ਬਠਿੰਡਾ : ਪੰਥਕ ਧਿਰਾਂ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਨੇ ਦਮਦਮਾ ਸਾਹਿਬ ’ਚ 8 ਦਸੰਬਰ ਨੂੰ ਮੁੜ ਸਰਬੱਤ ਖ਼ਾਲਸਾ ਸੱਦਣ ਦਾ ਐਲਾਨ ਕਰ ਦਿੱਤਾ ਹੈ।ਯਾਦ ਰਹੇ ਕਿ ਇਸ ਦਿਨ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੋਗਾ ਵਿਚ ‘ਪਾਣੀ ਬਚਾਓ, ਪੰਜਾਬ ਬਚਾਓ’ ਰੈਲੀ ਕੀਤੀ ਜਾ ਰਹੀ ਹੈ। ਪਰ ਸਰਬੱਤ ਖਾਲਸਾ ਦੇ ਇਸ ਐਲਾਨ ਨਾਲ ਸੁਰਖਿਆ ਏਜੰਸੀਆਂ ਲਈ ਇੱਕ ਵੱਡੀ ਚੁਣੌਤੀ ਖੜੀ ਹੋ ਗਈ ਹੈ।
ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ, ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨੇ ਕਿਹਾ ਕਿ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਪੰਥਕ ਧਿਰਾਂ ਨਾਲ ਲੰਮੀ ਵਿਚਾਰ ਚਰਚਾ ਮਗਰੋਂ ਇਹ ਫ਼ੈਸਲਾ ਲਿਆ ਗਿਆ ਹੈ।
ਪੰਥਕ ਆਗੂਆਂ ਨੇ 8 ਦਸੰਬਰ ਦੀ ਚੋਣ ਇਸ ਕਰ ਕੇ ਕੀਤੀ ਹੈ ਕਿਉਂਕਿ ਪੰਜਾਬ ਪੁਲੀਸ ਹਾਕਮ ਗੱਠਜੋੜ ਦੀ ਰੈਲੀ ਵਿੱਚ ਉਲਝਿਆ ਹੋਵੇਗਾ। ਜ਼ਿਕਰਯੋਗ ਹੈ ਕਿ ਕਾਰਜਕਾਕੀ ਜਥੇਦਾਰਾਂ ਨੇ ਪਹਿਲਾਂ 10 ਨਵੰਬਰ ਨੂੰ ਦਮਦਮਾ ਸਾਹਿਬ ’ਚ ਸਰਬੱਤ ਖ਼ਾਲਸਾ ਸੱਦਿਆ ਸੀ ਜਿਸ ਨੂੰ ਪੁਲੀਸ ਨੇ ਸਫ਼ਲ ਨਹੀਂ ਹੋਣ ਦਿੱਤਾ ਸੀ।
ਸਰਬੱਤ ਖ਼ਾਲਸਾ ਦੇ ਪ੍ਰਬੰਧਕ ਭਾਈ ਗੁਰਦੀਪ ਸਿੰਘ ਬਠਿੰਡਾ ਨੇ ਕਿਹਾ ਕਿ ਸਰਬੱਤ ਖ਼ਾਲਸਾ ਪੁਰਅਮਨ ਤਰੀਕੇ ਨਾਲ ਹੋਵੇਗਾ ਜਿਸ ਨੂੰ ਸਾਬੋਤਾਜ ਕਰਨ ਵਾਸਤੇ ਸਰਕਾਰ ਕੋਈ ਵੀ ਪੱਤਾ ਖੇਡ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਥਕ ਧਿਰਾਂ ਵੱਲੋਂ ਪੰਜਾਬ ਦੇ ਹਰ ਭਾਈਚਾਰੇ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਸਰਬਤ ਖਾਲਸਾ ਦੇ ਜਥੇਦਾਰਾਂ ਨੇ 8 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੋਗਾ ਰੈਲੀ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਹੈ।