ਲੁਧਿਆਣਾ: ਬੀਤੇ ਦਿਨੀਂ ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣਾਂ ਦੇ ਨਤੀਜੇ ਐਲਾਨੇ ਗਏ। ਜਿੱਥੇ ਦਾਖਾ ਤੋਂ ਕਾਂਗਰਸੀ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਅਕਾਲੀ ਉਮੀਦਵਾਰ ਮਨਪ੍ਰੀਤ ਸਿੰਘ ਇਆਲੀ ਨੇ ਹਰਾ ਦਿੱਤਾ। ਕਾਂਗਰਸ ਲਈ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਇਸ ਤੋਂ ਬਾਅਦ ਅੱਜ ਮੀਡੀਆ ਨਾਲ ਗੱਲ ਕਰਦਿਆਂ ਕੈਪਟਨ ਸੰਧੂ ਨੇ ਕਿਹਾ ਕਿ ਉਹ ਹਲਕੇ ‘ਚ ਲੋਕਾਂ ਨਾਲ ਕੀਤੇ ਵਾਅਦੇ ਜ਼ਰੂਰ ਪੂਰਾ ਕਰਨਗੇ। ਉਨ੍ਹਾਂ ਦਾ ਘਰ ਤੇ ਦਫਤਰ ਹਲਕੇ ‘ਚ ਹੀ ਹੋਵੇਗਾ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ‘ਚ ਕੋਈ ਪ੍ਰੇਸ਼ਾਨੀ ਨਾ ਆਏ। ਇਸ ਦੇ ਨਾਲ ਹੀ ਉਨ੍ਹਾਂ ਸੰਕੇਤ ਦਿੱਤਾ ਹੈ ਕਿ ਉਹ ਦਾਖਾ ਹਲਕੇ ਵਿੱਚ ਆਪਣੇ ਪੈਰ ਜਮਾਈ ਰੱਖਣਗੇ। ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਇਸ ਹਾਰ ਦੇ ਜ਼ਿੰਮੇਵਾਰ ਉਹ ਖੁਦ ਹਨ। ਉਨ੍ਹਾਂ ਨੇ ਕਿਹਾ ਕਿ ਹਾਰ ਤੋਂ ਬਾਅਦ ਵੀ ਉਹ ਹਲਕੇ ‘ਚ ਰਹਿ ਕੇ ਲੋਕਾਂ ਦੀ ਸੇਵਾ ਕਰਦੇ ਰਹਿਣਗੇ। ਉਧਰ ਕੈਬਿਨਟ ਮੰਤਰੀ ਭਾਰਤ ਭੂਸ਼ਣ ਨੇ ਕਿਹਾ ਕਿ ਅਸੀਂ ਹਾਰ ਦੇ ਕਾਰਨਾਂ ਦੀ ਸਮੀਖਿਆ ਕਰਾਂਗੇ।