ਚੰਡੀਗੜ੍ਹ: ਲੁਧਿਆਣਾ ਦੇ ਬਹੁ-ਚਰਚਿਤ ਸਿਟੀ ਸੈਂਟਰ ਕੇਸ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਇਸ ਮਾਮਲੇ ਵਿੱਚ ਬੁੱਧਵਾਰ ਨੂੰ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੰਜਾਬ ਦੇ ਸਾਬਕਾ ਡੀਜੀਪੀ ਤੇ ਵਿਜੀਲੈਂਸ ਦੇ ਮੁਖੀ ਰਹੇ ਸੁਮੇਧ ਸੈਣੀ ਨੇ ਆਪਣੇ ਵਕੀਲ ਰਮਨਪ੍ਰੀਤ ਸਿੰਘ ਸੰਧੂ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ।

ਉਨ੍ਹਾਂ ਆਪਣੀ ਅਰਜ਼ੀ ਵਿਚ ਕਿਹਾ ਕਿ ਜੇਕਰ ਅਦਾਲਤ ਉਨ੍ਹਾਂ ਨੂੰ ਬੁਲਾਉਂਦੀ ਹੈ ਤਾਂ ਉਹ ਸਿਟੀ ਸੈਂਟਰ ਨਾਲ ਜੁੜੇ ਕਈ ਮਹੱਤਵਪੂਰਨ ਤੱਥ ਤੇ ਕਾਗਜ਼ਾਤ ਅਦਾਲਤ ਸਾਹਮਣੇ ਰੱਖ ਸਕਦੇ ਹਨ। ਇਸ ਮਾਮਲੇ ਵਿੱਚ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਅਚਾਨਕ ਲੁਧਿਆਣਾ ਸੈਸ਼ਨ ਜੱਜ ਦੀ ਅਦਾਲਤ ’ਚ ਇਹ ਅਰਜ਼ੀ ਦਾਖ਼ਲ ਕਰ ਦਿੱਤੀ। ਇਹ ਅਰਜ਼ੀ ਸਿਟੀ ਸੈਂਟਰ ਮਾਮਲੇ ਵਿੱਚ ਨਾਮਜ਼ਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਤੇ ਹੋਰਾਂ ਲਈ ਝਟਕਾ ਮੰਨੀ ਜਾ ਰਹੀ ਹੈ। ਸੁਮੇਧ ਸੈਣੀ ਇਸ ਮਾਮਲੇ ਨਾਲ ਜੁੜੇ ਸਾਰੇ ਦਸਤਾਵੇਜ਼ ਸੀਲਬੰਦ ਲਿਫ਼ਾਫ਼ੇ ਵਿੱਚ ਸੌਂਪਣਾ ਚਾਹੁੰਦੇ ਹਨ। ਅਦਾਲਤ ਚਾਹੇ ਤਾਂ ਭਾਵੇਂ ਦਸਤਾਵੇਜ਼ ਜਨਤਕ ਕਰ ਦੇਵੇ।

ਅਦਾਲਤ ਵਿੱਚ ਦਾਇਰ ਅਰਜ਼ੀ ਤੋਂ ਬਾਅਦ ਹੁਣ ਸਿਟੀ ਸੈਂਟਰ ਕੇਸ ਦਾ ਫ਼ੈਸਲਾ ਛੇਤੀ ਹੋਣਾ ਸੰਭਵ ਨਹੀਂ ਲੱਗਦਾ ਹੈ। ਹੁਣ ਇਸ ਮਾਮਲੇ ਦੇ ਫ਼ੈਸਲੇ ਨੂੰ ਸਮਾਂ ਲੱਗ ਸਕਦਾ ਹੈ। ਕਾਬਲੇਗੌਰ ਹੈ ਕਿ ਇਸ ਕੇਸ ਵਿਚ ਪਹਿਲਾਂ ਵਿਜੀਲੈਂਸ ਦੇ ਸਾਬਕਾ ਐਸਐਸਪੀ ਕੰਵਲਜੀਤ ਸਿੰਘ ਸੰਧੂ ਨੇ ਵੀ ਅਰਜ਼ੀ ਦਾਖ਼ਲ ਕੀਤੀ ਸੀ, ਪਰ ਅਦਾਲਤ ਨੇ ਉਨ੍ਹਾਂ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਸੀ। ਬਾਅਦ ਵਿੱਚ ਉਨ੍ਹਾਂ ਨੇ ਹਾਈਕੋਰਟ ਵਿੱਚ ਵੀ ਅਰਜ਼ੀ ਦਾਖ਼ਲ ਕੀਤੀ ਸੀ, ਜਿਸ ਨੂੰ ਪੰਜਾਬ-ਹਰਿਆਣਾ ਹਾਈਕੋਰਟ ਨੇ ਪਹਿਲੀ ਪੇਸ਼ੀ ’ਤੇ ਹੀ ਰੱਦ ਕਰ ਦਿੱਤਾ ਸੀ।

ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਮੇਤ ਹੋਰਾਂ ਵਿਰੁੱਧ ਸਿਟੀ ਸੈਂਟਰ ਕੇਸ ਰੱਦ ਕਰਵਾਉਣ ਲਈ ਅਦਾਲਤ ਵਿੱਚ ਦਾਖ਼ਲ ਕੀਤੀ ਕੈਂਸਲੇਸ਼ਨ ਰਿਪੋਰਟ ’ਤੇ ਸੈਸ਼ਨ ਕੋਰਟ ’ਚ ਬਹਿਸ ਸ਼ੁਰੂ ਹੋ ਗਈ ਸੀ। ਹੁਣ ਸਾਬਕਾ ਡੀਜੀਪੀ ਸੈਣੀ ਵੱਲੋਂ ਦਾਇਰ ਅਰਜ਼ੀ ਨੂੰ ਕੇਸ ਲਈ ਕਾਫ਼ੀ ਅਹਿਮ ਮੰਨਿਆ ਜਾ ਰਿਹਾ ਹੈ। ਇਸ ਅਰਜ਼ੀ ’ਤੇ ਸੁਣਵਾਈ 7 ਦਸੰਬਰ ਨੂੰ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿਚ ਹੋਵੇਗੀ। ਕੈਂਸਲੇਸ਼ਨ ਰਿਪੋਰਟ ’ਤੇ ਵੀ ਅਗਲੀ ਸੁਣਵਾਈ 7 ਦਸੰਬਰ ਨੂੰ ਹੋਵੇਗੀ।