ਅੰਮ੍ਰਿਤਸਰ: ਪੰਜਾਬ ਦੇ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਦੇ ਧਾਰਮਿਕ ਮਾਮਲਿਆਂ ਬਾਰੇ ਸਲਾਹਕਾਰ ਅਤੇ ਦਿੱਲੀ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਕਹਿਣਾ ਹੈ ਕਿ ਸਰਕਾਰ ਨੂੰ ਬਰਗਾੜੀ ਕਾਂਡ 'ਤੇ ਤਿਆਰ ਰਿਪੋਰਟ ਜਨਤਕ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਿ ਇਸ ਲਈ ਉਹ ਮੁੱਖ ਮੰਤਰੀ ਨਾਲ ਮੀਟਿੰਗ ਵੀ ਕਰਨਗੇ ਤੇ ਜੇਕਰ ਸੀਬੀਆਈ ਜਾਂਚ ਵੀ ਕਰਨ ਦੀ ਜ਼ਰੂਰਤ ਹੈ ਤਾਂ ਇਸ ਨੂੰ ਸਮਾਂਬੱਧ ਕਰ ਕੇ ਜਲਦ ਪੂਰਾ ਕੀਤਾ ਜਾਵੇ। ਪਾਕਿਸਤਾਨ ਤੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧਿਤ ਪਾਕਿਸਤਾਨੀ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਪਰਤੇ ਪਰਮਜੀਤ ਸਰਨਾ ਤੇ ਹਰਵਿੰਦਰ ਸਰਨਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਕਾਸ਼ ਪੁਰਬ ਦੇ ਲਈ ਇਕ ਪੰਜ ਮੈਂਬਰੀ ਅੰਤਰਰਾਸ਼ਟਰੀ ਕਮੇਟੀ ਬਣਾਈ ਜਾਵੇਗੀ। ਸਰਨਾ ਭਰਾਵਾਂ ਨੇ ਦੱਸਿਆ ਕਿ ਉਨ੍ਹਾਂ ਪਾਕਿਸਤਾਨੀ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਪ੍ਰਕਾਸ਼ ਪੁਰਬ ਦੇ ਲਈ ਸਿੱਖ ਸ਼ਰਧਾਲੂਆਂ ਨੂੰ ਤਿੰਨ ਮਹੀਨੇ ਦਾ ਵੀਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਿਕ ਗੁਰਦਵਾਰੇ ਅਤੇ ਕਰਤਾਰਪੁਰ ਸਾਹਿਬ ਲਾਂਘੇ ਲਈ ਬੇੜੀਆਂ ਦਾ ਪੁਲ ਬਣਾਉਣ ਦੀ ਗੱਲ ਵੀ ਰੱਖੀ ਗਈ ਹੈ।