ਚੰਡੀਗੜ੍ਹ: ਸਤਲੁਜ-ਜਮਨਾ ਲਿੰਕ ਨਹਿਰ ਬਾਰੇ ਪੰਜਾਬ ਖਿਲਾਫ ਆਏ ਫੈਸਲੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਲੋਕ ਸਭ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਲੋਕ ਸਭਾ ਸਪੀਕਰ ਨੂੰ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਕਾਂਗਰਸ ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਨੇ ਇਸ ਫੈਸਲੇ ਨੂੰ ਪੰਜਾਬ ਨਾਲ ਧੱਕਾ ਕਰਾਰ ਦਿੰਦਿਆਂ ਹਰਸਿਮਰਤ ਕੌਰ ਬਾਦਲ ਨੂੰ ਵੀ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਕਿਹਾ ਹੈ। ਦੂਜੇ ਪਾਸੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਾਂਗਰਸੀ ਲੀਡਰਾਂ ਦੇ ਅਸਤੀਫਿਆਂ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇੱਕ ਵੀ ਬੂੰਦ ਪਾਣੀ ਹਰਿਆਣਾ ਨੂੰ ਨਹੀਂ ਦਿੱਤਾ ਜਾਏਗਾ। ਇਸ ਬਾਰੇ ਅਗਲੀ ਰਣਨੀਤੀ ਘੜਨ ਲਈ ਅੱਜ ਕੈਬਨਿਟ ਦੀ ਮੀਟਿੰਗ ਸੱਦੀ ਗਈ ਹੈ। ਕਾਬਲੇਗੌਰ ਹੈ ਕਿ ਸਤਲੁਜ ਯਮਨਾ ਲਿੰਕ ਨਹਿਰ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਵੱਲੋਂ ਪੰਜਾਬ ਨੂੰ ਝਟਕਾ ਦਿੱਤਾ ਗਿਆ ਹੈ। ਸੁਪਰੀਮ ਕੋਰਟ ਦੀ ਪੰਜ ਮੈਂਬਰੀ ਬੈਂਚ ਨੇ ਨਹਿਰ ਦਾ ਨਿਰਮਾਣ ਕਾਰਜ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਇਸ ਤਰ੍ਹਾਂ ਅਦਾਲਤ ਦਾ ਫ਼ੈਸਲਾ ਹਰਿਆਣਾ ਦੇ ਹਿੱਤ ਵਿੱਚ ਆਇਆ ਹੈ। ਅਦਾਲਤ ਨੇ ਪੰਜਾਬ ਵੱਲੋਂ ਪਾਣੀਆਂ ਸਬੰਧੀ 2004 ਦੇ ਰੱਦ ਕੀਤੇ ਗਏ ਸਮਝੌਤਿਆਂ ਨੂੰ ਗ਼ੈਰਕਾਨੂੰਨੀ ਕਰਾਰ ਦਿੱਤਾ ਹੈ।