ਸੰਗਰੂਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਮੂਹ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਮੰਡੀ ਅਧਿਕਾਰੀਆਂ ਅਤੇ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ 'ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ' ਨੂੰ ਮੁਕੰਮਲ ਤੌਰ ਉੱਤੇ ਬੰਦ ਕਰਨ ਲਈ ਢੁਕਵੇਂ ਕਦਮ ਚੁੱਕਣ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇਸ ਮਾਮਲੇ ਸਬੰਧੀ ਕੀਤੇ ਗਏ ਉਪਰਾਲਿਆਂ ਬਾਰੇ ਵਿਸਥਾਰ ਵਿੱਚ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਵਾਰ ਵਰਤੋਂ ਵਿੱਚ ਆਉਣ ਵਾਲਾ ਪਲਾਸਟਿਕ ਬੰਦ ਕਰਨ ਲਈ ਲਗਾਤਾਰ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੇ ਬਾਵਜੂਦ  ਜਿਹੜੇ ਵਪਾਰੀ, ਦੁਕਾਨਦਾਰ, ਰੇਹੜੀ ਵਾਲੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਦੇ ਚਲਾਨ ਕੱਟੇ ਜਾਣ।


ਡਿਪਟੀ ਕਮਿਸ਼ਨਰ ਨੇ ਕਾਰਜ ਸਾਧਕ ਅਧਿਕਾਰੀਆਂ ਨੂੰ ਵਪਾਰਕ ਅਦਾਰਿਆਂ ਦੀ ਲਗਾਤਾਰ ਚੈਕਿੰਗ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਮੰਡੀ ਅਧਿਕਾਰੀਆਂ ਨੂੰ ਕਿਹਾ ਕਿ ਸਬਜ਼ੀ ਅਤੇ ਫਲ ਵਿਕਰੇਤਾਵਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾਵੇ ਅਤੇ ਮੰਡੀਆਂ ਵਿੱਚ ਖਰੀਦਦਾਰੀ ਲਈ ਆਉਣ ਵਾਲੇ ਲੋਕਾਂ ਨੂੰ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਬਦਲਵੇਂ ਸਾਧਨ ਲਿਆਉਣ ਲਈ ਪ੍ਰੇਰਿਤ ਕੀਤਾ ਜਾਵੇ।


ਡਿਪਟੀ ਕਮਿਸ਼ਨਰ ਨੇ ਸਮੂਹ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਨੂੰ ਸੁੱਕਾ ਕੂੜਾ ਅਤੇ ਗਿੱਲਾ ਕੂੜਾ ਘਰ ਘਰ ਜਾ ਕੇ ਇਕੱਤਰ ਕਰਨ ਲਈ ਯੋਜਨਾਬੱਧ ਤਰੀਕੇ ਨਾਲ ਕਾਰਵਾਈ ਅਮਲ ਵਿੱਚ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਵਾਤਾਵਰਨ ਯੋਜਨਾ ਨੂੰ ਸਫਲਤਾ ਨਾਲ ਲਾਗੂ ਕਰਨ ਲਈ ਕੂੜਾ ਕਰਕਟ ਦਾ ਯੋਗ ਪ੍ਰਬੰਧਨ ਜ਼ਰੂਰੀ ਹੈ ਅਤੇ ਇਸ ਲਈ ਸਮੁੱਚੀ ਪ੍ਰਕਿਰਿਆ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕੀਤਾ ਜਾਵੇ।


ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਲਤੀਫ਼ ਅਹਿਮਦ, ਉਪ ਮੰਡਲ ਮੈਜਿਸਟਰੇਟ ਸੰਗਰੂਰ ਚਰਨਜੋਤ ਸਿੰਘ ਵਾਲੀਆ, ਉਪ ਮੰਡਲ ਮੈਜਿਸਟਰੇਟ ਲਹਿਰਾ ਨਵਰੀਤ ਕੌਰ ਸੇਖੋਂ, ਉਪ ਮੰਡਲ ਮੈਜਿਸਟਰੇਟ ਦਿੜ੍ਹਬਾ ਰਾਜੇਸ਼ ਸ਼ਰਮਾ, ਉਪ ਮੰਡਲ ਮੈਜਿਸਟਰੇਟ ਧੂਰੀ ਅਮਿਤ ਗੁਪਤਾ, ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।