ਬਰਨਾਲਾ :  ਸੰਗਰੂਰ ਲੋਕ ਸਭਾ ਸੀਟ ਲਈ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇੱਥੇ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋਵੇਗੀ, ਜੋ ਸ਼ਾਮ 6 ਵਜੇ ਤੱਕ ਚੱਲੇਗੀ। ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਅੱਜ ਬਰਨਾਲਾ ਜ਼ਿਲ੍ਹੇ ਦੇ ਤਿੰਨੋਂ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਪੈ ਰਹੀਆਂ ਹਨ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਪ੍ਰਸ਼ਾਸਨ ਅਤੇ ਚੋਣ ਕਮਿਸ਼ਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਸਨ।


ਬਰਨਾਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਵਿੱਚ ਕੁੱਲ 502127 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜਿਨ੍ਹਾਂ ਵਿੱਚੋਂ 265340 ਪੁਰਸ਼ ਅਤੇ 236772 ਮਹਿਲਾ ਵੋਟਰ ਅਤੇ 15 ਹੋਰ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 558 ਪੋਲਿੰਗ ਸਟੇਸ਼ਨਾਂ 'ਤੇ ਚੋਣ ਕਮਿਸ਼ਨ ਦੇ ਕਰੀਬ 2232 ਕਰਮਚਾਰੀ ਤਾਇਨਾਤ ਰਹਿਣਗੇ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ 'ਚ ਸ਼ਾਂਤਮਈ ਢੰਗ ਨਾਲ ਵੋਟਾਂ ਪਵਾਉਣ ਲਈ 2450 ਦੇ ਕਰੀਬ ਸੁਰੱਖਿਆ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ, ਜਿਨ੍ਹਾਂ 'ਚੋਂ 13 ਕੰਪਨੀਆਂ ਕੇਂਦਰੀ ਹਥਿਆਰਬੰਦ ਬਲ ਅਤੇ 7 ਕੰਪਨੀਆਂ ਸਟੇਟ ਆਰਮਡ ਫੋਰਸ ਦੀਆਂ ਹੋਣਗੀਆਂ ਅਤੇ 650 ਦੇ ਕਰੀਬ ਪੁਲਿਸ ਮੁਲਾਜ਼ਮ ਸ਼ਾਮਿਲ ਹੋਣਗੇ। 


 


ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੁਕਾਬਲਾ 5 ਉਮੀਦਵਾਰਾਂ ਵਿਚਕਾਰ ਹੋਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਵੱਲੋਂ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਘਰਾਚੋਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ 7ਵੀਂ ਵਾਰ ਸੰਗਰੂਰ ਲੋਕ ਸਭ ਹਲਕੇ ਦੇ ਚੋਣ ਮੈਦਾਨ 'ਚ ਆਪਣੀ ਕਿਸਮਤ ਅਜ਼ਮਾ ਰਹੇ ਹਨ।


 
ਸ਼੍ਰੋਮਣੀ ਅਕਾਲੀ ਦਲ ਵੱਲੋਂ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰ ਵਜੋਂ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ, ਜੋ ਕਿ ਫ਼ਾਂਸੀ ਦੀ ਸਜ਼ਾਯਾਫ਼ਤਾ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਹਨ। ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨਿਆ ਗਿਆ ਹੈ। ਕਾਂਗਰਸ ਨੇ ਦਲਵੀਰ ਸਿੰਘ ਗੋਲਡੀ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ।