Punjab News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਸਮੇਤ ਹੋਰ ਸਿੱਖ ਮਸਲਿਆਂ ਨੂੰ ਲੈ ਕੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਦਾ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਪੱਕਾ ਮੋਰਚਾ ਜਾਰੀ ਹੈ। ਬੀਤੇ ਦਿਨ ਬੀਬੀਆਂ ਨੇ ਮੋਰਚਾ ਸੰਭਾਲਿਆ। ਅੱਜ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਪੱਕੇ ਮੋਰਚੇ ਵਿੱਚ ਸ਼ਾਮਲ ਹੋਏ ਪੰਜਾਬ ਦੇ ਕਿਸਾਨਾਂ ਦਾ ਕੌਮੀ ਇਨਸਾਫ਼ ਮੋਰਚੇ ਦੇ ਪ੍ਰਬੰਧਕਾਂ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। 


ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਆਲ ਇੰਡੀਆ ਕਿਸਾਨ ਸਭਾ ਦੇ ਆਗੂ ਜਸਵੀਰ ਸਿੰਘ ਝੱਜ ਤੇ ਹੋਰ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘ ਦੀ ਰਿਹਾਈ ਲਈ ਚੱਲ ਰਹੇ ਪੱਕੇ ਮੋਰਚੇ ਦੀ ਹਮਾਇਤ ਵਿੱਚ ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕਰਕੇ ਸਮਰਥਨ ਦੇਣ ਦਾ ਐਲਾਨ ਕੀਤਾ ਹੈ।


ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਮੈਂਬਰ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਸਵੇਰੇ 10 ਵਜੇ ਮੁਹਾਲੀ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਤੇ ਬਾਅਦ ਦੁਪਹਿਰ 1 ਵਜੇ ਕਿਸਾਨਾਂ ਦੀ ਵੱਡੀ ਭੀੜ ਜਮ੍ਹਾਂ ਹੋ ਗਈ। ਇੱਥੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕਰਨ ਉਪਰੰਤ ਕਿਸਾਨ ਨੇ ਰੋਸ ਮਾਰਚ ਕਰਦੇ ਹੋਏ ਪੱਕੇ ਮੋਰਚੇ ਵਿੱਚ ਪਹੁੰਚੇ। 


ਕਿਸਾਨ ਆਗੂਆਂ ਨੇ ਕਿਹਾ ਕਿ ਸਜ਼ਾ ਪੂਰੀ ਹੋਣ ’ਤੇ ਵੀ ਕਿਸੇ ਕੈਦੀ ਨੂੰ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਰੱਖਣਾ ਗੈਰ ਕਾਨੂੰਨੀ ਅਤੇ ਮਨੁੱਖੀ ਅਧਿਕਾਰਾਂ ਤੇ ਡਾਕਾ ਅਤੇ ਕੁਦਰਤੀ ਇਨਸਾਫ਼ ਦੇ ਖ਼ਿਲਾਫ਼ ਹੈ। ਉਨ੍ਹਾਂ ਬੰਦੀ ਸਿੰਘਾਂ ਸਮੇਤ ਸਾਰੇ ਪੱਤਰਕਾਰਾਂ, ਬੁੱਧੀਜੀਵੀਆਂ ਅਤੇ ਸਿਆਸੀ ਵਿਰੋਧੀਆਂ ਦੀ ਰਿਹਾਈ ਦੀ ਮੰਗ ਕੀਤੀ, ਜਿਨ੍ਹਾਂ ਨੂੰ ਸਰਕਾਰ ਵਿਰੋਧੀ ਵਿਚਾਰਾਂ ਕਾਰਨ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ, ਨੂੰ ਤੁਰੰਤ ਰਿਹਾਅ ਕੀਤਾ ਜਾਵੇ। 


ਉਨ੍ਹਾਂ ਕਿਹਾ ਕਿ ਅੱਜ ਕੌਮੀ ਇਨਸਾਫ਼ ਮੋਰਚੇ ਦੇ ਪ੍ਰਮੁੱਖ ਆਗੂਆਂ ਨਾਲ ਮੀਟਿੰਗ ਕਰਕੇ ਸਾਂਝੇ ਤੌਰ ’ਤੇ ਅੰਦੋਲਨ ਨੂੰ ਤੇਜ਼ ਕਰਨ ਚਰਚਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੋਦੀ ਵਜ਼ਾਰਤ ’ਚੋਂ ਬਰਖ਼ਾਸਤ ਕਰਨ ਦੀ ਮੰਗ ਨੂੰ ਲੈ ਕੇ 20 ਮਾਰਚ ਨੂੰ ਦਿੱਲੀ ਵਿੱਚ ਕੌਮੀ ਪੱਧਰ ’ਤੇ ਇੱਕ ਰੋਜ਼ਾ ਅੰਦੋਲਨ ਕੀਤਾ ਜਾਵੇਗਾ ਜਿਸ ਵਿੱਚ 450 ਤੋਂ ਵੱਧ ਜਥੇਬੰਦੀਆਂ ਦੇ ਲੱਖਾਂ ਦੀ ਗਿਣਤੀ ਵਿੱਚ ਨੁਮਾਇੰਦੇ ਸ਼ਮੂਲੀਅਤ ਕਰਨਗੇ।


ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਵਿੱਚ ਸੋਮਵਾਰ ਨੂੰ ਵੱਡੇ ਜਥੇ ਨੇ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਸਰਕਾਰੀ ਰਿਹਾਇਸ਼ ਵੱਲ ਵਧਣ ਦਾ ਯਤਨ ਕੀਤਾ ਪਰ ਮੁਹਾਲੀ-ਯੂਟੀ ਦੇ ਐਂਟਰੀ ਪੁਆਇੰਟ ’ਤੇ ਤਾਇਨਾਤ ਭਾਰੀ ਪੁਲੀਸ ਬਲ ਨੇ ਪ੍ਰਦਰਸ਼ਨਕਾਰੀਆਂ ਦਾ ਰਾਹ ਡੱਕ ਲਿਆ। ਪੁਲਿਸ ਵੱਲੋਂ ਰੋਕੇ ਜਾਣ ’ਤੇ ਪ੍ਰਦਰਸ਼ਨਕਾਰੀ ਉੱਥੇ ਸ਼ਾਂਤਮਈ ਧਰਨੇ ’ਤੇ ਬੈਠ ਗਏ ਤੇ ਗੁਰਬਾਣੀ ਦਾ ਜਾਪ ਸ਼ੁਰੂ ਕਰ ਦਿੱਤਾ।