Amritpal Singh Arrest Operation : ਪੰਜਾਬ ਪੁਲਿਸ ਵੱਲੋਂ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਲਈ ਕਾਰਵਾਈ ਜਾਰੀ ਹੈ। ਇਸ ਦੇ ਨਾਲ ਹੀ ਭਗੌੜੇ ਅੰਮ੍ਰਿਤਪਾਲ ਦੇ ਸਮਰਥਕਾਂ ਖਿਲਾਫ ਵੀ ਪੰਜਾਬ ਦੀ ਕਾਰਵਾਈ ਜਾਰੀ ਹੈ। ਜਿਨ੍ਹਾਂ ਦੇਸ਼ਾਂ ਵਿਚ ਖਾਲਿਸਤਾਨ ਸਮਰਥਕਾਂ ਨੇ ਅੰਮ੍ਰਿਤਪਾਲ ਸਿੰਘ ਖਿਲਾਫ ਭਾਰਤ ਵਿਚ ਕੀਤੀ ਜਾ ਰਹੀ ਕਾਰਵਾਈ ਦਾ ਵਿਰੋਧ ਕੀਤਾ ਸੀ, ਉਨ੍ਹਾਂ ਦੇਸ਼ਾਂ ਖਿਲਾਫ ਵੀ ਕਾਰਵਾਈ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਭਾਰਤ ਦੀ ਸੁਪਰੀਮ ਕੋਰਟ ਦੇ ਇੱਕ ਵਕੀਲ ਨੇ ਅਮਰੀਕਾ ਦੇ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਦੇ ਖਿਲਾਫ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

 


 

ਸੁਪਰੀਮ ਕੋਰਟ ਦੇ ਵਕੀਲ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਕੇ ਖਾਲਿਸਤਾਨ ਪੱਖੀ ਪ੍ਰਦਰਸ਼ਨਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਇੰਨਾ ਹੀ ਨਹੀਂ ਵਕੀਲ ਵੱਲੋਂ ਪ੍ਰਦਰਸ਼ਨ ਕਰ ਰਹੇ ਖਾਲਿਸਤਾਨ ਸਮਰਥਕਾਂ ਦੇ ਪਾਸਪੋਰਟ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।

 



ਪਿਛਲੇ ਸ਼ਨੀਵਾਰ ਨੂੰ ਵਾਸ਼ਿੰਗਟਨ ਵਿਚ ਭਾਰਤੀ ਦੂਤਾਵਾਸ ਦੇ ਬਾਹਰ ਪ੍ਰਦਰਸ਼ਨ ਦੌਰਾਨ ਇਕ ਭਾਰਤੀ ਪੱਤਰਕਾਰ 'ਤੇ ਵੀ ਹਮਲਾ ਕੀਤਾ ਗਿਆ ਸੀ। ਪੱਤਰਕਾਰ ਲਲਿਤ ਝਾਅ ਖਾਲਿਸਤਾਨ ਸਮਰਥਕਾਂ ਦੇ ਪ੍ਰਦਰਸ਼ਨ ਦੀ ਕਵਰੇਜ ਕਰ ਰਹੇ ਸਨ। ਇਸ ਤੋਂ ਬਾਅਦ ਐਤਵਾਰ ਨੂੰ ਪੱਤਰਕਾਰ ਲਲਿਤ ਝਾਅ ਨੇ ਇਕ ਟਵੀਟ 'ਚ ਅਮਰੀਕੀ ਸੀਕ੍ਰੇਟ ਸਰਵਿਸ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਕੰਮ 'ਚ ਮਦਦ ਕਰਨ ਦੇ ਨਾਲ-ਨਾਲ ਖਾਲਿਸਤਾਨੀ ਸਮਰਥਕਾਂ ਦੇ ਵੀਡੀਓ ਵੀ ਸ਼ੇਅਰ ਕੀਤੇ ਸੀ। ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਦੂਤਘਰ ਦੇ ਬਾਹਰ ਖਾਲਿਸਤਾਨੀ ਝੰਡੇ ਲਹਿਰਾ ਕੇ ਅੰਮ੍ਰਿਤਪਾਲ ਦੇ ਸਮਰਥਨ 'ਚ ਪ੍ਰਦਰਸ਼ਨ ਕੀਤਾ ਅਤੇ ਦੂਤਾਵਾਸ ਨੂੰ ਤੋੜਫੋੜ ਦੀ ਧਮਕੀ ਦਿੱਤੀ ਸੀ।

ਦੂਜੇ ਦੇਸ਼ਾਂ ਵਿੱਚ ਵਿਰੋਧ ਪ੍ਰਦਰਸ਼ਨ


ਦੱਸ ਦਈਏ ਕਿ ਭਾਰਤ 'ਚ ਅੰਮ੍ਰਿਤਪਾਲ ਖਿਲਾਫ ਹੋ ਰਹੀ ਕਾਰਵਾਈ ਖਿਲਾਫ ਖਾਲਿਸਤਾਨੀ ਸਮਰਥਕਾਂ ਨੇ ਲੰਡਨ, ਅਮਰੀਕਾ ਅਤੇ ਕੈਨੇਡਾ 'ਚ ਵੀ ਪ੍ਰਦਰਸ਼ਨ ਕੀਤਾ ਸੀ। ਲੰਡਨ ਵਿੱਚ ਪਾਰਲੀਮੈਂਟ ਸਕੁਏਅਰ ਨੇੜੇ ਇਕੱਠੇ ਹੋਏ ਖਾਲਿਸਤਾਨੀ ਸਮਰਥਕ ਪ੍ਰਦਰਸ਼ਨਕਾਰੀ। ਇਸ ਦੌਰਾਨ ਉਨ੍ਹਾਂ ਦੇ ਹੱਥਾਂ ਵਿੱਚ ਖਾਲਿਸਤਾਨ ਦੇ ਝੰਡੇ ਅਤੇ ਬੈਨਰ ਵੀ ਸਨ।