ਸੰਗਰੂਰ ਤੋਂ ਅਨਿਲ ਜੈਨ ਦੀ ਰਿਪੋਰਟ
Sangrur By-Election 2022: ਸ਼ਨੀਵਾਰ ਨੂੰ ਪੰਜਾਬ ਦੇ ਸੰਗਰੂਰ ਦਾ ਪਾਰਾ ਸਿਆਸੀ ਲੋਕਾਂ ਨੇ ਭੱਖਾਈ ਰੱਖਿਆ। ਦੱਸ ਦਈਏ ਕਿ ਸੰਗਰੂਰ ਜ਼ਿਮਣੀ ਚੋਣਾਂ ਕਰਕੇ ਜਿੱਥੇ ਸ਼ਨੀਵਾਰ ਨੂੰ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਦਲਬੀਰ ਸਿੰਘ ਗੋਲਡੀ ਦੇ ਹੱਕ ਵਿੱਚ ਭਵਾਨੀਗੜ੍ਹ ਵਿੱਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਵਿਜੇਂਦਰ ਸਿੰਗਲਾ ਚੋਣ ਪ੍ਰਚਾਰ ਕਰ ਰਹੇ ਹਨ। ਦੂਜੇ ਪਾਸੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਵਿਰਸਾ ਸਿੰਘ ਵਿਲਟੋਹਾ ਵਿਧਾਨ ਅਤੇ ਗੋਬਿੰਦ ਸਿੰਘ ਲੌਂਗੋਵਾਲਾ ਵਿਧਾਨ ਸਭਾ ਹਲਕਾ ਲਹਿਰਾ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਦੇ ਹੱਕ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ।
ਜੇਕਰ ਆਮ ਆਦਮੀ ਪਾਰਟੀ ਦੀ ਗੱਲ ਕਰੀਏ ਤਾਂ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਦਿੜ੍ਹਬਾ ਵਿੱਚ ਚੋਣਾਂ ਨੂੰ ਲੈ ਕੇ ਆਪਣੇ ਵਰਕਰਾਂ ਨਾਲ ਮੀਟਿੰਗ ਕਰ ਰਹੇ ਹਨ।
ਜ਼ਿਮਣੀ ਚੋਣਾਂ ਨੂੰ ਲੈ ਕੇ ਬੋਲੇ ਹਰਪਾਲ ਚੀਮਾ
ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਲੋਕ ਸਭਾ ਚੋਣਾਂ ਬਾਰੇ ਕਿਹਾ ਕਿ ਅਕਾਲੀ, ਬੀਜੇਪੀ ਅਤੇ ਕਾਂਗਰਸੀ ਉਮੀਦਵਾਰਾਂ ਦੀ ਜ਼ਮਾਨਤ ਬੁਰੀ ਤਰ੍ਹਾਂ ਜ਼ਬਤ ਹੋ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਬੱਚਾ-ਬੱਚਾ ਜਾਣਦਾ ਹੈ ਕਿ ਉਹ ਕਿੰਨਾ ਝੂਠ ਬੋਲਦੇ ਹਨ। ਇਸ ਦੇ ਨਾਲ ਹੀ ਉ੍ਹਾਂ ਨੇ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਨੇ ਰਾਜਾ ਵੜਿੰਗ 'ਤੇ ਬੋਲਦਿਆਂ ਕਿਹਾ ਕਿ ਰਾਜਾ ਵੜਿੰਗ ਨਾਅਰੇ ਲਗਾ ਕੇ ਭ੍ਰਿਸ਼ਟ ਲੋਕਾਂ ਨੂੰ ਬਚਾਉਣ ਦਾ ਡਰਾਮਾ ਕਰ ਰਹੇ ਸੀ। ਅੱਜ ਆਪਣੇ ਵਿਧਾਨ ਸਭਾ ਹਲਕਾ ਦਿੜਬਾ ਵਿਖੇ ਪਹੁੰਚੇ ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਸਭ ਗੱਲਾਂ ਜ਼ਿਮਣੀ ਚੋਣਾਂ ਦੇ ਮੱਦੇਨਜ਼ਰ ਕਹੀਆਂ।
ਕਾਂਗਰਸ ਸੂਬਾ ਪ੍ਰਧਾਨ ਰਾਜਾ ਵੜਿੰਗ ਦਾ ਆਪ 'ਤੇ ਹਮਲਾ
ਰਾਜਾ ਵੜਿੰਗ ਨੇ ਪੰਜਾਬ ਸਰਕਾਰ 'ਤੇ ਇਹ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਆਪਣੇ ਕਾਰਜਕਾਲ 'ਚ ਫੇਲ ਹੋਈ ਹੈ। ਉਨ੍ਹਾਂ ਕਿਹਾ ਕਿ ਸਸਤੀ ਬਿਜਲੀ ਤੋਂ ਲੈ ਕੇ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਤੱਕ ਆਪ ਸਰਕਾਰ ਹਰ ਵਾਅਦੇ ਨੂੰ ਪੂਰਾ ਕਰਨ 'ਚ ਨਾਕਾਮਯਾਬ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦੁੱਧ ਅਤੇ ਦਵਾਈ ਸਸਤੀ ਕਰਨ ਦੀ ਬਜਾਏ ਸ਼ਰਾਬ ਸਸਤੀ ਕੀਤੀ, ਇਹ ਉਨ੍ਹਾਂ ਦੀ ਬਦਲਾਅ ਦੀ ਨੀਤੀ ਹੈ।
