ਸ਼ੰਕਰ ਦਾਸ ਦੀ ਰਿਪੋਰਟ
Samyukt Kisan Morcha: ਸੰਯੁਕਤ ਕਿਸਾਨ ਮੋਰਚਾ ਦੀ ਸੂਬਾ ਪੱਧਰੀ ਮੀਟਿੰਗ ਬਰਨਾਲਾ ਵਿਖੇ ਹੋਈ। ਇਸ ਮੀਟਿੰਗ ਵਿੱਚ 21 ਦੇ ਕਰੀਬ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਵਿੱਚ ਐਲਾਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ 31 ਜਨਵਰੀ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਵਾਸਘਾਤ ਦਿਵਸ ਮਨਾਇਆ ਜਾਵੇਗਾ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਜਾਣਗੇ।
ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਤੋਂ ਬਾਅਦ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ , ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਆਗੂ ਸੁਰਜੀਤ ਸਿੰਘ, ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਦੇਵ ਸਿੰਘ ਨੇ ਕਿਹਾ ਕਿ ਦਿੱਲੀ 'ਚ ਕੇਂਦਰ ਸਰਕਾਰ ਖਿਲਾਫ ਧਰਨੇ 'ਤੇ ਬੈਠੇ ਕਿਸਾਨਾਂ ਦੇ ਨਾਲ ਕੇਂਦਰ ਸਰਕਾਰ ਵੱਲੋਂ 9 ਦਸੰਬਰ ਨੂੰ ਵਾਧਾ ਕਰਕੇ ਕਿਸਾਨਾਂ ਦੀਆਂ 6 ਮੰਗਾਂ ਮੰਨੀਆਂ ਗਈਆਂ ਸੀ।
ਇਸ ਵਿੱਚ ਲਖੀਮਪੁਰ ਖੇੜੀ ਵਿੱਚ ਹੋਏ ਕਿਸਾਨਾਂ ਦੇ ਹੱਤਿਆ ਕਾਂਡ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੋਨੀ ਦੀ ਬਰਖਾਸਤਗੀ ਤੇ ਗ੍ਰਿਫ਼ਤਾਰੀ, ਕਿਸਾਨ ਸੰਘਰਸ਼ ਦੌਰਾਨ ਕਿਸਾਨਾਂ ’ਤੇ ਦਰਜ ਕੇਸ ਵਾਪਸ ਲੈਣ, ਕਿਸਾਨ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਤੇ ਸਰਕਾਰੀ ਨੌਕਰੀ ਦੇਣ ਆਦਿ ਮੰਗਾਂ 'ਤੇ ਕੇਂਦਰ ਸਰਕਾਰ ਦੀ ਸੰਯੁਕਤ ਕਿਸਾਨ ਮੋਰਚਾ ਨਾਲ ਸਹਿਮਤੀ ਹੋਈ ਸੀ ਪਰ ਅੱਜ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਇਨ੍ਹਾਂ ਮੰਗਾਂ ਵਿੱਚੋਂ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ।
ਇਸ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਲ 21 ਕਿਸਾਨ ਜਥੇਬੰਦੀਆਂ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ 31 ਜਨਵਰੀ ਨੂੰ ਦੇਸ਼ ਭਰ ਵਿੱਚ ਜ਼ਿਲ੍ਹਾ ਹੈੱਡ ਕੁਆਰਟਰਾਂ ’ਤੇ ਕੇਂਦਰ ਸਰਕਾਰ ਖ਼ਿਲਾਫ਼ ਵਿਸ਼ਵਾਸਘਾਤ ਦਿਵਸ ਮਨਾ ਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋ ਕੇ ਚੋਣ ਲੜ ਰਹੀਆਂ ਕਿਸਾਨ ਜਥੇਬੰਦੀਆਂ ਸਾਂਝੇ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਨੂੰ ਚਾਰ ਮਹੀਨਿਆਂ ਤੋਂ ਸਾਂਝੇ ਕਿਸਾਨ ਮੋਰਚੇ ਵਿੱਚੋਂ ਬਾਹਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇਕਰ 1 ਫਰਵਰੀ ਤੱਕ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਫਿਰ ਤੋਂ ਤੇਜ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 1 ਫਰਵਰੀ ਤੋਂ ਬਾਅਦ ਸੰਯੁਕਤ ਕਿਸਾਨ ਮੋਰਚਾ ਉੱਤਰ ਪ੍ਰਦੇਸ਼ ਵਿੱਚ ਯੂਪੀ ਮਿਸ਼ਨ ਚਲਾ ਕੇ ਲੋਕਾਂ ਨੂੰ ਦੱਸੇਗਾ ਕਿ ਕਿਸ ਤਰ੍ਹਾਂ ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਨਾਲ ਧੋਖਾ ਕੀਤਾ ਹੈ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਲਖੀਮਪੁਰ ਖੇੜੀ ਕਤਲੇਆਮ ਦੇ ਵਿਰੋਧ 'ਚ ਤੇ ਕੇਂਦਰ ਸਰਕਾਰ ਵਿਰੁੱਧ ਸਾਂਝੇ ਕਿਸਾਨ ਮੋਰਚਾ ਵੱਲੋਂ ਲਖੀਮਪੁਰ ਖੇੜੀ 'ਚ ਪੱਕਾ ਮੋਰਚਾ ਲਗਾਇਆ ਜਾ ਰਿਹਾ ਹੈ, ਜਿਸ ਦੀ ਪ੍ਰਧਾਨਗੀ ਕਿਸਾਨ ਆਗੂ ਰਾਕੇਸ਼ ਟਿਕੈਤ ਕਰਨਗੇ ਤੇ ਇਸ ਦੀ ਤਾਰੀਕ ਦਾ ਰਾਕੇਸ਼ ਟਿਕੈਤ ਵੱਲੋਂ ਹੀ ਐਲਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲਖੀਮਪੁਰ ਖੇੜੀ ਵਿੱਚ ਹੋਣ ਵਾਲੇ ਪੱਕਾ ਮੋਰਚਾ ਵਿੱਚ ਦੇਸ਼ ਭਰ ਤੋਂ ਕਿਸਾਨ ਸ਼ਮੂਲੀਅਤ ਕਰਨਗੇ ਤੇ ਇਹ ਮੋਰਚਾ ਦਿਨ ਰਾਤ ਜਾਰੀ ਰਹੇਗਾ।
ਇਸ ਦੇ ਨਾਲ ਹੀ ਉਨ੍ਹਾਂ ਸੰਯੁਕਤ ਕਿਸਾਨ ਮੋਰਚਾ ਵੱਲੋਂ ਸੰਯੁਕਤ ਕਿਸਾਨ ਮੋਰਚੇ ਤੋਂ ਵੱਖ ਹੋ ਕੇ ਚੋਣ ਲੜਨ ਦੇ ਮੁੱਦੇ 'ਤੇ ਬੋਲਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਹੋਰਨਾਂ ਸਿਆਸੀ ਪਾਰਟੀਆਂ ਵਾਂਗ ਉਨ੍ਹਾਂ ਨੂੰ ਦੇਖ ਰਿਹਾ ਹੈ ਤੇ ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਸਿਆਸੀ ਪਾਰਟੀ ਦੇ ਉਮੀਦਵਾਰ ਹੈ ਜਾਂ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਦਾ ਸਮਰਥਨ ਨਹੀਂ ਕਰੇਗਾ।