ਰਾਜਪੁਰਾ : ਰਾਜ ਸਭਾ ਅਤੇ ਬੀਜੇਪੀ ਤੋਂ ਅਸਤੀਫ਼ਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਭਾਵੇਂ ਅਜੇ ਝਾੜੂ ਹੱਥ ਵਿੱਚ ਨਹੀਂ ਫੜਿਆ ਪਰ ਪਾਰਟੀ ਨੇ ਸਿੱਧੂ ਨੂੰ ਜਨਤਕ ਮੰਚਾਂ ਉੱਤੇ ਕੈਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਗੱਲ ਦੀ ਝਲਕ ਦੇਖਣ ਨੂੰ ਮਿਲੀ ਰਾਜਪੁਰਾ ਵਿਖੇ। ਰਾਜਪੁਰਾ ਵਿਖੇ ਇੱਕ ਸਭਾ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਨੇ ਆਖਿਆ ਕਿ ਸਿੱਧੂ ਬਹੁਤ ਛੇਤੀ ਪਾਰਟੀ ਵਿੱਚ ਸ਼ਾਮਲ ਹੋਣਗੇ।     ਸੰਜੇ ਸਿੰਘ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਬਹੁਤ ਛੇਤੀ ਚੰਗੀ ਖ਼ਬਰ ਆਉਣ ਵਾਲੀ ਹੈ ਕਿਉਂਕਿ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸੰਜੇ ਸਿੰਘ ਨੇ ਆਖਿਆ ਕਿ ਸਿੱਧੂ ਦੇ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਅਜੇ ਕੁੱਝ ਸਮਾਂ ਹੋਰ ਇੰਤਜ਼ਾਰ ਕਰਨਾ ਹੋਵੇਗਾ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੀ ਨਵਜੋਤ ਸਿੰਘ ਸਿੱਧੂ ਦੀ ਭੂਮਿਕਾ ਤਹਿ ਕੀਤੀ ਜਾਵੇਗੀ। ਸੰਜੇ ਸਿੰਘ ਨੇ ਆਖਿਆ ਕਿ ਪੰਜਾਬ ਦੇ ਹਿਤਾਂ ਲਈ ਨਵਜੋਤ ਸਿੰਘ ਸਿੱਧੂ ਨੇ ਅਸਤੀਫ਼ਾ ਦੇ ਕੇ ਬਹੁਤ ਵੱਡੀ ਕੁਰਬਾਨੀ ਕੀਤੀ ਹੈ।       ਉਨ੍ਹਾਂ ਆਖਿਆ ਕਿ ਨਵਜੋਤ ਸਿੰਘ ਸਿੱਧੂ ਦੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ 117 ਸੀਟਾਂ ਉੱਤੇ ਪਾਰਟੀ ਦਾ ਕਬਜ਼ਾ ਹੋਵੇਗਾ। ਇਸ ਦੇ ਨਾਲ ਹੀ ਸੰਜੇ ਸਿੰਘ ਨੇ ਆਖਿਆ ਕਿ ਅਕਾਲੀ ਦਲ ਤੋਂ ਮੁਅੱਤਲ ਕੀਤੇ ਗਏ ਪਰਗਟ ਸਿੰਘ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ।