ ਦੀ ਚਿਰਕੋਣੀ ਮੰਗ ਪੂਰੀ ਹੋਈ ਹੋ ਰਹੀ ਹੈ। ਇਸ ਦੀ ਸ਼ੁਰੂਆਤ ਕਰਨ ਵਾਸਤੇ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਐਮ.ਵੈਂਕਈਆ ਨਾਇਡੂ ਤੇ ਕੇਂਦਰ ਸਰਕਾਰ ਦੇ ਮੰਤਰੀ ਪਹੁੰਚ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਵਿੱਚ 26 ਨਵੰਬਰ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਪਹੁੰਚਣਗੇ ਜਿੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਤੋਂ ਬਾਅਦ ਸ਼ੁਕਰਾਨੇ ਦੀ ਅਰਦਾਸ ਕੀਤੀ ਜਾਵੇਗੀ। ਇਸ ਉਪਰੰਤ ਸਮੁੱਚੀ ਸੰਗਤ ਸ਼ਬਦ ਗਾਇਨ ਕਰਦੀ ਹੋਈ ਪੈਦਲ ਨੀਂਹ ਪੱਥਰ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਤੋਂ ਇਲਾਵਾ ਪਾਰਟੀ ਦੀ ਕੋਰ ਕਮੇਟੀ ਦੇ ਸਾਰੇ ਮੈਂਬਰ, ਜ਼ਿਲ੍ਹਾ ਜਥੇਦਾਰ, ਮੈਂਬਰ ਪਾਰਲੀਮੈਂਟ, ਵਿਧਾਇਕ, ਸਾਬਕਾ ਵਿਧਾਇਕ, ਸਾਬਕਾ ਮੰਤਰੀ, ਸਾਬਕਾ ਵਿਧਾਇਕ, ਐਸਜੀਪੀਸੀ ਦੇ ਸਾਰੇ ਮੈਂਬਰ ਤੇ ਪਾਰਟੀ ਦੇ ਹੋਰ ਸਾਰੇ ਸੀਨੀਅਰ ਆਗੂ ਵੀ ਇਸ ਸਮਾਗਮ ਦੀ ਹਾਜ਼ਰੀ ਭਰਨਗੇ। ਉਨ੍ਹਾਂ ਸਮੂਹ ਸਾਧ ਸੰਗਤ ਨੂੰ ਸਵੇਰੇ 8 ਵਜੇ ਸ਼੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਵਿਖੇ ਪੁੱਜਣ ਦੀ ਅਪੀਲ ਕੀਤੀ।