ਸੰਗਰੂਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵੱਖ ਵੱਖ ਸਰਕਾਰੀ ਸਿਹਤ ਯੋਜਨਾਵਾਂ ਨੂੰ ਜ਼ਿਲੇ ਵਿੱਚ ਲਾਗੂ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਤਿ੍ਰਤ ਮੀਟਿੰਗ ਕੀਤੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਖੇਤਰ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਸਮੂਹ ਸਿਹਤ ਅਧਿਕਾਰੀ ਇਨਾਂ ਸਹੂਲਤਾਂ ਦਾ ਲਾਭ ਜ਼ਮੀਨੀ ਪੱਧਰ ’ਤੇ ਲੋੜਵੰਦਾਂ ਤੱਕ ਪਹੁੰਚਾਉਣ ਨੂੰ ਤਰਜੀਹ ਦੇਣ। ਉਨਾਂ ਨੇ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਕੋਵਿਡ ਦੀ ਬੂਸਟਰ ਡੋਜ਼ ਲਗਵਾਉਣ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਵੱਧ ਤੋਂ ਵੱਧ ਨਾਗਰਿਕਾਂ ਦੀ ਸਿਹਤ ਸੁਰੱਖਿਆ ਲਈ ਸਰਕਾਰੀ ਹਸਪਤਾਲਾਂ ਸਮੇਤ ਹੋਰ ਢੁਕਵੇਂ ਸਥਾਨਾਂ ’ਤੇ ਕੋਵਿਡ ਟੀਕਾਕਰਨ ਕੈਂਪ ਜਾਰੀ ਰੱਖੇ ਜਾਣ।  


ਡਿਪਟੀ ਕਮਿਸ਼ਨਰ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਦਾਇਰੇ ਅਧੀਨ ਆਉਂਦੇ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ। ਉਨਾਂ ਕਿਹਾ ਕਿ 31 ਜੁਲਾਈ ਤੱਕ ਸੌ ਫੀਸਦੀ ਲਾਭਪਾਤਰੀਆਂ ਦੇ ਕਾਰਡ ਬਣਾਉਣੇ ਯਕੀਨੀ ਬਣਾਏ ਜਾਣ। ਸ਼੍ਰੀ ਜੋਰਵਾਲ ਨੇ ਡੇਂਗੂ ਸਮੇਤ ਹੋਰ ਮੌਸਮੀ ਰੋਗਾਂ ਦੀ ਰੋਕਥਾਮ ਲਈ ਸਿਹਤ ਵਿਭਾਗ ਦੁਆਰਾ ਅਮਲ ਵਿੱਚ ਲਿਆਂਦੇ ਜਾ ਰਹੇ ਕਾਰਜਾਂ ਬਾਰੇ ਵੀ ਜਾਇਜ਼ਾ ਲਿਆ। ਉਨਾਂ ਕਿਹਾ ਕਿ ਡੇਂਗੂ ਤੋਂ ਬਚਾਅ ਬਾਰੇ ਜਾਗਰੂਕਤਾ ਮੁਹਿੰਮ ਜਾਰੀ ਰੱਖੀ ਜਾਵੇ। ਡਿਪਟੀ ਕਮਿਸ਼ਨਰ ਨੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਜਣੇਪਿਆਂ ਦੀ ਦਰ ਨੂੰ ਵਧਾਉਣ ਲਈ ਵਧੇਰੇ ਉਪਰਾਲੇ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨਾਂ ਨੇ ਬੱਚਿਆਂ, ਔਰਤਾਂ ਤੇ ਬਜ਼ੁਰਗਾਂ ਲਈ ਚਲਾਈਆਂ ਜਾ ਰਹੀਆਂ ਵੱਖ ਵੱਖ ਸਿਹਤ ਭਲਾਈ ਯੋਜਨਾਵਾਂ ਨੂੰ ਲਾਗੂ ਕਰਨ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ।


ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਰਜੀਤ ਵਾਲੀਆ, ਏ.ਡੀ.ਸੀ ਸ਼ਹਿਰੀ ਵਿਕਾਸ ਲਤੀਫ਼ ਅਹਿਮਦ, ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਭਵਾਨੀਗੜ ਵਿਨੀਤ ਕੁਮਾਰ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਲਹਿਰਾ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਡਾ. ਉਪਾਸਨਾ ਬਿੰਦਰਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।