ਉਨ੍ਹਾਂ ਕਿਹਾ ਕਿ ਸੂਬੇ ਦੀ ਅਮਨ ਕਾਨੂੰਨ ਦੀ ਹਾਲਾਤ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ। ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਮੂਸੇ ਵਾਲਾ ਦੇ ਕਤਲ ਦੀ ਗੁੱਥੀ ਸੁਲਝਾਉਣ ਵਿੱਚ ਨਾਕਾਮ ਰਹੀ ਹੈ। ਵੜਿੰਗ ਨੇ ਕਿਹਾ ਕਿ ਇਸ ਵਾਰ ਕਾਂਗਰਸ ਨੂੰ ਮੌਕਾ ਦਿਓ ਅਤੇ ਇਸ ਜ਼ਿਮਣੀ ਚੋਣ ਵਿੱਚ ਦਲਵੀਰ ਗੋਲਡੀ ਨੂੰ ਜੇਤੂ ਬਣਾਓ।
ਅਕਾਲੀ ਵੀ ਨਹੀਂ ਰਹੇ ਕਿਸੇ ਤੋਂ ਪਿਛੇ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਸੀਂ ਹਰ ਪੰਥਕ ਧਿਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕੱਠੇ ਹੋ ਕੇ ਚੋਣਾਂ ਲੜਨ ਦੀ ਗੱਲ ਕਰ ਰਹੇ ਹਾਂ ਪਰ ਫਿਰ ਵੀ ਜੇਕਰ ਸਿਮਰਜੀਤ ਸਿੰਘ ਮਾਨ ਚੋਣਾਂ ਦੇ ਆਖਰੀ ਦਿਨ ਛੱਡ ਕੇ ਸਾਡੇ ਨਾਲ ਆ ਜਾਂਦੇ ਹਨ ਤਾਂ ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ।
ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਅਰਾਜਕਤਾ ਹੈ, ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ, ਕਤਲ ਹੋ ਰਹੇ ਹਨ, ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ, ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ। ਉਨ੍ਹਾਂ ਕਿਹਾ ਕਿ ਮੂਸੇ ਵਾਲਾ ਦੇ ਕਤਲ ਦੇ ਦੋਸ਼ੀਆਂ ਨੂੰ ਫੜਨ ਲਈ ਪੰਜਾਬ ਸਰਕਾਰ ਫੇਲ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਿਮਾਚਲ ਦੀਆਂ ਚੋਣਾਂ ਵਿੱਚ ਪ੍ਰਚਾਰ ਕਰਨ ਦੇ ਸਵਾਲ 'ਤੇ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅੱਗ ਵਿੱਚ ਸੜ ਰਿਹਾ ਹੈ ਅਤੇ ਮਾਨ ਸਾਹਬ ਹਿਮਾਚਲ ਦੀਆਂ ਠੰਢੀਆਂ ਵਾਦੀਆਂ ਦੀ ਹਵਾ ਲੈ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਮਲਦੀਪ ਕੌਰ ਰਾਜੋਆਣਾ ਨੇ ਕਿਹਾ ਕਿ ਸ੍ਰੀ ਅਕਾਲ ਦੇ ਹੁਕਮਾਂ ਮੁਤਾਬਕ ਸਮੂਹ ਸਿੱਖ ਜਥੇਬੰਦੀਆਂ ਇੱਕਜੁੱਟ ਹੋ ਕੇ ਚੋਣਾਂ ਲੜ ਰਹੀਆਂ ਹਨ ਅਤੇ ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਸਰਕਾਰ ਜਲਦ ਹੀ EPFO ਖਾਤੇ 'ਚ ਟਰਾਂਸਫਰ ਕਰੇਗੀ 72000 ਕਰੋੜ, ਇਸ ਤਰ੍ਹਾਂ ਚੈੱਕ ਕਰੋ ਸਟੈਟਸ