Satyapal Malik News: ਜੰਮੂ-ਕਸ਼ਮੀਰ, ਗੋਆ ਅਤੇ ਮੇਘਾਲਿਆ ਦੇ ਰਾਜਪਾਲ ਰਹਿ ਚੁੱਕੇ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੱਤਿਆਪਾਲ ਮਲਿਕ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਆਖਰੀ ਸਾਹ ਲਏ। ਇਸ ਤੋਂ ਬਾਅਦ ਸਿਆਸੀ ਲੀਡਰਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਸਾਬਕਾ ਗਵਰਨਰ ਚੌਧਰੀ ਸਤਿਆਪਾਲ ਮਲਿਕ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬੇਹੱਦ ਦੁੱਖ ਹੋਇਆ। ਪਰਿਵਾਰ ਨਾਲ ਦਿਲੋਂ ਹਮਦਰਦੀ। ਉਹਨਾਂ ਨੇ ਹਮੇਸ਼ਾ ਕਿਸਾਨ ਅਤੇ ਆਮ ਲੋਕਾਂ ਦੇ ਮਸਲਿਆਂ ਨੂੰ ਤਰਜੀਹ ਦਿੱਤੀ ਅਤੇ ਸੱਚ ਦੀ ਆਵਾਜ਼ ਨੂੰ ਬੁਲੰਦ ਕੀਤਾ। ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਉਹ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਹੌਸਲਾ ਹਿੰਮਤ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ
ਦੱਸ ਦਈਏ ਕਿ ਗਵਰਨਰ ਸੱਤਿਆਪਾਲ ਮਲਿਕ ਕਿਸਾਨ ਅੰਦੋਲਨ ਵੇੇਲੇ ਅੰਦਲੋਨ ਨੂੰ ਸਮਰਥਨ ਦਿੱਤਾ ਸੀ ਅਤੇ ਉਹ ਅਕਸਰ ਆਪਣੇ ਬਿਆਨਾਂ ਕਰਕੇ ਚਰਚਾ ਵਿੱਚ ਰਹਿੰਦੇ ਸਨ। ਸੱਤਿਆਪਾਲ ਮਲਿਕ ਨੇ ਕਿਸਾਨ ਅੰਦੋਲਨ ਵੇਲੇ ਕਿਸਾਨਾਂ ਦੇ ਹੱਕ ਵਿੱਚ ਵੀ ਬਿਆਨ ਦਿੱਤਾ ਸੀ। ਜਾਣਕਾਰੀ ਮੁਤਾਬਕ ਉਨ੍ਹਾਂ ਦਾ ਅੰਤਿਮ ਸਸਕਾਰ ਕੱਲ੍ਹ ਕੀਤਾ ਜਾਵੇਗਾ। ਸੱਤਿਆਪਾਲ ਮਲਿਕ ਰਾਜ ਸਭਾ ਸਾਂਸਦ ਵੀ ਰਹਿ ਚੁੱਕੇ ਹਨ।
ਸੱਤਿਆਪਾਲ ਮਲਿਕ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਗਈ ਸੀ। ਸੱਤਿਆਪਾਲ ਮਲਿਕ ਬਿਹਾਰ ਦੇ ਰਾਜਪਾਲ ਵੀ ਸਨ। ਅਧਿਕਾਰਤ ਜਾਣਕਾਰੀ ਅਨੁਸਾਰ, ਸੱਤਿਆਪਾਲ ਮਲਿਕ ਨੂੰ ਗੁਰਦੇ ਦੀ ਸਮੱਸਿਆ ਸੀ।
ਤੁਹਾਨੂੰ ਦੱਸ ਦਈਏ ਕਿ ਜਦੋਂ ਜੰਮੂ-ਕਸ਼ਮੀਰ ਵਿੱਚ ਧਾਰਾ 370 ਅਤੇ ਧਾਰਾ 35A ਨੂੰ ਖਤਮ ਕੀਤਾ ਗਿਆ ਸੀ, ਤਾਂ ਉਸ ਸਮੇਂ ਸੱਤਿਆਪਾਲ ਮਲਿਕ ਰਾਜਪਾਲ ਸਨ। ਜਦੋਂ ਜੰਮੂ-ਕਸ਼ਮੀਰ ਨੂੰ ਪੂਰੇ ਰਾਜ ਦੀ ਬਜਾਏ ਕੇਂਦਰ ਸ਼ਾਸਤ ਪ੍ਰਦੇਸ਼ ਘੋਸ਼ਿਤ ਕੀਤਾ ਗਿਆ ਸੀ, ਤਾਂ ਸੱਤਿਆਪਾਲ ਮਲਿਕ ਕੇਂਦਰ ਸ਼ਾਸਤ ਪ੍ਰਦੇਸ਼ ਦੇ ਉਪ ਰਾਜਪਾਲ ਬਣੇ ਸਨ।