ਮੋਦੀ ਸਰਕਾਰ ਖਿਲਾਫ ਮੁੜ ਡਟੇਗਾ ਸੰਯੁਕਤ ਕਿਸਾਨ ਮੋਰਚਾ, 22 ਕਿਸਾਨ ਜਥੇਬੰਦੀਆਂ ਵੱਲੋਂ ‘ਅਗਨੀਪਥ’ ਯੋਜਨਾ ਬਾਰੇ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚਾ ਕੇਂਦਰ ਦੀ ‘ਅਗਨੀਪਥ’ ਯੋਜਨਾ ਦਾ ਵਿਰੋਧ ਕਰ ਰਹੇ ਬੇਰਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਨਿੱਤਰ ਆਇਆ ਹੈ। ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਮੀਟਿੰਗ ਕੀਤੀ,
ਜਲੰਧਰ: ਸੰਯੁਕਤ ਕਿਸਾਨ ਮੋਰਚਾ ਕੇਂਦਰ ਦੀ ‘ਅਗਨੀਪਥ’ ਯੋਜਨਾ ਦਾ ਵਿਰੋਧ ਕਰ ਰਹੇ ਬੇਰਜ਼ਗਾਰ ਨੌਜਵਾਨਾਂ ਦੇ ਹੱਕ ਵਿੱਚ ਨਿੱਤਰ ਆਇਆ ਹੈ। ਮੋਰਚੇ ਵਿੱਚ ਸ਼ਾਮਲ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਨੇ ਬੁੱਧਵਾਰ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿੱਚ ਮੀਟਿੰਗ ਕੀਤੀ, ਜਿਸ ਵਿੱਚ ਫ਼ੈਸਲਾ ਲਿਆ ਗਿਆ ਕਿ 24 ਜੂਨ ਨੂੰ ਅਗਨੀਪਥ ਯੋਜਨਾ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਮਗਰੋਂ ਦੇਸ਼ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪੇ ਜਾਣਗੇ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਤੇ ਬੂਟਾ ਸਿੰਘ ਬੁਰਜ ਗਿੱਲ ਨੇ ਦੱਸਿਆ ਕਿ ਸੰਯੁਕਤ ਮੋਰਚਾ ਦੇਸ਼ ਭਰ ਵਿੱਚ 24 ਜੂਨ ਨੂੰ ਅਗਨੀਪਥ ਦੇ ਵਿਰੋਧ ਵਿੱਚ ਪ੍ਰਦਰਸ਼ਨ ਕਰੇਗਾ ਤੇ ਪੰਜਾਬ ਵਿੱਚ ਵੀ ਮੋਰਚੇ ’ਚ ਹਿੱਸਾ ਲੈਣ ਵਾਲੀਆਂ ਕਿਸਾਨ ਜਥੇਬੰਦੀਆਂ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਅੱਗੇ ਅਗਨੀਪਥ ਯੋਜਨਾ ਵਾਪਸ ਲੈਣ ਦੀ ਮੰਗ ਰੱਖਣਗੀਆਂ। ਇਸ ਮੌਕੇ ਡਿਪਟੀ ਕਮਿਸ਼ਨਰਾਂ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਵੀ ਸੌਂਪੇ ਭੇਜੇ ਜਾਣਗੇ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਤੇ ਬੂਟਾ ਸਿੰਘ ਬੁਰਜ ਗਿੱਲ ਨੇ ਦੋਸ਼ ਲਾਇਆ ਕਿ ਤਿੰਨੋਂ ਸੈਨਾਵਾਂ ਦੇ ਮੁਖੀਆਂ ਵੱਲੋਂ ਆਰਐਸਐਸ ਤੇ ਭਾਜਪਾ ਦੇ ਇਸ਼ਾਰੇ ’ਤੇ ਦੇਸ਼ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਡਰਾਉਣ ਧਮਕਾਉਣ ਦਾ ਕੰਮ ਕੀਤਾ ਜਾ ਰਿਹਾ ਹੈ ਕਿ ਇਸ ਯੋਜਨਾ ਦਾ ਵਿਰੋਧ ਕਰਨ ਵਾਲਿਆਂ ਨੂੰ ਫੌਜ ਵਿੱਚ ਭਰਤੀ ਨਹੀਂ ਕੀਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਵਿਰੋਧ ਪ੍ਰਗਟਾਉਣਾ ਦੇਸ਼ ਵਾਸੀਆਂ ਦਾ ਸੰਵਿਧਾਨਕ ਹੱਕ ਹੈ।
ਮੀਟਿੰਗ ਦੌਰਾਨ ਯੂਪੀ ਦੀ ਯੋਗੀ ਆਦਿੱਤਿਆਨਾਥ ਸਰਕਾਰ ਵੱਲੋਂ ਘੱਟ ਗਿਣਤੀਆਂ, ਜਮਹੂਰੀ ਤਾਕਤਾਂ ਤੇ ਆਪਣੇ ਸਿਆਸੀ ਵਿਰੋਧੀਆਂ ਨੂੰ ਡਰਾਉਣ-ਧਮਕਾਉਣ ਲਈ ਧਾਰਨ ਕੀਤੀ ਬੁਲਡੋਜ਼ਰ ਦੀ ਫਾਸ਼ੀਵਾਦੀ ਨੀਤੀ ’ਤੇ ਰੋਕ ਲਾਉਣ ਤੇ ਸੰਯੁਕਤ ਕਿਸਾਨ ਮੋਰਚੇ ਦੇ ਇੱਕ ਪ੍ਰਮੁੱਖ ਆਗੂ ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਡਾ. ਅਸ਼ੀਸ਼ ਮਿੱਤਲ ਉੱਪਰ ਪ੍ਰਯਾਗਰਾਜ ਵਿੱਚ ਦਰਜ ਕੀਤੇ ਪੁਲੀਸ ਕੇਸ ਅਤੇ ਜਾਰੀ ਕੀਤੇ ਗ਼ੈਰ-ਜ਼ਮਾਨਤੀ ਵਾਰੰਟਾਂ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ।